Join WhatsApp

Join Now

ਵਿਦਿਆਰਥੀਆਂ ਲਈ ਅਹਿਮ ਖ਼ਬਰ: ਨਵੋਦਿਆ ਵਿਦਿਆਲਿਆ ‘ਚ ਦਾਖਲੇ ਲਈ ਕੱਲ੍ਹ ਹੋਵੇਗੀ ਪ੍ਰੀਖਿਆ!

On: November 27, 2026 6:52 PM

 

ਵਿਦਿਆਰਥੀਆਂ ਲਈ ਅਹਿਮ ਖ਼ਬਰ: ਨਵੋਦਿਆ ਵਿਦਿਆਲਿਆ ‘ਚ ਦਾਖਲੇ ਲਈ 28 ਨਵੰਬਰ ਨੂੰ ਹੋਵੇਗੀ ਪ੍ਰੀਖਿਆ!

ਫ਼ਿਰੋਜ਼ਪੁਰ, 27 ਨਵੰਬਰ 2026- ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਮਹੀਆਂ ਵਾਲਾ ਕਲਾਂ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਛੇਵੀਂ ਜਮਾਤ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 28 ਨਵੰਬਰ 2026, ਦਿਨ ਸ਼ਨੀਵਾਰ ਨੂੰ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਪ੍ਰੀਖਿਆ ਦੇ ਸੁਚਾਰੂ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਫ਼ਿਰੋਜ਼ਪੁਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਅਤੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੇ ਸੈਂਟਰ ਸੁਪਰਡੈਂਟਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਡੀਈਓ ਮੁਨੀਲਾ ਅਰੋੜਾ ਨੇ ਦੱਸਿਆ ਕਿ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੈਂਟਰ ਸੁਪਰਡੈਂਟਾਂ ਨੂੰ ਪ੍ਰੀਖਿਆ ਸਬੰਧੀ ਜ਼ਰੂਰੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 9 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਕੁੱਲ 2769 ਵਿਦਿਆਰਥੀ ਆਪਣੀ ਕਿਸਮਤ ਅਜ਼ਮਾਉਣਗੇ।

ਪ੍ਰੀਖਿਆ ਕੇਂਦਰਾਂ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ ਵਿਖੇ 384, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫ਼ਿਰੋਜ਼ਪੁਰ ਵਿਖੇ 384, ਐੱਮ.ਐੱਲ.ਐੱਮ. ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਕੈਂਟ ਵਿਖੇ 301, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਭਾਈ ਵਿਖੇ 240, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਲਵੰਡੀ ਭਾਈ ਵਿਖੇ 188, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂ ਹਰਸਹਾਏ ਵਿਖੇ 336, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗੁਰੂ ਹਰਸਹਾਏ ਵਿਖੇ 327, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜ਼ੀਰਾ ਵਿਖੇ 312 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜ਼ੀਰਾ ਵਿਖੇ 297 ਵਿਦਿਆਰਥੀ ਪ੍ਰੀਖਿਆ ਦੇਣਗੇ।

ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਐਡਮਿਟ ਕਾਰਡ ਉੱਪਰ ਦਰਜ ਪ੍ਰੀਖਿਆ ਕੇਂਦਰ ਦੇ ਪਤੇ ਅਨੁਸਾਰ ਸਵੇਰੇ 10 ਵਜੇ ਤੱਕ ਕੇਂਦਰ ਵਿੱਚ ਪਹੁੰਚਣਾ ਯਕੀਨੀ ਬਣਾਉਣ। ਪ੍ਰੀਖਿਆ ਦਾ ਸਮਾਂ ਸਵੇਰੇ 11:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਸਮੇਂ ਸਿਰ ਪਹੁੰਚ ਕੇ ਪ੍ਰੀਖਿਆ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ। ਮੀਟਿੰਗ ਦੌਰਾਨ ਲਖਵਿੰਦਰ ਸਿੰਘ, ਲਲਿਤ ਕੁਮਾਰ, ਸੁਧੀਰ ਧਵਨ, ਕ੍ਰਿਸ਼ਨ ਚੋਪੜਾ, ਸਤਵਿੰਦਰ ਪਾਲ ਸਿੰਘ ਅਤੇ ਕਰਨ ਸਿੰਘ ਧਾਲੀਵਾਲ ਸਮੇਤ ਵੱਖ-ਵੱਖ ਸੈਂਟਰ ਸੁਪਰਡੈਂਟਾਂ ਤੋਂ ਇਲਾਵਾ ਲਵਦੀਪ ਸਿੰਘ, ਸੁਖਚੈਨ ਸਿੰਘ, ਖੇਮਰਾਜ ਅਤੇ ਰਾਕੇਸ਼ ਕੁਮਾਰ ਗਰਗ ਵੀ ਮੌਜੂਦ ਸਨ।

 

Leave a Comment