ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਲਈ ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਦੀ ਮੁਫ਼ਤ ਕੋਚਿੰਗ ਸ਼ੁਰੂ
31 ਜੁਲਾਈ ਤੱਕ ਅਰਜ਼ੀਆਂ, 28 ਨਵੰਬਰ ਨੂੰ ਹੋਵੇਗੀ ਪ੍ਰੀਖਿਆ
ਪਠਾਨਕੋਟ, 10 ਜੁਲਾਈ 2026- ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਹੋਣਹਾਰ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐਸਸੀਈਆਰਟੀ), ਪੰਜਾਬ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2027 ਲਈ ਮੁਫ਼ਤ ਕੋਚਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਪਹਿਲ ਦਾ ਮਕਸਦ ਪੇਂਡੂ ਖੇਤਰਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਨਵੋਦਿਆ ਵਿਦਿਆਲਿਆ ਵਿੱਚ ਦਾਖਲੇ ਲਈ ਯੋਗ ਤਿਆਰੀ ਕਰਵਾਉਣਾ ਹੈ, ਤਾਂ ਜੋ ਉਹ ਰਾਸ਼ਟਰੀ ਪੱਧਰ ਦੀ ਇਸ ਪ੍ਰਤੀਯੋਗੀ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰ ਸਕਣ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ/ਸੈਕੰਡਰੀ) ਪਠਾਨਕੋਟ ਸ਼੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਡੀ. ਜੀ. ਸਿੰਘ ਨੇ ਦੱਸਿਆ ਕਿ ਐਸਸੀਈਆਰਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਠਾਨਕੋਟ ਸਮੇਤ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਐੱਸ.ਏ.ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਹੋਰ ਸਬੰਧਤ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਪੰਜਵੀਂ ਜਮਾਤ ਦੇ ਯੋਗ ਵਿਦਿਆਰਥੀਆਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ “ਮਿਸ਼ਨ ਜਾਗਰੂਕਤਾ” ਤਹਿਤ ਹੁਕੜਾਂ ਬ੍ਰਦਰਜ਼ ਦੇ ਸਹਿਯੋਗ ਨਾਲ ਇਹ ਮੁਫ਼ਤ ਕੋਚਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਨਵੋਦਿਆ ਪ੍ਰਵੇਸ਼ ਪ੍ਰੀਖਿਆ ਦੇ ਸਿਲੇਬਸ ਅਨੁਸਾਰ ਮਾਹਿਰ ਅਧਿਆਪਕਾਂ ਵੱਲੋਂ ਗਣਿਤ, ਮਾਨਸਿਕ ਯੋਗਤਾ, ਭਾਸ਼ਾ ਅਤੇ ਤਰਕਸ਼ੀਲ ਪ੍ਰਸ਼ਨਾਂ ਦੀ ਵਿਸ਼ੇਸ਼ ਤਿਆਰੀ ਕਰਵਾਈ ਜਾ ਰਹੀ ਹੈ। ਇਸ ਨਾਲ ਵਿਦਿਆਰਥੀਆਂ ਦੀ ਬੌਧਿਕ ਸਮਰੱਥਾ, ਵਿਸ਼ਲੇਸ਼ਣਾਤਮਕ ਸੋਚ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਆਤਮ-ਵਿਸ਼ਵਾਸ ਵਿੱਚ ਵਾਧਾ ਹੋਵੇਗਾ।
