ਹਜ਼ਾਰਾਂ ਅਧਿਆਪਕਾਂ ਦੀਆਂ ਨੌਕਰੀਆਂ ਖ਼ਤਰੇ ‘ਚ! ਸੁੱਤੀ ਸਰਕਾਰ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਪਟੀਸ਼ਨ ਪਾਉਣਾ ਭੁੱਲੀ
ਲਾਜ਼ਮੀ ਟੈੱਟ ਵਿਰੁੱਧ ਅਧਿਆਪਕਾਂ ਦੀਆਂ ਸੇਵਾਵਾਂ ਸੁਰੱਖਿਅਤ ਕਰਨ ਲਈ ਰਾਜ ਸਭਾ ਵਿੱਚ ਸੰਸਦ ਮੈਂਬਰ ਜੌਹਨ ਬਿਰਟਾਸ ਵਲੋਂ ਪੇਸ਼ ਪ੍ਰਾਈਵੇਟ ਬਿੱਲ ਤਰੁੰਤ ਪਾਸ ਕਰਨ ਦੀ ਮੰਗ
ਅੰਮ੍ਰਿਤਸਰ 07 ਅਪ੍ਰੈਲ 2026-
ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਵਾਅਦਾ ਖਿਲਾਫੀ ਕਰਨ ‘ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਸਮੇਂ ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੁਆਂ ਸੁੱਚਾ ਸਿੰਘ ਟਰਪਈ, ਅਸ਼ਵਨੀ ਅਵਸਥੀ, ਬਲਜਿੰਦਰ ਸਿੰਘ ਵਡਾਲੀ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ ਜਿਹੜਾ ਵਫਾ ਨਹੀਂ ਹੋਇਆ।
ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਵਲੋਂ ਵਿਧਾਨ ਸਭਾ ਵਿੱਚ ਟੈੱਟ ਸਬੰਧੀ ਕੋਈ ਚਰਚਾ ਨਾ ਕਰਕੇ ਕੀਤੇ ਵਾਅਦੇ ਨੂੰ ਤੋੜਿਆ ਹੈ, ਜਿਸ ਦੀ ਆਗੂਆਂ ਵਲੋਂ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਰਾਜ ਸਭਾ ਵਿੱਚ ਸੰਸਦ ਮੈਂਬਰ ਜੌਹਨ ਬਿਰਟਾਸ (ਸੀ ਪੀ ਆਈ ਐੱਮ) ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤੇ ਪ੍ਰਾਈਵੇਟ ਬਿੱਲ ਨੂੰ ਤਰੁੰਤ ਪਾਸ ਕੀਤਾ ਜਾਵੇ।
ਇਸ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਅਤੇ ਨਾ ਹੀ ਮੁਲਾਜਮਾਂ ਦਾ 16% ਪਿਛਲਾ ਮਹਿੰਗਾਈ ਭੱਤਾ ਲਾਗੂ ਕੀਤਾ ਹੈ ਸਗੋਂ ਉਲਟਾ ਪੰਜਾਬ ਸਰਕਾਰ ਮਾਨਯੋਗ ਹਾਈਕੋਰਟ ਵਿੱਚ ਮਹਿੰਗਾਈ ਭੱਤਾ ਦੇਣ ਤੋਂ ਮੁਨਕਰ ਹੋਣ ਦਾ ਘੋਸ਼ਣਾ ਪੱਤਰ ਪੇਸ਼ ਕਰ ਰਹੀਂ ਹੈ।
ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਵਿਤੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਅਤੇ ਗੈਰ ਵਿਦਿਅਕ ਡਿਊਟੀਆਂ ਖ਼ਤਮ ਕੀਤੀਆਂ ਜਾਣ।
ਇਸ ਮੌਕੇ ਜਰਮਨਜੀਤ ਸਿੰਘ ਛੱਜਲਵੱਡੀ, ਹਰਵਿੰਦਰ ਸਿੰਘ ਸੁਲਤਾਨਵਿੰਡ, ਰਾਕੇਸ਼ ਧਵਨ, ਹੀਰਾ ਸਿੰਘ ਭੱਟੀ, ਗੁਰਬਿੰਦਰ ਸਿੰਘ ਖਹਿਰਾ, ਹਰਮਨਦੀਪ ਸਿੰਘ ਭੰਗਾਲੀ, ਕੁਲਦੀਪ ਸ਼ਰਮਾ, ਜਗਦੀਪ ਸਿੰਘ ਜਲਾਲਪੁਰ, ਰਾਜੇਸ਼ ਪ੍ਰਾਸ਼ਰ, ਧਰਮਿੰਦਰ ਛੇਹਰਟਾ, ਕਵਲਜੀਤ ਕੌਰ ਛੱਜਲਵੱਡੀ, ਮੰਗਲ ਸਿੰਘ ਟਾਂਡਾ, ਕਵਲਜੀਤ ਕੌਰ ਭੱਟੀ, ਨਰੇਸ਼ ਕੁਮਾਰ, ਸੰਜੀਵ, ਦਿਨੇਸ਼, ਅਵਤਾਰਜੀਤ ਸਿੰਘ ਗਿੱਲ, ਨਿਰਮਲ ਸਿੰਘ ਭੋਮਾ,ਮਹਿਲ ਸਿੰਘ, ਜਸਵਿੰਦਰ ਸਿੰਘ, ਰਵੇਲ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।






