Join WhatsApp

Join Now

ਮੈਨੂੰ ਫ਼ਾਂਸੀ ਚਾੜ੍ਹ ਦਿਓ ਜਾਂ…. ਬਸ ਮਾਮਲੇ ਨੂੰ ਹੋਰ ਨਾ ਲਟਕਾਓ! ਭਾਈ ਰਾਜੋਆਣਾ ਨੇ ਮੋਦੀ ਨੂੰ ਲਿਖੀ ਖੁੱਲ੍ਹੀ ਚਿੱਠੀ!

On: ਸਤੰਬਰ 17, 2026 1:24 ਬਾਃ ਦੁਃ

 

ਮੈਨੂੰ ਫ਼ਾਂਸੀ ਚਾੜ੍ਹ ਦਿਓ ਜਾਂ…. ਬਸ ਮਾਮਲੇ ਨੂੰ ਹੋਰ ਨਾ ਲਟਕਾਓ! ਭਾਈ ਰਾਜੋਆਣਾ ਨੇ ਮੋਦੀ ਨੂੰ ਲਿਖੀ ਖੁੱਲ੍ਹੀ ਚਿੱਠੀ!

’31 ਸਾਲਾਂ ਤੋਂ ਬੰਦ ਹਾਂ, ਰਹਿਮ ਦੀ ਅਪੀਲ ‘ਤੇ ਜਲਦ ਲਓ ਫ਼ੈਸਲਾ’- ਰਾਜੋਆਣਾ ਨੇ ਜੇਲ੍ਹ ਤੋਂ PM ਮੋਦੀ ਨੂੰ ਲਿਖੀ ਚਿੱਠੀ

ਪਟਿਆਲਾ, 17 ਸਤੰਬਰ 2026- ਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਨਰਿੰਦਰ ਮੋਦੀ ਨੂੰ ਇਕ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਨੇ ਆਪਣੀ ਰਹਿਮ ਦੀ ਅਪੀਲ ‘ਤੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੇ ਅੰਤਿਮ ਫ਼ੈਸਲਾ ਨੂੰ ਜਲਦ ਤੋਂ ਜਲਦ ਸੁਣਾਉਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ PM ਨੂੰ ਅਪੀਲ ਕਰਦਿਆਂ ਸਾਫ਼ ਕਿਹਾ ਹੈ ਕਿ ਉਨ੍ਹਾਂ ਦੀ ਰਹਿਮ ਦੀ ਅਪੀਲ ‘ਤੇ ਬਿਨਾਂ ਕਿਸੇ ਦੇਰੀ ਦੇ ਸਰਕਾਰ ਆਪਣਾ ਨਿਰਣਾ ਲਵੇ, ਚਾਹੇ ਉਹ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਣ ਦਾ ਹੀ ਕਿਉਂ ਨਾ ਹੋਵੇ।

ਬਲਵੰਤ ਸਿੰਘ ਰਾਜੋਆਣਾ ਨੇ ਪੱਤਰ ਵਿੱਚ ਦੱਸਿਆ ਕਿ ਉਹ ਪਿਛਲੇ 31 ਸਾਲਾਂ ਤੋਂ ਜੇਲ੍ਹ ਦੀਆਂ ਚਾਰ ਦੀਵਾਰੀਆਂ ਵਿੱਚ ਬੰਦ ਹਨ ਅਤੇ ਲੰਮੇ ਸਮੇਂ ਤੋਂ ਆਪਣੀ ਫਾਂਸੀ ਦੀ ਸਜ਼ਾ ਬਾਰੇ ਅੰਤਿਮ ਫ਼ੈਸਲੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਹਿਮ ਦੀ ਅਪੀਲ ‘ਤੇ ਪਿਛਲੇ 15 ਸਾਲਾਂ ਤੋਂ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ, ਜੋ ਕਿ ਕਾਨੂੰਨੀ ਅਤੇ ਮਾਨਵੀ ਅਧਿਕਾਰਾਂ ਦੇ ਨਜ਼ਰੀਏ ਤੋਂ ਅਨਿਆਂਪੂਰਨ ਹੈ। ਰਾਜੋਆਣਾ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਅਦਾਲਤ ਵਿੱਚ ਆਪਣੇ ਕੀਤੇ ਕੰਮ ਨੂੰ ਲੁਕਾਉਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਅਦਾਲਤ ਵੱਲੋਂ ਸੁਣਾਈ ਗਈ ਫਾਂਸੀ ਦੀ ਸਜ਼ਾ ਨੂੰ ਵੀ ਖੁੱਲ੍ਹੇ ਦਿਲ ਨਾਲ ਸਵੀਕਾਰ ਕੀਤਾ ਸੀ।

