Join WhatsApp

Join Now

ਗੁਲਜ਼ਾਰ ਸਿੰਘ ਸੁਸਾਈਡ ਕੇਸ! ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ; ਕੌਮੀ SC ਕਮਿਸ਼ਨ ਨੇ ਮੰਗੀ ਵਿਸਥਾਰਤ ਰਿਪੋਰਟ

On: ਸਤੰਬਰ 9, 2026 11:11 ਪੂਃ ਦੁਃ

 

ਗੁਲਜ਼ਾਰ ਸਿੰਘ ਸੁਸਾਈਡ ਕੇਸ! ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ; ਕੌਮੀ SC ਕਮਿਸ਼ਨ ਨੇ ਮੰਗੀ ਵਿਸਥਾਰਤ ਰਿਪੋਰਟ

ਸੰਗਰੂਰ/ਚੰਡੀਗੜ੍ਹ, 9 ਸਤੰਬਰ 2026- ਸੰਗਰੂਰ ਜ਼ਿਲ੍ਹੇ ਦੇ ਪਿੰਡ ਤੂਰਬੰਜਾਰਾ ਦੇ ਰਹਿਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਅਤੇ ਮੌਤ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਜਾਰੀ ਕੀਤੀ ਗਈ ਵੀਡੀਓ ਵਿੱਚ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐੱਨਸੀਐੱਸਸੀ) ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਸਬੰਧਤ ਅਧਿਕਾਰੀਆਂ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ।

ਕਮਿਸ਼ਨ ਵੱਲੋਂ ਇਹ ਕਾਰਵਾਈ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੁਰਾਲ ਵੱਲੋਂ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਕੀਤੀ ਗਈ ਹੈ। ਅੰਗੁਰਾਲ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਢੁੱਕਵੀਂ ਕਾਰਵਾਈ ਕੀਤੀ ਜਾਵੇ ਅਤੇ ਮੌਤ ਤੋਂ ਪਹਿਲਾਂ ਜਾਰੀ ਹੋਈ ਵੀਡੀਓ ਵਿੱਚ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਅਤੇ ਗਹਿਰਾਈ ਨਾਲ ਜਾਂਚ ਕਰਵਾਈ ਜਾਵੇ।

ਆਪਣੇ ਮੰਗ ਪੱਤਰ ਵਿੱਚ ਸ਼ੀਤਲ ਅੰਗੁਰਾਲ ਨੇ ਗੁਲਜ਼ਾਰ ਸਿੰਘ ਦੀ ਮੌਤ ਦੇ ਹਾਲਾਤਾਂ ਦੀ ਵਿਸਥਾਰਤ ਜਾਂਚ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਮਾਮਲੇ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਪੰਜਾਬ ਦੇ ਸਬੰਧਤ ਅਧਿਕਾਰੀਆਂ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਦੂਜੇ ਪਾਸੇ, ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਨੇ ਮੰਗਲਵਾਰ ਨੂੰ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਸੰਗਰੂਰ ਦੇ ਗੁਲਜ਼ਾਰ ਸਿੰਘ ਦੀ ਕਥਿਤ ਖੁਦਕੁਸ਼ੀ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਉਠਾਉਣ ਵਾਲਿਆਂ ਨਾਲ ਕਥਿਤ ਤੌਰ ’ਤੇ ਸਖ਼ਤੀ ਅਤੇ ਜ਼ੁਲਮ ਵਾਲਾ ਰਵੱਈਆ ਅਪਣਾਇਆ ਜਾਂਦਾ ਹੈ।

ਵੇਰਕਾ ਨੇ ਕਿਹਾ ਕਿ ਤੂਰਬੰਜਾਰਾ ਪਿੰਡ ਦੇ ਦਿਹਾੜੀਦਾਰ ਮਜ਼ਦੂਰ ਗੁਲਜ਼ਾਰ ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਵਾਜ਼ ਉਠਾਈ ਸੀ ਅਤੇ ਇਸ ਸਬੰਧੀ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਕਰਨ ਵਾਲਿਆਂ ਨਾਲ ਕਥਿਤ ਤੌਰ ’ਤੇ ਮਾੜਾ ਸਲੂਕ ਕੀਤਾ ਜਾਂਦਾ ਹੈ।

