ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ; ਰੀਪਰ ਨਾਲ ਝੋਨੇ ਦੀ ਰਹਿੰਦ-ਖੂੰਹਦ ਕੱਟਣ ’ਤੇ ਪੂਰਨ ਪਾਬੰਦੀ
ਮੋਗਾ, 16 ਸਤੰਬਰ 2026- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਪਹਿਲਾਂ ਝੋਨੇ ਦੀ ਫਸਲ ’ਤੇ ਤਰੇਲ ਦੀ ਮਾਤਰਾ ਵੱਧ ਹੁੰਦੀ ਹੈ, ਜਿਸ ਕਾਰਨ ਫਸਲ ਵਿੱਚ ਨਮੀ ਵਧ ਜਾਂਦੀ ਹੈ ਅਤੇ ਦਾਣਿਆਂ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ। ਇਸੇ ਤਰ੍ਹਾਂ ਸ਼ਾਮ 6 ਵਜੇ ਤੋਂ ਬਾਅਦ ਤਰੇਲ ਪੈਣੀ ਸ਼ੁਰੂ ਹੋ ਜਾਂਦੀ ਹੈ, ਜਿਸ ਨਾਲ ਦੇਰ ਸ਼ਾਮ ਜਾਂ ਰਾਤ ਸਮੇਂ ਕੀਤੀ ਕਟਾਈ ਦੌਰਾਨ ਫਸਲ ਵਿੱਚ ਨਮੀ ਵਧਣ ਦੀ ਸੰਭਾਵਨਾ ਰਹਿੰਦੀ ਹੈ। ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਨਿਰਧਾਰਤ ਮਾਪਦੰਡਾਂ ਅਨੁਸਾਰ ਨਾ ਹੋਣ ਕਾਰਨ ਖਰੀਦ ਵਿੱਚ ਮੁਸ਼ਕਲ ਪੈਦਾ ਕਰ ਸਕਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲੋਜੀ ਅਤੇ ਵਾਤਾਵਰਨ ਵਿਭਾਗ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਝੋਨੇ ਦੀ ਰਹਿੰਦ-ਖੂੰਹਦ ਵਿੱਚ ਰੀਪਰ ਚਲਾਉਣ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਹਾਲਾਂਕਿ, ਜਿਹੜੇ ਕਿਸਾਨ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਵਾ ਕੇ ਇਸ ਦੀ ਸੰਭਾਲ ਕਰਦੇ ਹਨ, ਉਨ੍ਹਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।
ਸ੍ਰੀ ਸੇਤੀਆ ਨੇ ਕਿਹਾ ਕਿ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਰੀਪਰ ਰਾਹੀਂ ਪਰਾਲੀ ਦੀ ਰਹਿੰਦ-ਖੂੰਹਦ ਕੱਟ ਕੇ ਬਾਅਦ ਵਿੱਚ ਉਸ ਨੂੰ ਅੱਗ ਲਗਾਉਣ ਨਾਲ ਵੱਡੀ ਮਾਤਰਾ ਵਿੱਚ ਧੂੰਆਂ ਅਤੇ ਹਵਾ ਪ੍ਰਦੂਸ਼ਣ ਪੈਦਾ ਹੁੰਦਾ ਹੈ। ਧੂੰਏਂ ਕਾਰਨ ਸੜਕ ਹਾਦਸਿਆਂ ਦਾ ਖਤਰਾ ਵੀ ਵਧਦਾ ਹੈ ਅਤੇ ਲੋਕਾਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ ਅਤੇ ਅੱਗ ਨਾਲ ਨੇੜਲੇ ਖੇਤਾਂ ਦੀਆਂ ਖੜ੍ਹੀਆਂ ਫਸਲਾਂ ਤੇ ਦਰੱਖਤਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਰਹਿੰਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਨਿਰਧਾਰਤ ਸਮੇਂ ਦੌਰਾਨ ਹੀ ਝੋਨੇ ਦੀ ਕਟਾਈ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ, ਤਾਂ ਜੋ ਫਸਲ ਦੀ ਗੁਣਵੱਤਾ ਬਰਕਰਾਰ ਰੱਖਣ ਦੇ ਨਾਲ-ਨਾਲ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਇਹ ਦੋਨੋਂ ਹੁਕਮ 14 ਨਵੰਬਰ, 2026 ਤੱਕ ਲਾਗੂ ਰਹਿਣਗੇ।
