ਆਪਣੀ ਚਿੱਠੀ ਵਿੱਚ ਰਾਜੋਆਣਾ ਨੇ ਸਾਲ 2012 ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਅਦਾਲਤ ਵੱਲੋਂ ਉਨ੍ਹਾਂ ਦੇ ਫਾਂਸੀ ਦੇ ਵਾਰੰਟ ਜਾਰੀ ਕੀਤੇ ਗਏ ਸਨ, ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਦੇਸ਼ ਦੇ ਰਾਸ਼ਟਰਪਤੀ ਕੋਲ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਕਰਨ ਲਈ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ। ਇਸ ਅਪੀਲ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਫਾਂਸੀ ਦੀ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਗਈ ਸੀ। ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਉਸ ਤੋਂ ਬਾਅਦ ਅੱਜ ਤੱਕ ਇਸ ਅਪੀਲ ‘ਤੇ ਕੋਈ ਠੋਸ ਨਿਰਣਾ ਨਹੀਂ ਲਿਆ ਗਿਆ।

ਰਾਜੋਆਣਾ ਨੇ ਦਾਅਵਾ ਕੀਤਾ ਕਿ ਸੁਪਰੀਮ ਕੋਰਟ ਵੱਲੋਂ ਵਾਰ-ਵਾਰ ਨਿਰਦੇਸ਼ ਅਤੇ ਹੁਕਮ ਦਿੱਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਰਹਿਮ ਦੀ ਅਪੀਲ ‘ਤੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ। ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਨੂੰ ਦੇਸ਼ ਦੀ ਆਂਤਰਿਕ ਸੁਰੱਖਿਆ ਨਾਲ ਜੋੜੇ ਜਾਣ ‘ਤੇ ਵੀ ਰਾਜੋਆਣਾ ਨੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਪਿਛਲੇ ਤਿੰਨ ਦਹਾਕਿਆਂ (31 ਸਾਲਾਂ) ਤੋਂ ਜੇਲ੍ਹ ਵਿੱਚ ਬੰਦ ਇੱਕ ਕੈਦੀ ਕਾਰਨ ਦੇਸ਼ ਦੀ ਸੁਰੱਖਿਆ ਨੂੰ ਕਿਸ ਤਰ੍ਹਾਂ ਖ਼ਤਰਾ ਹੋ ਸਕਦਾ ਹੈ? ਇਹ ਤਰਕ ਸਮਝ ਤੋਂ ਬਾਹਰ ਹੈ।

ਪੱਤਰ ਵਿੱਚ ਆਪਣੇ ਮਨ ਦਾ ਦਰਦ ਬਿਆਨ ਕਰਦਿਆਂ ਰਾਜੋਆਣਾ ਨੇ ਕਿਹਾ ਕਿ ਕਿਸੇ ਮਾਮਲੇ ‘ਤੇ ਬਿਨਾਂ ਕਿਸੇ ਫ਼ੈਸਲੇ ਦੇ ਲੰਬੇ ਸਮੇਂ ਤੱਕ ਕੈਦੀ ਨੂੰ ਉਡੀਕ ਵਿੱਚ ਰੱਖਣਾ ਮੌਤ ਦੀ ਸਜ਼ਾ ਨਾਲੋਂ ਵੀ ਵੱਡੀ ਮਾਨਸਿਕ ਸਜ਼ਾ ਹੈ। ਹਰ ਦਿਨ ਅਨਿਸ਼ਚਿਤਤਾ ਦੇ ਮਾਹੌਲ ਵਿੱਚ ਜਿਊਣਾ ਮਨੁੱਖੀ ਸੰਵੇਦਨਾਵਾਂ ਦਾ ਘਾਣ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਵਿੱਚ ਕੇਂਦਰੀ ਤੇ ਰਾਜ ਏਜੰਸੀਆਂ ਦੀ ਕਾਰਗੁਜ਼ਾਰੀ ਅਤੇ ਸੂਬੇ ਦੇ ਰਾਜਨੀਤਿਕ ਮਾਮਲਿਆਂ ਨੂੰ ਲੈ ਕੇ ਵੀ ਆਪਣੇ ਪੱਤਰ ਵਿੱਚ ਕਈ ਤਿੱਖੇ ਸਵਾਲ ਚੁੱਕੇ ਹਨ।

ਚਿੱਠੀ ਦੇ ਅੰਤ ਵਿੱਚ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਰਹਿਮ ਦੀ ਅਪੀਲ ‘ਤੇ ਹੋਰ ਦੇਰੀ ਨਾ ਕੀਤੀ ਜਾਵੇ ਅਤੇ ਸਰਕਾਰ ਵੱਲੋਂ ਜਲਦ ਤੋਂ ਜਲਦ ਕੋਈ ਅੰਤਿਮ ਫ਼ੈਸਲਾ ਲਿਆ ਜਾਵੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕੇਂਦਰ ਸਰਕਾਰ ਉਨ੍ਹਾਂ ਨੂੰ ਫਾਂਸੀ ਦੇਣ ਦਾ ਫ਼ੈਸਲਾ ਕਰਦੀ ਹੈ, ਤਾਂ ਵੀ ਇਸ ਮਾਮਲੇ ਨੂੰ ਹੋਰ ਲੰਬਾ ਨਾ ਖਿੱਚਿਆ ਜਾਵੇ ਅਤੇ ਫ਼ੈਸਲਾ ਤੁਰੰਤ ਲਾਗੂ ਕੀਤਾ ਜਾਵੇ ਤਾਂ ਜੋ ਇਸ ਲੰਬੀ ਉਡੀਕ ਦਾ ਅੰਤ ਹੋ ਸਕੇ।

 

Leave a Comment