ਉਪਲਬਧ ਜਾਣਕਾਰੀ ਅਨੁਸਾਰ, ਗੁਲਜ਼ਾਰ ਸਿੰਘ ਨੇ ਦਿੜ੍ਹਬਾ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਇੱਕ ਪ੍ਰੋਗਰਾਮ ਦੌਰਾਨ ਸੰਗਰੂਰ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਅਤੇ ਨਸ਼ੇ ਦੀ ਸਮੱਸਿਆ ਦਾ ਮੁੱਦਾ ਉਠਾਉਣ ਦੀ ਕੋਸ਼ਿਸ਼ ਕੀਤੀ ਸੀ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਇਸ ਤੋਂ ਬਾਅਦ ਉਨ੍ਹਾਂ ’ਤੇ ਜਨਤਕ ਤੌਰ ’ਤੇ ਮਾਫ਼ੀ ਮੰਗਣ ਲਈ ਦਬਾਅ ਬਣਾਇਆ ਗਿਆ।

ਜ਼ਹਿਰ ਖਾਣ ਤੋਂ ਬਾਅਦ ਗੁਲਜ਼ਾਰ ਸਿੰਘ ਵੱਲੋਂ ਬਣਾਈ ਗਈ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋਈ, ਜਿਸ ਵਿੱਚ ਉਨ੍ਹਾਂ ਨੇ ਕਈ ਗੰਭੀਰ ਦੋਸ਼ ਲਗਾਏ। ਵੀਡੀਓ ਵਿੱਚ ਉਨ੍ਹਾਂ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਕਥਿਤ ਤੌਰ ’ਤੇ ‘ਚਿੱਟੇ’ ਦੀ ਲਤ ਲੱਗ ਗਈ ਸੀ ਅਤੇ ਇਸ ਕਾਰਨ ਪਰਿਵਾਰ ਨੂੰ ਆਪਣਾ ਘਰ ਤੱਕ ਵੇਚਣਾ ਪਿਆ।

ਜ਼ਹਿਰ ਖਾਣ ਤੋਂ ਬਾਅਦ ਗੁਲਜ਼ਾਰ ਸਿੰਘ ਨੂੰ ਪਹਿਲਾਂ ਉਮੀਦ ਮਲਟੀ-ਸਪੈਸ਼ਲਿਟੀ ਹਸਪਤਾਲ ਲਿਜਾਇਆ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਇਲਾਜ ਲਈ ਡੀਐੱਮਸੀ ਲੁਧਿਆਣਾ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਵੀ ਭਾਰੀ ਹੰਗਾਮਾ ਹੋਇਆ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵਿੱਚ ਇਸ ਗੱਲ ਨੂੰ ਲੈ ਕੇ ਰੋਸ ਦੇਖਣ ਨੂੰ ਮਿਲਿਆ ਕਿ ਮਾਮਲੇ ਵਿੱਚ ਨਿਰਪੱਖ ਕਾਰਵਾਈ ਕਰਨ ਦੀ ਬਜਾਏ ਪ੍ਰਸ਼ਾਸਨ ਕਥਿਤ ਤੌਰ ’ਤੇ ਜਲਦਬਾਜ਼ੀ ਵਿੱਚ ਮਾਮਲਾ ਨਿਪਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਵਿਵਾਦ ਉਸ ਸਮੇਂ ਹੋਰ ਵੱਧ ਗਿਆ ਜਦੋਂ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਅੰਤਿਮ ਸੰਸਕਾਰ ਤੋਂ ਪਹਿਲਾਂ ਗੁਲਜ਼ਾਰ ਸਿੰਘ ਦਾ ਚਿਹਰਾ ਆਖ਼ਰੀ ਵਾਰ ਦੇਖਣ ਦੀ ਵੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਕਾਰਨ ਸ਼ਮਸ਼ਾਨਘਾਟ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਗੁੱਸੇ ਵਿੱਚ ਆਏ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਇੱਕ ਸਮੇਂ ਤਾਂ ਚਿਤਾ ਲਈ ਰੱਖੀਆਂ ਲੱਕੜਾਂ ਵੀ ਹਟਾ ਦਿੱਤੀਆਂ ਗਈਆਂ ਅਤੇ ਮੌਕੇ ’ਤੇ ਨਾਅਰੇਬਾਜ਼ੀ ਸ਼ੁਰੂ ਹੋ ਗਈ।

