ਨਾਬਾਲਗਾਂ ਨਾਲ ਜਿਨਸੀ ਸ਼ੋਸ਼ਣ ਵਾਲੀ ਸਮੱਗਰੀ ਮਾਮਲੇ ’ਚ ਭਾਰਤੀ ਮੂਲ ਦੇ ਵਿਅਕਤੀ ਨੇ ਮੰਨਿਆ ਦੋਸ਼, 20 ਸਾਲ ਤੱਕ ਹੋ ਸਕਦੀ ਹੈ ਸਜ਼ਾ
ਵਾਸ਼ਿੰਗਟਨ, 21 ਅਗਸਤ 2026: ਅਮਰੀਕਾ ਵਿੱਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੇ ਨਾਬਾਲਗਾਂ ਨਾਲ ਜਿਨਸੀ ਸ਼ੋਸ਼ਣ ਨਾਲ ਸਬੰਧਤ ਗੈਰ-ਕਾਨੂੰਨੀ ਸਮੱਗਰੀ ਤੱਕ ਜਾਣਬੁੱਝ ਕੇ ਪਹੁੰਚ ਕਰਨ ਦੇ ਮਾਮਲੇ ਵਿੱਚ ਆਪਣਾ ਦੋਸ਼ ਕਬੂਲ ਕਰ ਲਿਆ ਹੈ। ਅਮਰੀਕੀ ਨਿਆਂ ਵਿਭਾਗ ਵੱਲੋਂ ਜਾਰੀ ਬਿਆਨ ਅਨੁਸਾਰ, ਨਿਊ ਜਰਸੀ ਦੇ ਹੈਸਬਰੌਕ ਹਾਈਟਸ ਦੇ ਰਹਿਣ ਵਾਲੇ ਅਭਿਸ਼ੇਕ ਵਿਜੇਕੁਮਾਰ ਨੇ ਨਿਊ ਜਰਸੀ ਦੀ ਸੰਘੀ ਅਦਾਲਤ ਵਿੱਚ ਆਪਣਾ ਜੁਰਮ ਮੰਨਿਆ।
ਨਿਆਂ ਵਿਭਾਗ ਮੁਤਾਬਕ ਵਿਜੇਕੁਮਾਰ ਨੇ ਮਾਰਚ 2024 ਵਿੱਚ ਜਾਣਬੁੱਝ ਕੇ ਨਾਬਾਲਗਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਗੈਰ-ਕਾਨੂੰਨੀ ਸਮੱਗਰੀ ਤੱਕ ਪਹੁੰਚ ਕੀਤੀ ਸੀ। ਮਾਮਲੇ ਦੀ ਜਾਂਚ ਦੌਰਾਨ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਉਸ ਦੇ ਇਲੈਕਟ੍ਰਾਨਿਕ ਉਪਕਰਨਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 200 ਤੋਂ ਵੱਧ ਬਾਲ ਜਿਨਸੀ ਸ਼ੋਸ਼ਣ ਦੀਆਂ ਤਸਵੀਰਾਂ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਅਮਰੀਕੀ ਨਿਆਂ ਵਿਭਾਗ ਦੇ ਅਪਰਾਧਿਕ ਵਿਭਾਗ ਦੇ ਸਹਾਇਕ ਅਟਾਰਨੀ ਜਨਰਲ ਏ. ਟਾਈਸਨ ਡੂਵਾ ਨੇ ਕਿਹਾ ਕਿ ਵਿਜੇਕੁਮਾਰ ਵੱਲੋਂ ਦੋਸ਼ ਕਬੂਲ ਕਰਨਾ ਬੱਚਿਆਂ ਦੇ ਜਿਨਸੀ ਸ਼ੋਸ਼ਣ ਵਿਰੁੱਧ ਚੱਲ ਰਹੀ ਕਾਨੂੰਨੀ ਕਾਰਵਾਈ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣਾ ਬੱਚਿਆਂ ਦੀ ਸੁਰੱਖਿਆ ਲਈ ਬੇਹੱਦ ਜ਼ਰੂਰੀ ਹੈ।
ਇਸੇ ਦੌਰਾਨ ਐਫਬੀਆਈ ਦੇ ਨਿਊਆਰਕ ਫੀਲਡ ਆਫਿਸ ਦੀ ਇੰਚਾਰਜ ਸਪੈਸ਼ਲ ਏਜੰਟ ਸਟੈਫਨੀ ਰੌਡੀ ਨੇ ਕਿਹਾ ਕਿ ਐਫਬੀਆਈ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰੋਕਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗੀ।
ਅਦਾਲਤੀ ਕਾਰਵਾਈ ਅਨੁਸਾਰ ਵਿਜੇਕੁਮਾਰ ਨੂੰ 6 ਜਨਵਰੀ 2027 ਨੂੰ ਸਜ਼ਾ ਸੁਣਾਈ ਜਾਵੇਗੀ। ਉਸ ਨੂੰ ਇਸ ਅਪਰਾਧ ਲਈ ਵੱਧ ਤੋਂ ਵੱਧ 20 ਸਾਲ ਤੱਕ ਦੀ ਸੰਘੀ ਕੈਦ ਦੀ ਸਜ਼ਾ ਹੋ ਸਕਦੀ ਹੈ। ਅੰਤਿਮ ਸਜ਼ਾ ਦਾ ਫੈਸਲਾ ਅਦਾਲਤ ਵੱਲੋਂ ਮਾਮਲੇ ਦੇ ਤੱਥਾਂ ਅਤੇ ਲਾਗੂ ਕਾਨੂੰਨੀ ਪ੍ਰਬੰਧਾਂ ਦੇ ਆਧਾਰ ’ਤੇ ਕੀਤਾ ਜਾਵੇਗਾ।
