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਹੁਕੜਾਂ ਬ੍ਰਦਰਜ਼ ਦੇ ਸੰਸਥਾਪਕ ਸ੍ਰੀ ਰਾਮ ਦਿਆਲ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ (ਵਿਜ਼ਿਟ) ਕਰਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਨਵੋਦਿਆ ਪ੍ਰਵੇਸ਼ ਪ੍ਰੀਖਿਆ, ਮੁਫ਼ਤ ਕੋਚਿੰਗ ਅਤੇ ਦਾਖਲਾ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਯੋਗ ਵਿਦਿਆਰਥੀ ਇਸ ਯੋਜਨਾ ਦਾ ਲਾਭ ਲੈ ਸਕਣ।
ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਕਮਲਦੀਪ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਹੋਣਹਾਰ ਬੱਚਿਆਂ ਲਈ ਇਹ ਬਹੁਤ ਹੀ ਸੁਨਹਿਰਾ ਮੌਕਾ ਹੈ। ਉਨ੍ਹਾਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਪੰਜਵੀਂ ਜਮਾਤ ਦੇ ਯੋਗ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਮਾਪਿਆਂ ਨਾਲ ਸੰਪਰਕ ਕਰਨ ਅਤੇ ਨਵੋਦਿਆ ਵਿਦਿਆਲਿਆ ਦੀ ਮਹੱਤਤਾ, ਦਾਖਲਾ ਪ੍ਰਕਿਰਿਆ ਅਤੇ ਮੁਫ਼ਤ ਕੋਚਿੰਗ ਦੇ ਲਾਭਾਂ ਬਾਰੇ ਜਾਣੂ ਕਰਵਾਉਣ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਡੀ. ਜੀ. ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 31 ਜੁਲਾਈ 2026 ਨਿਰਧਾਰਤ ਕੀਤੀ ਗਈ ਹੈ, ਜਦਕਿ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 28 ਨਵੰਬਰ 2026 ਨੂੰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸਕੂਲ ਸਮੇਂ ਸਿਰ ਯੋਗ ਵਿਦਿਆਰਥੀਆਂ ਦੀਆਂ ਅਰਜ਼ੀਆਂ ਭਰਵਾਉਣ ਅਤੇ ਕਿਸੇ ਵੀ ਯੋਗ ਬੱਚੇ ਨੂੰ ਇਸ ਮੌਕੇ ਤੋਂ ਵਾਂਝਾ ਨਾ ਰਹਿਣ ਦੇਣ।
ਹੁੱਕੜ ਬ੍ਰਦਰਜ਼ ਦੇ ਸੰਸਥਾਪਕ ਸ੍ਰੀ ਰਾਮ ਦਿਆਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੇਸ਼ ਦੀਆਂ ਪ੍ਰਮੁੱਖ ਰਿਹਾਇਸ਼ੀ ਸਿੱਖਿਆ ਸੰਸਥਾਵਾਂ ਵਿੱਚੋਂ ਇੱਕ ਹਨ, ਜਿੱਥੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਗੁਣਵੱਤਾ ਭਰਪੂਰ ਸਿੱਖਿਆ, ਰਿਹਾਇਸ਼, ਭੋਜਨ, ਆਧੁਨਿਕ ਸਹੂਲਤਾਂ ਅਤੇ ਸਰਵਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ। ਐਸਸੀਈਆਰਟੀ ਅਤੇ ਸਿੱਖਿਆ ਵਿਭਾਗ ਦੀ ਇਹ ਸਾਂਝੀ ਪਹਿਲ ਪੇਂਡੂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਪ੍ਰਤਿਭਾਸ਼ਾਲੀ ਬੱਚਿਆਂ ਲਈ ਉੱਚ ਸਿੱਖਿਆ ਦੇ ਨਵੇਂ ਰਾਹ ਖੋਲ੍ਹੇਗੀ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਮੁਫ਼ਤ ਕੋਚਿੰਗ ਨਾਲ ਜੋੜ ਕੇ ਸਮੇਂ ਸਿਰ ਅਰਜ਼ੀ ਭਰਵਾਉਣ ਅਤੇ ਇਸ ਸੁਨਹਿਰੇ ਮੌਕੇ ਦਾ ਪੂਰਾ ਲਾਭ ਉਠਾਉਣ।
ਇਸ ਮੌਕੇ ਸੰਜੀਵ ਮਨੀ ਸਮਾਰਟ ਸਕੂਲ ਕੋਆਰਡੀਨੇਟਰ, ਹਰਪ੍ਰੀਤ, ਨਿਧੀ, ਅੰਜੂ , ਪੂਜਾ, ਕਵਿੰਦਰ ਕੁਮਾਰ, ਤੇਜਵੀਰ, ਬਲਕਾਰ ਅੱਤਰੀ, ਆਦਿ ਹਾਜ਼ਰ ਸਨ।



















