- ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋ ਮੁੱਖ ਮੰਤਰੀ ਦੇ ਵਿਰੋਧ ਦਾ ਐਲਾਨ
- ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਵਿਭਾਗਾਂ ਵਿੱਚ ਮਰਜ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰੇ ਸਰਕਾਰ:-ਮੋਰਚਾ ਆਗੂ
ਪੰਜਾਬ ਨੈੱਟਵਰਕ, ਬਠਿੰਡਾ
ਠੇਕਾ ਮੁਲਾਜ਼ਮਾਂ ਨੇ ਆਪਣਾ ਦਰਦ ਬਿਆਨਦੇ ਹੋਏ ਦੱਸਿਆ ਕਿ, ਇੱਕ ਸਾਲ ਹੋ ਗਿਆ ਮਾਨ ਸਰਕਾਰ ਨੂੰ ਸੱਤਾ ਵਿਚ ਆਇਆ ਨੂੰ, ਪਰ ਹੁਣ ਤੱਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਕੋਈ ਤਿਆਰੀ ਸਰਕਾਰ ਨੇ ਨਹੀਂ ਕੀਤੀ। ਜਦੋਂਕਿ ਮਾਨ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਇੱਕ ਠੇਕਾ ਮੁਲਾਜ਼ਮ ਨੇ ਸਰਕਾਰ ਨੂੰ ਲਾਹਨਤਾਂ ਪਾਉਂਦੇ ਹੋਏ ਕਿਹਾ ਕਿ, ਤੇਰਾ ਲਾਰਿਆਂ ‘ਚ ਲੰਘਿਆਂ ਸਾਲ ਵੇ, ਨਾ ਬਹੁੜੀ ਵਾਅਦਿਆਂ ਵਾਲੀ ਸਰਕਾਰ ਵੇ…!
ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਪਵਨਦੀਪ ਸਿੰਘ, ਸਿਮਰਨਜੀਤ ਸਿੰਘ ਨੀਲੋਂ, ਸੁਰਿੰਦਰ ਕੁਮਾਰ, ਜਸਪ੍ਰੀਤ ਸਿੰਘ ਗਗਨ, ਰਮਨਪ੍ਰੀਤ ਕੌਰ ਮਾਨ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋੰ ਇੱਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ।
ਜਦੋਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਸਰ ਆਪਣੀਆਂ ਸਟੇਜਾਂ ਤੋਂ ਆਪਣੇ ਬਿਆਨਾਂ ਰਾਹੀਂ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਜਲਦ ਰੈਗੂਲਰ ਕਰਨ ਦਾਅਵੇ ਕਰ ਰਹੇ ਹਨ। ਪਰ ਅਸਲੀਅਤ ਵਿੱਚ ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰਾਂ ਸਿਰਫ਼ ਤੇ ਸਿਰਫ਼ ਲਾਰੇ-ਲੱਪੇ ਲਗਾਕੇ ਡੰਗ ਟਪਾਈ ਕਰ ਰਹੀ ਹੈ ਅਤੇ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦਾ ਰਾਹ ਪੱਧਰਾ ਕਰਨ ਲਈ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ।
ਜਿਸਦੇ ਕਾਰਨ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਅਤੇ “ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ” ਨਾਲ਼ ਲੱਗਭੱਗ 10 ਵਾਰ ਲਿਖਤੀ ਰੂਪ ਵਿੱਚ ਮੀਟਿੰਗਾਂ ਦਾ ਸਮਾਂ ਤੈਅ ਕਰਕੇ ਪੰਜਾਬ ਸਰਕਾਰ ਮੀਟਿੰਗਾਂ ਕਰਨ ਤੋਂ ਲਗਾਤਾਰ ਭੱਜ ਰਹੀ ਹੈ।
ਆਗੂਆਂ ਕਿਹਾ ਕਿ ਜਿੱਥੇ ਇੱਕ ਪਾਸੇ ਠੇਕਾ ਮੁਲਾਜ਼ਮਾਂ ਦੇ ਮਸਲੇ ਨੂੰ ਹੱਲ ਕਰਨ ਲਈ ਮੌਜੂਦਾ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ‘ਸਬ-ਕਮੇਟੀ’ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਦੇ ਮਸਲੇ ਨੂੰ ਲਮਕਾ ਰਹੀ ਹੈ, ਉੱਥੇ ਹੀ ਦੂਸਰੇ ਪਾਸੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਦੀਆਂ ਛਾਂਟੀਆਂ ਕਰਕੇ ਵਿਭਾਗਾਂ ਬਾਹਰੋਂ ਸਿੱਧੀ ਪੱਕੀ ਭਰਤੀ ਕਰ ਰਹੀ ਹੈ, ਇਹਨਾਂ ਹਾਲਤਾਂ ਵਿੱਚ ਠੇਕਾ ਮੁਲਾਜਮਾਂ ਕੋਲ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਇਲਾਵਾ ਹੋਰ ਕੋਈ ਵੀ ਰਸਤਾ ਨਹੀਂ ਹੈ।
ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ 01 ਫਰਵਰੀ 2023 ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਮੁੱਚੇ ਪੰਜਾਬ ਕਾਲੀਆਂ ਝੰਡੀਆਂ ਨਾਲ਼ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ,ਆਗੂਆਂ ਨੇ ਕਿਹਾ ਕਿ ਜੇਕਰ ਸੱਚੀਓਂ ਹੀ ਪੰਜਾਬ ਦੇ ਮੁੱਖ ਮੰਤਰੀ ਆਊਟਸੋਰਸ਼ਡ ਠੇਕਾ ਮੁਲਾਜਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਪੱਕਾ ਕਰਨ ਦੀ ਹਮਦਰਦੀ ਰੱਖਦੇ ਤਾਂ, ਸਮੂਹ ਵਿਭਾਗਾਂ ਵਿੱਚ ਬਾਹਰੋਂ ਨਵੀਂ ਪੱਕੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕਰਨ ਅਤੇ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਠੇਕਾ ਮੁਲਾਜ਼ਮਾਂ ਦੀ ਮਜ਼ਬੂਰੀ ਹੋਵੇਗੀ।