Dense Fog Alert in Punjab: ਸਾਵਧਾਨ! ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ!
ਮੌਸਮ ਦਾ ਮਿਜ਼ਾਜ ਬਦਲਿਆ: ਅਗਲੇ ਚਾਰ ਦਿਨਾਂ ਲਈ ਸੰਘਣੀ ਧੁੰਦ ਦਾ ‘ਯੈਲੋ ਅਲਰਟ’ ਜਾਰੀ, ਪਾਰਾ ਹੋਰ ਹੇਠਾਂ ਡਿੱਗਣ ਦੇ ਆਸਾਰ- ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਚੰਡੀਗੜ੍ਹ ਤੇ ਮੁਹਾਲੀ ਵਿੱਚ ਡਿੱਗਿਆ ਪਾਰਾ, ਮੰਗਲਵਾਰ ਤੋਂ ਸਵੇਰੇ-ਸ਼ਾਮ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘਟਣ ਦਾ ਖ਼ਦਸ਼ਾ
ਚੰਡੀਗੜ੍ਹ, 16 ਨਵੰਬਰ 2026: ਉੱਤਰੀ ਭਾਰਤ ਵਿੱਚ ਸਰਦੀਆਂ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫ਼ਬਾਰੀ ਦਾ ਸਿੱਧਾ ਅਸਰ ਹੁਣ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD/ Dense Fog Alert in Punjab) ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਅਨੁਸਾਰ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਤੋਂ ਅਗਲੇ ਚਾਰ ਦਿਨਾਂ ਯਾਨੀ 17 ਤੋਂ 20 ਨਵੰਬਰ ਤੱਕ ਸੰਘਣੀ ਧੁੰਦ ਪੈਣ ਦੀ ਪ੍ਰਬਲ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ਲਈ ‘ਯੈਲੋ ਅਲਰਟ’ ਜਾਰੀ ਕਰ ਦਿੱਤਾ ਹੈ।
ਮੌਸਮ ਮਾਹਿਰਾਂ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਖ਼ਾਸ ਕਰਕੇ ਸਵੇਰ ਅਤੇ ਦੇਰ ਰਾਤ ਦੇ ਸਮੇਂ ਸੰਘਣੀ ਧੁੰਦ ਛਾਈ ਰਹੇਗੀ, ਜਿਸ ਕਾਰਨ ਸੜਕਾਂ ‘ਤੇ ਦਿਸਣਯੋਗਤਾ (Visibility) ਕਾਫ਼ੀ ਘੱਟ ਸਕਦੀ ਹੈ। ਇਸ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਅਤੇ ਮੌਸਮ ਵਿਭਾਗ ਨੇ ਵਾਹਨ ਚਾਲਕਾਂ ਨੂੰ ਸਫ਼ਰ ਦੌਰਾਨ ਪੂਰੀ ਸਾਵਧਾਨੀ ਵਰਤਣ, ਫੌਗ ਲਾਈਟਾਂ ਦੀ ਵਰਤੋਂ ਕਰਨ ਅਤੇ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣ ਦੀ ਖ਼ਾਸ ਹਦਾਇਤ ਦਿੱਤੀ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਸੋਮਵਾਰ ਨੂੰ ਪੰਜਾਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਠੰਢ ਦਾ ਅਹਿਸਾਸ ਹੋਰ ਵਧ ਗਿਆ ਹੈ। ਰਾਜਧਾਨੀ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਐਤਵਾਰ ਦੇ ਮੁਕਾਬਲੇ 2.7 ਡਿਗਰੀ ਘੱਟ ਸੀ। ਹਾਲਾਂਕਿ, ਇਹ ਤਾਪਮਾਨ ਆਮ ਨਾਲੋਂ 0.6 ਡਿਗਰੀ ਵੱਧ ਰਿਹਾ।
ਇਸੇ ਤਰ੍ਹਾਂ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 14.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ ਦਿਨ ਨਾਲੋਂ 1.4 ਡਿਗਰੀ ਘੱਟ ਸੀ, ਪਰ ਆਮ ਤਾਪਮਾਨ ਨਾਲੋਂ ਅਜੇ ਵੀ 2.2 ਡਿਗਰੀ ਵੱਧ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵੀ ਪਾਰੇ ਵਿੱਚ ਚੰਗੀ ਗਿਰਾਵਟ ਦੇਖਣ ਨੂੰ ਮਿਲੀ। ਮੁਹਾਲੀ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਸੈਲਸੀਅਸ ਰਿਹਾ, ਜੋ ਕਿ ਪਿਛਲੇ ਦਿਨ ਨਾਲੋਂ 2.2 ਡਿਗਰੀ ਘੱਟ ਦਰਜ ਕੀਤਾ ਗਿਆ। ਰਾਤ ਦੇ ਤਾਪਮਾਨ ਵਿੱਚ ਹੋਰ ਵੀ ਜ਼ਿਆਦਾ ਕਮੀ ਆਈ ਅਤੇ ਇੱਥੇ ਘੱਟੋ-ਘੱਟ ਤਾਪਮਾਨ 14.2 ਡਿਗਰੀ ਸੈਲਸੀਅਸ ਰਿਹਾ, ਜਿਸ ਵਿੱਚ ਸਿੱਧਾ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਐਤਵਾਰ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਭਵਿੱਖਬਾਣੀ
ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ, ਭਾਵੇਂ ਸਵੇਰ ਅਤੇ ਸ਼ਾਮ ਵੇਲੇ ਸੰਘਣੀ ਧੁੰਦ (Dense Fog Alert in Punjab) ਅਤੇ ਠੰਢ ਵਧੇਗੀ, ਪਰ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਵਿੱਚ ਕਿਸੇ ਵੱਡੇ ਉਲਟਫੇਰ ਜਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਐਤਵਾਰ ਤੱਕ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਬਣਿਆ ਰਹੇਗਾ।
ਆਉਣ ਵਾਲੇ ਦਿਨਾਂ ਦੇ ਤਾਪਮਾਨ ਬਾਰੇ ਜਾਣਕਾਰੀ ਦਿੰਦਿਆਂ ਵਿਭਾਗ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਮੰਗਲਵਾਰ ਤੋਂ ਸ਼ਨਿੱਚਰਵਾਰ ਤੱਕ ਵੱਧ ਤੋਂ ਵੱਧ ਤਾਪਮਾਨ 27 ਤੋਂ 28 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਦੂਜੇ ਪਾਸੇ, ਰਾਤ ਦੇ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਜਾਰੀ ਰਹੇਗਾ; ਘੱਟੋ-ਘੱਟ ਤਾਪਮਾਨ ਮੰਗਲਵਾਰ ਅਤੇ ਬੁੱਧਵਾਰ ਨੂੰ 14 ਡਿਗਰੀ, ਵੀਰਵਾਰ ਅਤੇ ਸ਼ੁੱਕਰਵਾਰ ਨੂੰ 15 ਡਿਗਰੀ ਅਤੇ ਸ਼ਨਿੱਚਰਵਾਰ ਤੱਕ ਹੋਰ ਡਿੱਗ ਕੇ 12 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।
















