Join WhatsApp

Join Now

ਪੰਜਾਬ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਔਰਤ ਸਮੇਤ 3 ਲੋਕਾਂ ਦੀ ਮੌਤ, 4 ਗੰਭੀਰ ਜ਼ਖ਼ਮੀ

On: November 29, 2026 1:25 PM

 

ਪੰਜਾਬ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਔਰਤ ਸਮੇਤ 3 ਲੋਕਾਂ ਦੀ ਮੌਤ, 4 ਗੰਭੀਰ ਜ਼ਖ਼ਮੀ

ਹਾਦਸੇ ਤੋਂ ਬਾਅਦ ਟਰੱਕ ਛੱਡ ਕੇ ਫ਼ਰਾਰ ਹੋਇਆ ਡਰਾਈਵਰ; ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਸ਼ੁਰੂ, ਦੋ ਮ੍ਰਿਤਕਾਂ ਦੀ ਹੋਈ ਪਛਾਣ

ਲੁਧਿਆਣਾ, 29 ਨਵੰਬਰ 2026- ਲੁਧਿਆਣਾ ਵਿੱਚ ਐਤਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਥਾਣਾ ਲਾਡੋਵਾਲ ਅਧੀਨ ਆਉਂਦੇ ਹੰਬੜਾਂ ਰੋਡ ’ਤੇ ਇੱਕ ਤੇਜ਼ ਰਫ਼ਤਾਰ ਟਰੱਕ ਦੀ ਆਟੋ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਆਟੋ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਤੋਂ ਚਾਰ ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹੰਬੜਾਂ ਦੇ ਪਾਵਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਥਾਣਾ ਲਾਡੋਵਾਲ ਦੇ ਐੱਸਐੱਚਓ ਹਰਦੀਪ ਸਿੰਘ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 9 ਵਜੇ ਹੰਬੜਾਂ ਤੋਂ ਮੁੱਲਾਂਪੁਰ ਜਾਣ ਵਾਲੀ ਸੜਕ ’ਤੇ ਵਾਪਰਿਆ। ਹਾਦਸੇ ਸਮੇਂ ਆਟੋ ਵਿੱਚ 7 ਤੋਂ 8 ਵਿਅਕਤੀ ਸਵਾਰ ਸਨ। ਟਰੱਕ ਅਤੇ ਆਟੋ ਦੀ ਸਿੱਧੀ ਟੱਕਰ ਹੋਣ ਕਾਰਨ ਆਟੋ ਸਵਾਰਾਂ ਨੂੰ ਗੰਭੀਰ ਸੱਟਾਂ ਲੱਗੀਆਂ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਆਟੋ ਵਿੱਚੋਂ ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ। ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਦੌਰਾਨ ਟਰੱਕ ਚਾਲਕ ਹਾਦਸੇ ਤੋਂ ਤੁਰੰਤ ਬਾਅਦ ਟਰੱਕ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਐੱਸਐੱਚਓ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਤਿੰਨ ਵਿਅਕਤੀਆਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ। ਮ੍ਰਿਤਕਾਂ ਵਿੱਚ ਕਰੀਬ 55 ਸਾਲਾ ਔਰਤ ਸੁਰਿੰਦਰ ਕੌਰ ਅਤੇ ਆਟੋ ਚਾਲਕ ਸ਼ਾਮਲ ਹਨ, ਜਦਕਿ ਤੀਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਉੱਧਰ, ਪੁਲਿਸ ਵੱਲੋਂ ਹਾਦਸੇ ਲਈ ਜ਼ਿੰਮੇਵਾਰ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਹਾਦਸੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Leave a Comment