ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਨੇ ਮੀਟਿੰਗ ਦੌਰਾਨ ਲਿਆ ਅਹਿਮ ਫੈਸਲਾ, ਅਗਲੇ ਸੰਘਰਸ਼ ਬਾਰੇ ਕੀਤਾ ਐਲਾਨ
ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਸਾਂਝੇ ਸੰਘਰਸ਼ਾਂ ਨੂੰ ਜ਼ੋਰਦਾਰ ਹੁੰਘਾਰਾ ਦਿਓ;.ਵੋਟਾਂ ਤੋਂ ਭਲੇ ਦੀ ਝਾਕ ਛੱਡ ਕੇ ਸੰਘਰਸ਼ਾਂ ਦੇ ਰਾਹ ਪਓ
13 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਘੇਰਨ ਲਈ ਡੈਮੋਕਰੇਟਿਕ ਟੀਚਰ ਫਰੰਟ ਗੋਨਿਆਣਾ ਤੋ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਵਿਰਕ ਅਤੇ ਸਕੱਤਰ ਹਰਜੀਤ ਸਿੰਘ ਜੀਦਾ ਦੀ ਅਗਵਾਈ ਵਿੱਚ ਤੁਰੇਗਾ ਵੱਡਾ ਕਾਫਲਾ
ਗੋਨਿਆਣਾ, 12 ਸਤੰਬਰ 2026
ਅੱਜ ਬਲਾਕ ਗੋਨਿਆਣਾ ਦੇ ਅਧਿਆਪਕਾਂ ਦੀ ਤਿਆਰੀ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਖਿਲਾਫ ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤੇ 13 ਸਤੰਬਰ ਨੂੰ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਘੇਰਨ ਲਈ ਬਲਾਕ ਗੋਨਿਆਣਾ ਦੇ ਆਗੂਆਂ ਨੇ ਯੋਜਨਾਬੰਦੀ ਕੀਤੀ।
ਇਸ ਸਬੰਧੀ ਅਧਿਆਪਕਾਂ ਨੂੰ ਵੱਡੇ ਪੱਧਰ ‘ਤੇ ਤਿਆਰੀ ਕਰਨ ਲਈ ਕਿਹਾ। ਗੋਨਿਆਣਾ ਦੀ ਆਗੂ ਟੀਮ ਦੀ ਤਿਆਰੀ ਮੀਟਿੰਗ ਜਿਲਾ ਸਕੱਤਰ ਜਸਵਿੰਦਰ ਸਿੰਘ ਵੱਲੋਂ ਕਰਵਾਈ ਗਈ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਨਾ ਕਰਨਾ, ਡੀ ਏ ਦੇ ਬਕਾਏ ਸਮੇਤ 37 ਤਰ੍ਹਾਂ ਦੇ ਕੱਟੇ ਹੋਏ ਭੱਤੇ ਬਹਾਲ ਨਾ ਕਰਨਾ, 17-7-20 ਅਤੇ 15-01-15 ਦੇ ਮੁਲਾਜ਼ਮ ਮਾਰੂ ਪੱਤਰ ਰੱਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਜਿਹੀਆਂ ਮੰਗਾਂ ਨਾ ਮੰਨਣ ਦੀ ਨੀਤੀ ਦਾ ਡਟਵਾਂ ਵਿਰੋਧਕਰਨ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਹਰਜੀਤ ਸਿੰਘ ਜੀਦਾ ਅਤੇ ਜਤਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮਾਂ ਖਿਲਾਫ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਪਰਦਾਚਾਕ ਕਰਨ ਲਈ ਮੁਲਾਜ਼ਮਾਂ ਅਤੇ ਲੋਕਾਂ ਨੂੰ ਚੇਤਨ ਕੀਤਾ ਜਾਵੇਗਾ।
ਆਗੂਆਂ ਨੇ ਸਮੂਹ ਮੁਲਾਜ਼ਮਾਂ ਅਤੇ ਅਧਿਆਪਕਾਂ ਨੂੰ ਵੋਟ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਆਪਣੇ ਏਕੇ ਅਤੇ ਜਥੇਬੰਦਕ ਤਾਕਤ ਤੇ ਭਰੋਸਾ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਅਧਿਆਪਕਾਂ ਨੂੰ 13 ਸਤੰਬਰ ਨੂੰ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ ਹੋਰਨਾਂ ਅਧਿਆਪਕਾਂ ਨੂੰ ਲਾਮਬੰਦ ਕਰਨ ਦੀ ਅਪੀਲ ਕੀਤੀ।
















