Join WhatsApp

Join Now

ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਵੱਡੀ ਕਾਰਵਾਈ, 200 ਅਧਿਕਾਰੀ ਅਤੇ ਕਰਮਚਾਰੀ ਸਸਪੈਂਡ

On: ਅਗਸਤ 19, 2026 11:10 ਪੂਃ ਦੁਃ

 

ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਵੱਡੀ ਕਾਰਵਾਈ, 200 ਅਧਿਕਾਰੀ ਅਤੇ ਕਰਮਚਾਰੀ ਸਸਪੈਂਡ

ਫ਼ਰੀਦਕੋਟ, 19 ਅਗਸਤ 2026:

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿੱਚ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਨਿਯੁਕਤੀਆਂ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਵੱਲੋਂ ਕਰੀਬ 200 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਚਪੜਾਸੀ ਤੋਂ ਲੈ ਕੇ ਸੁਪਰਡੈਂਟ ਪੱਧਰ ਤੱਕ ਦੇ ਮੁਲਾਜ਼ਮ ਸ਼ਾਮਲ ਦੱਸੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿੱਚ ਭਰਤੀਆਂ ਕੀਤੀਆਂ ਗਈਆਂ ਸਨ। ਇਨ੍ਹਾਂ ਨਿਯੁਕਤੀਆਂ ਨੂੰ ਲੈ ਕੇ ਬਾਅਦ ਵਿੱਚ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਕੋਲ ਕਥਿਤ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਪਹੁੰਚੀਆਂ। ਸ਼ਿਕਾਇਤਾਂ ਵਿੱਚ ਭਰਤੀ ਪ੍ਰਕਿਰਿਆ ਦੌਰਾਨ ਕਥਿਤ ਤੌਰ ’ਤੇ ਨਿਯਮਾਂ ਅਤੇ ਕਾਨੂੰਨੀ ਪ੍ਰਬੰਧਾਂ ਦੀ ਅਣਦੇਖੀ ਕੀਤੇ ਜਾਣ ਦੇ ਦੋਸ਼ ਲਗਾਏ ਗਏ ਸਨ।

ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਆਈਏਐੱਸ ਅਧਿਕਾਰੀ ਮਨਜੀਤ ਸਿੰਘ ਬਰਾੜ ਨੂੰ ਯੂਨੀਵਰਸਿਟੀ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਨਿਯੁਕਤੀਆਂ ਦੀ ਸਮੀਖਿਆ ਅਤੇ ਜਾਂਚ ਦੀ ਪ੍ਰਕਿਰਿਆ ਤੇਜ਼ ਹੋਈ।

ਕਰੀਬ 200 ਮੁਲਾਜ਼ਮਾਂ ਦੀ ਮੁਅੱਤਲੀ ਨਾਲ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਅਤੇ ਭਰਤੀ ਪ੍ਰਬੰਧ ’ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਹੁਣ ਇਸ ਮਾਮਲੇ ਵਿੱਚ ਅਗਲੀ ਜਾਂਚ ਦੌਰਾਨ ਕਥਿਤ ਬੇਨਿਯਮੀਆਂ ਦੀ ਅਸਲ ਸਥਿਤੀ ਅਤੇ ਜ਼ਿੰਮੇਵਾਰ ਵਿਅਕਤੀਆਂ ਸਬੰਧੀ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।

Leave a Comment