Jalna Protest: ਨੌਕਰੀਆਂ ਤੇ ਸਿੱਖਿਆ ‘ਚ ਮਰਾਠਾ ਰਾਖਵਾਂਕਰਨ ਦਾ ਮੁੱਦਾ ਭਖਿਆ, SSP ਖਿਲਾਫ਼ ਵੱਡੀ ਕਾਰਵਾਈ

252

 

  • ਭੜਕੀ ਹਿੰਸਾ ਦੇ ਸਬੰਧ ਵਿੱਚ 40 ਲੋਕ ਗ੍ਰਿਫ਼ਤਾਰ, ਕਰਮਚਾਰੀਆਂ ਸਮੇਤ ਕਈ ਹੋਰ ਲੋਕ ਜ਼ਖਮੀ 

ਮਹਾਰਾਸ਼ਟਰ

ਮਹਾਰਾਸ਼ਟਰ ਦੇ ਜਾਲਨਾ ਵਿੱਚ ਹੋਈ ਹਿੰਸਾ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਵੱਡਾ ਫੈਸਲਾ ਲਿਆ ਹੈ ਅਤੇ ਮੌਜੂਦਾ ਜ਼ਿਲ੍ਹਾ ਪੁਲਿਸ ਸੁਪਰਡੈਂਟ ਤੁਸ਼ਾਰ ਦੋਸ਼ੀ ਨੂੰ ਛੁੱਟੀ ‘ਤੇ ਭੇਜ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਸ਼ੈਲੇਸ਼ ਬਲਕਵਾੜੇ ਨੂੰ ਜਾਲਨਾ ਦਾ ਨਵਾਂ ਐਸਪੀ ਨਿਯੁਕਤ ਕੀਤਾ ਗਿਆ ਹੈ। ਇਹ ਕਾਰਵਾਈ ਮਰਾਠਾ ਰਾਖਵਾਂਕਰਨ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਤੋਂ ਬਾਅਦ ਭੜਕੀ ਹਿੰਸਾ ਦੇ ਦੋ ਦਿਨ ਬਾਅਦ ਕੀਤੀ ਗਈ ਹੈ।

ਜਾਲਨਾ ਜ਼ਿਲ੍ਹੇ ਵਿੱਚ ਭੜਕੀ ਹਿੰਸਾ ਦੇ ਸਬੰਧ ਵਿੱਚ ਪੁਲਿਸ ਨੇ 40 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਇਸ ਘਟਨਾ ਵਿਚ 40 ਪੁਲਿਸ ਕਰਮਚਾਰੀਆਂ ਸਮੇਤ ਕਈ ਹੋਰ ਲੋਕ ਜ਼ਖਮੀ ਹੋਏ ਹਨ। ਇਸ ਦੌਰਾਨ 15 ਤੋਂ ਵੱਧ ਬੱਸਾਂ ਨੂੰ ਅੱਗ ਲਾ ਦਿੱਤੀ ਗਈ। ਪੁਲਿਸ ਨੇ ਹਿੰਸਾ ਦੇ ਸਬੰਧ ਵਿੱਚ ਕਰੀਬ 360 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ।

ਤੁਹਾਨੂੰ ਦੱਸ ਦੇਈਏ ਕਿ ਜਾਲਨਾ ਦੇ ਪਿੰਡ ਅੰਤਰਵਾਲੀ ਸਰਟੀ ਵਿੱਚ ਮਰਾਠਾ ਭਾਈਚਾਰੇ ਲਈ ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਅੰਦੋਲਨ ਸ਼ੁੱਕਰਵਾਰ ਨੂੰ ਹਿੰਸਕ ਹੋ ਗਿਆ। ਇਸ ਵਿੱਚ ਦਰਜਨਾਂ ਪੁਲੀਸ ਮੁਲਾਜ਼ਮਾਂ ਸਮੇਤ ਕਈ ਲੋਕ ਜ਼ਖ਼ਮੀ ਹੋ ਗਏ।

ਪੁਲਿਸ ਨੇ ਹਿੰਸਕ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ‘ਤੇ ਅਧਿਕਾਰੀਆਂ ਨੂੰ ਭੁੱਖ ਹੜਤਾਲ ‘ਤੇ ਬੈਠੇ ਵਿਅਕਤੀ ਨੂੰ ਹਸਪਤਾਲ ਲਿਜਾਣ ਤੋਂ ਰੋਕਿਆ।

ਹਿੰਸਾ ਦੇ ਮੱਦੇਨਜ਼ਰ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਰਾਠਾ ਭਾਈਚਾਰੇ ਨੂੰ ਵਿਦਿਅਕ ਸੰਸਥਾਵਾਂ ਅਤੇ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਦੇਣ ਲਈ ਵਚਨਬੱਧ ਹੈ।

ਮਹਾਰਾਸ਼ਟਰ ਦੇ ਬੁਲਢਾਨਾ ਜ਼ਿਲ੍ਹੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਐਮ ਸ਼ਿੰਦੇ ਨੇ ਕਿਹਾ, “ਮੇਰੀ ਸਰਕਾਰ ਰਾਜ ਵਿੱਚ ਮਰਾਠਾ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਲਈ ਵਚਨਬੱਧ ਹੈ। ਅਸੀਂ ਉਦੋਂ ਤੱਕ ਚੁੱਪ ਨਹੀਂ ਬੈਠਾਂਗੇ ਜਦੋਂ ਤੱਕ ਭਾਈਚਾਰੇ ਨੂੰ ਸਹੀ ਰਾਖਵਾਂਕਰਨ ਨਹੀਂ ਮਿਲਦਾ।”

ਉਨ੍ਹਾਂ ਕਿਹਾ, “ਜਦੋਂ ਤੱਕ ਮਰਾਠਾ ਭਾਈਚਾਰੇ ਨੂੰ ਰਾਖਵਾਂਕਰਨ ਨਹੀਂ ਮਿਲਦਾ, ਪਹਿਲਾਂ ਤੋਂ ਲਾਗੂ ਸਰਕਾਰੀ ਯੋਜਨਾਵਾਂ ਜਾਰੀ ਰਹਿਣਗੀਆਂ ਅਤੇ ਮਰਾਠਾ ਸਮਾਜ ਦੇ ਯੋਗ ਲੋਕਾਂ ਨੂੰ ਇਸਦਾ ਲਾਭ ਮਿਲੇਗਾ।”

ਰਾਜ ਸਰਕਾਰ ਨੇ ਮਰਾਠਾ ਭਾਈਚਾਰੇ ਨੂੰ ਨੌਕਰੀਆਂ ਅਤੇ ਸਿੱਖਿਆ ਵਿੱਚ ਰਾਖਵਾਂਕਰਨ ਦਿੱਤਾ ਸੀ। ਬਾਅਦ ਵਿੱਚ ਇਸ ਨੂੰ ਸੁਪਰੀਮ ਕੋਰਟ ਨੇ 50 ਫੀਸਦੀ ਰਾਖਵੇਂਕਰਨ ਦੀ ਉਪਰਲੀ ਸੀਮਾ ਦਾ ਹਵਾਲਾ ਦਿੰਦੇ ਹੋਏ ਰੱਦ ਕਰ ਦਿੱਤਾ ਸੀ।