Join WhatsApp

Join Now

ਅਗਨੀਵੀਰ ਆਰਮੀ ਭਰਤੀ ਸਬੰਧੀ ਪੰਜਾਬ ‘ਚ ਨੌਜਵਾਨਾਂ ਲਈ ਮੁਫ਼ਤ ਕੋਚਿੰਗ ਕੈਂਪ

On: ਅਗਸਤ 12, 2026 2:09 ਬਾਃ ਦੁਃ

 

ਅਗਨੀਵੀਰ ਆਰਮੀ ਭਰਤੀ ਸਬੰਧੀ ਪੰਜਾਬ ਵਿੱਚ ਨੌਜਵਾਨਾਂ ਲਈ ਮੁਫ਼ਤ ਕੋਚਿੰਗ ਕੈਂਪ; ਸਰੀਰਿਕ ਟੈਸਟ ਦੀ ਤਿਆਰੀ ਦੀ ਵਿਸ਼ੇਸ਼ ਸਿਖਲਾਈ 17 ਅਗਸਤ ਤੋਂ ਸ਼ੁਰੂ

ਮੋਗਾ, 12 ਅਗਸਤ 2026- ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਨੌਜਵਾਨਾਂ ਨੂੰ ਪੰਜਾਬ ਪੁਲਿਸ ਅਤੇ ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਵਿਸ਼ੇਸ਼ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸੀ-ਪਾਈਟ ਕੈਂਪ ਸਥਾਪਿਤ ਕੀਤੇ ਗਏ ਹਨ, ਜਿੱਥੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇ ਕੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।

ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ੍ਰੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਭਾਰਤੀ ਫੌਜ ਵੱਲੋਂ ਅਗਨੀਵੀਰ ਆਰਮੀ ਭਰਤੀ ਜੂਨ 2026 ਦੇ ਆਗਾਮੀ ਰਾਊਂਡ ਵਿੱਚ ਲਿਖਤੀ ਪ੍ਰੀਖਿਆ ਲਈ ਗਈ ਸੀ, ਜਿਸ ਦਾ ਨਤੀਜਾ ਐਲਾਨਿਆ ਜਾ ਚੁੱਕਾ ਹੈ। ਜਿਹੜੇ ਪ੍ਰਾਰਥੀ ਲਿਖਤੀ ਪ੍ਰੀਖਿਆ ਵਿੱਚ ਪਾਸ ਹੋ ਗਏ ਹਨ, ਉਹ ਫਿਜ਼ੀਕਲ ਟੈਸਟ ਦੀ ਤਿਆਰੀ ਸੀ-ਪਾਈਟ ਕੈਂਪ ਰਾਹੀਂ ਮੁਫ਼ਤ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਸਬੰਧੀ ਵਿਸ਼ੇਸ਼ ਸਿਖਲਾਈ 17 ਅਗਸਤ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅਗਨੀਵੀਰ ਆਰਮੀ ਭਰਤੀ ਦੀ ਅਗਲੀ ਮਿਤੀ 01 ਅਕਤੂਬਰ 2026 ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਚਾਹਵਾਨ ਪ੍ਰਾਰਥੀ ਇਸ ਮੁਫ਼ਤ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ।

ਸ੍ਰੀ ਜਸਵਿੰਦਰ ਸਿੰਘ ਨੇ ਮੋਗਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਚਾਹਵਾਨ ਪ੍ਰਾਰਥੀ ਕੈਂਪ ਵਿੱਚ ਜਾਣ ਸਮੇਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਦੀ ਕਾਪੀ, ਦਸਵੀਂ ਦਾ ਸਰਟੀਫਿਕੇਟ, ਪੰਜਾਬ ਰੈਜ਼ੀਡੈਂਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣ।

ਉਨ੍ਹਾਂ ਦੱਸਿਆ ਕਿ ਸਿਖਲਾਈ ਕੈਂਪ ਦੌਰਾਨ ਪ੍ਰਾਰਥੀਆਂ ਨੂੰ ਫਿਜ਼ੀਕਲ ਟੈਸਟ ਦੀ ਤਿਆਰੀ ਦੇ ਨਾਲ-ਨਾਲ ਲੋੜੀਂਦੀ ਸਰੀਰਕ ਸਿਖਲਾਈ ਵੀ ਮੁਹੱਈਆ ਕਰਵਾਈ ਜਾਵੇਗੀ। ਰਜਿਸਟ੍ਰੇਸ਼ਨ ਦਾ ਸਮਾਂ ਸਵੇਰੇ 09:00 ਵਜੇ ਤੋਂ 11:30 ਵਜੇ ਤੱਕ ਰਹੇਗਾ।

ਉਨ੍ਹਾਂ ਕਿਹਾ ਕਿ ਸੀ-ਪਾਈਟ ਕੈਂਪ ਵੱਲੋਂ ਟੈਸਟ ਦੀ ਤਿਆਰੀ, ਖਾਣਾ ਅਤੇ ਰਹਿਣ-ਸਹਿਣ ਦੀਆਂ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਨਾਲ ਸੰਪਰਕ ਕਰ ਸਕਦੇ ਹਨ।

 

Leave a Comment