Punjab ‘ਚ ਵੱਡਾ ਹਾਦਸਾ; ਵਿਸਾਖੀ ਮੇਲੇ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ, 7 ਲੋਕਾਂ ਦੀ ਮੌਤ

On: ਅਪ੍ਰੈਲ 15, 2026 12:42 ਬਾਃ ਦੁਃ

 

Punjab ‘ਚ ਵੱਡਾ ਹਾਦਸਾ; ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 7 ਮੌਤਾਂ; ਵਿਸਾਖੀ ਮੇਲੇ ਤੋਂ ਪਰਤ ਰਹੀ ਸੀ ਸੰਗਤ

ਫ਼ਤਿਹਗੜ੍ਹ ਸਾਹਿਬ, 15 ਅਪ੍ਰੈਲ 2026:

ਫ਼ਤਿਹਗੜ੍ਹ ਸਾਹਿਬ ਦੇ ਚੁੰਨੀ-ਮੋਰਿੰਡਾ ਰੋਡ ‘ਤੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਮੰਦਭਾਗੀ ਘਟਨਾ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਦਕਿ 20 ਦੇ ਕਰੀਬ ਲੋਕ ਜ਼ਖ਼ਮੀ ਹਨ।

ਐੱਸ.ਐੱਚ.ਓ. ਬਲਵੀਰ ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਬੱਸ ਦੇ ਹੇਠੋਂ ਇੱਕ ਜ਼ੋਰਦਾਰ ਆਵਾਜ਼ ਆਈ, ਜਿਵੇਂ ਬੱਸ ਦਾ ਐਕਸਲ ਟੁੱਟ ਗਿਆ ਹੋਵੇ। ਇਸ ਤੋਂ ਤੁਰੰਤ ਬਾਅਦ ਗੱਡੀ ਬੇਕਾਬੂ ਹੋ ਕੇ ਸੜਕ ‘ਤੇ ਪਲਟ ਗਈ। ਬੱਸ ਵਿੱਚ ਸਵਾਰ ਲਗਭਗ 35-40 ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੇਲੇ ਤੋਂ ਮੱਥਾ ਟੇਕ ਕੇ ਆਪਣੇ ਪਿੰਡ ਮੈਣ ਮਾਜਰੀ ਪਰਤ ਰਹੇ ਸਨ।

ਪਿੰਡ ਮੈਣ ਮਾਜਰੀ ‘ਚ ਪਸਰਿਆ ਸੋਗ

ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕਾਂ ਵਿੱਚੋਂ ਜ਼ਿਆਦਾਤਰ ਇੱਕੋ ਪਿੰਡ ਮੈਣ ਮਾਜਰੀ ਦੇ ਰਹਿਣ ਵਾਲੇ ਹਨ। ਕਈ ਪਰਿਵਾਰਾਂ ਨੇ ਆਪਣੇ ਇੱਕ ਤੋਂ ਵੱਧ ਜੀਅ ਗੁਆ ਲਏ ਹਨ, ਜਿਸ ਕਾਰਨ ਮਾਹੌਲ ਬਹੁਤ ਹੀ ਗਮਗੀਨ ਹੋ ਗਿਆ ਹੈ। ਸਥਾਨਕ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵੀ ਘਟਨਾ ਸਥਾਨ ‘ਤੇ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ।

ਫ਼ਤਿਹਗੜ੍ਹ ਸਾਹਿਬ ਦੇ ਐੱਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਮ੍ਰਿਤਕਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਐੱਫ.ਐੱਸ.ਐੱਲ. (FSL) ਦੀ ਟੀਮ ਮੌਕੇ ‘ਤੇ ਪਹੁੰਚ ਕੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਹਾਦਸੇ ‘ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, “ਇਹ ਬਹੁਤ ਹੀ ਦੁਖਦਾਈ ਘੜੀ ਹੈ। ਮੈਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।”

 

Join WhatsApp

Join Now

Leave a Comment