ਸਥਿਤੀ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰਨਾ ਪਿਆ। ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਵਿਚਾਲੇ ਕਰੀਬ ਅੱਧਾ ਘੰਟਾ ਗੱਲਬਾਤ ਅਤੇ ਤਿੱਖੀ ਬਹਿਸ ਚੱਲੀ। ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਗਿਆ।

ਮਾਮਲੇ ਨੂੰ ਲੈ ਕੇ ਪਿੰਡ ਵਿੱਚ ਪੁਲਿਸ ਗਸ਼ਤ ਵੀ ਵਧਾ ਦਿੱਤੀ ਗਈ ਹੈ। ਹੁਣ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਿਪੋਰਟ ਮੰਗੇ ਜਾਣ ਨਾਲ ਇਹ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਗੁਲਜ਼ਾਰ ਸਿੰਘ ਦੀ ਮੌਤ, ਉਨ੍ਹਾਂ ਦੀ ਵਾਇਰਲ ਵੀਡੀਓ ਵਿੱਚ ਲਗਾਏ ਗਏ ਦੋਸ਼ ਅਤੇ ਪਰਿਵਾਰ ਵੱਲੋਂ ਉਠਾਏ ਜਾ ਰਹੇ ਸਵਾਲਾਂ ਦੀ ਜਾਂਚ ’ਤੇ ਹੁਣ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

 

More

8th Pay Commission Latest Update: 8ਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: ਪੁਰਾਣੀ ਪੈਨਸ਼ਨ ਸਕੀਮ ਵਾਲੇ ਪੈਨਸ਼ਨਰਾਂ ਦੇ ਫਿਟਮੈਂਟ ਫੈਕਟਰ ’ਤੇ ਉੱਠੇ ਸਵਾਲ

ਵੱਡੀ ਖ਼ਬਰ: ਪੰਜਾਬ ‘ਚ ਮੁਫ਼ਤ ਬਿਜਲੀ ਦੀ ਕੀਮਤ PSPCL ’ਤੇ ਪਈ ਭਾਰੀ! ਸਰਕਾਰ ਵੱਲ 7550 ਕਰੋੜ ਸਬਸਿਡੀ ਬਕਾਇਆ- ਸਰਕਾਰੀ ਗਾਰੰਟੀ ਤੋਂ ਬਿਨਾਂ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ

Singer Ammy Virk Firing News: ਪੰਜਾਬੀ ਗਾਇਕ ਐਮੀ ਵਿਰਕ ‘ਤੇ ਫਾਇਰਿੰਗ ਦੀਆਂ ਖ਼ਬਰਾਂ ਦਾ ਸੱਚ ਆਇਆ ਸਾਹਮਣੇ, ਪਿਤਾ ਨੇ ਦਿੱਤਾ ਵੱਡਾ ਬਿਆਨ

ਵੱਡੀ ਖ਼ਬਰ: ਕਿਸਾਨ ਲੀਡਰ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਕੀਤਾ ਘਰ ਚ ਨਜ਼ਰਬੰਦ

ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ 11 ਸਤੰਬਰ ਤੱਕ ਵਧੀ! ਸਾਰੇ ਕੰਮਕਾਜ ਠੱਪ

ਪੰਜਾਬ ‘ਚ ਅਵਾਰਾ ਕੁੱਤਿਆਂ ਦਾ ਕਹਿਰ! ਦੋ ਸਾਲਾ ਮਾਸੂਮ ਨੂੰ ਬੁਰੀ ਤਰ੍ਹਾਂ ਨੋਚਿਆ- “ਕੁੱਤਾ ਪ੍ਰੇਮੀ ਚੁੱਪ”

Leave a Comment