Join WhatsApp

Join Now

ਅੰਮ੍ਰਿਤਪਾਲ ਦੀ ਪਾਰਟੀ ਨੂੰ ਵੱਡਾ ਝਟਕਾ! ਸੀਨੀਅਰ ਲੀਡਰ AAP ‘ਚ ਸ਼ਾਮਲ

On: November 11, 2026 3:44 PM

 

ਅੰਮ੍ਰਿਤਪਾਲ ਦੀ ਪਾਰਟੀ ਨੂੰ ਵੱਡਾ ਝਟਕਾ! ਸੀਨੀਅਰ ਲੀਡਰ AAP ‘ਚ ਸ਼ਾਮਲ

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਅਤੇ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਵਾਰਿਸ ਪੰਜਾਬ ਦੇ’ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਲ

ਅੰਮ੍ਰਿਤਸਰ / ਚੰਡੀਗੜ੍ਹ 11 ਨਵੰਬਰ 2026- ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ, ਜਦੋਂ ਸਰਹੱਦੀ ਹਲਕਾ ਅਜਨਾਲਾ ਨਾਲ ਸਬੰਧਤ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਕਈ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਬਣਾਏ ਗਏ ਸਖ਼ਤ ਕਾਨੂੰਨਾਂ ਅਤੇ ਸਰਕਾਰ ਦੀਆਂ ਜਨ-ਹਿੱਤੂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਆਗੂਆਂ ਨੇ ਇਹ ਅਹਿਮ ਫੈਸਲਾ ਲਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਿਰੋਪਾਓ ਦੇ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮਾਨ ਸਰਕਾਰ ਦੇ ਨੁਮਾਇੰਦਿਆਂ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਇਸ ਵੱਡੇ ਰਾਜਨੀਤਿਕ ਉਲਟਫੇਰ ਦੌਰਾਨ ‘ਵਾਰਿਸ ਪੰਜਾਬ ਦੇ’ ਵੱਲੋਂ ਹਲਕਾ ਅਜਨਾਲਾ ਦੇ ਇੰਚਾਰਜ ਰਹਿ ਚੁੱਕੇ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਵਿਸ਼ੇਸ਼ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੇ ਨਾਲ-ਨਾਲ ਅਜਨਾਲਾ ਅਤੇ ਰਮਦਾਸ ਖੇਤਰ ਦੇ ਕਈ ਹੋਰ ਅਹੁਦੇਦਾਰਾਂ ਅਤੇ ਸਰਗਰਮ ਵਰਕਰਾਂ ਨੇ ਵੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਭਾਈ ਤਾਲਬਪੁਰਾ ਦਾ ‘ਆਪ’ ਵਿੱਚ ਆਉਣਾ ਅਜਨਾਲਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਾਰਟੀ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗਾ। ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਜਿਸ ਤਰ੍ਹਾਂ ਪੰਜਾਬ ਦੇ ਅਸਲ ਮੁੱਦਿਆਂ ‘ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ, ਉਸ ਤੋਂ ਪ੍ਰਭਾਵਿਤ ਹੋ ਕੇ ਹੀ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਲੰਮੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਦੇ ਇਨਸਾਫ਼ ਲਈ ਆਵਾਜ਼ ਬੁਲੰਦ ਕਰ ਰਹੀ ਸੀ। ਭਗਵੰਤ ਮਾਨ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਕਾਨੂੰਨੀ ਕਦਮ ਚੁੱਕੇ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ।

ਉਨ੍ਹਾਂ ਆਖਿਆ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣਾ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਅਤੇ ਸ਼ਲਾਘਾਯੋਗ ਫੈਸਲਾ ਹੈ। ਇਸ ਕਦਮ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਪੰਜਾਬ ਦੀ ਭਾਈਚਾਰਕ ਸਾਂਝ, ਧਾਰਮਿਕ ਆਸਥਾ ਅਤੇ ਪੰਜਾਬੀਅਤ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਭਲੇ ਲਈ ਕੰਮ ਕਰ ਰਹੀ ਹੈ। ਭਾਵੇਂ ਉਹ ਮੁਫ਼ਤ ਬਿਜਲੀ ਦੀ ਸੁਵਿਧਾ ਹੋਵੇ, ਆਮ ਆਦਮੀ ਕਲੀਨਿਕਾਂ ਰਾਹੀਂ ਚੰਗੀਆਂ ਸਿਹਤ ਸਹੂਲਤਾਂ ਹੋਣ, ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਸਰਕਾਰੀ ਨੌਕਰੀਆਂ ਹੋਣ, ਜਾਂ ਫਿਰ ਸਕੂਲ ਆਫ਼ ਐਮੀਨੈਂਸ ਵਰਗੇ ਅਦਾਰਿਆਂ ਰਾਹੀਂ ਸਿੱਖਿਆ ਖੇਤਰ ਵਿੱਚ ਸੁਧਾਰ ਹੋਵੇ, ਸਰਕਾਰ ਦੇ ਹਰ ਫੈਸਲੇ ਦਾ ਸਿੱਧਾ ਲਾਭ ਪੰਜਾਬ ਦੇ ਲੋਕਾਂ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਲਾਰਿਆਂ ਵਿੱਚ ਰੱਖਿਆ, ਪਰ ਮਾਨ ਸਰਕਾਰ ਨੇ ਆਪਣੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਇਆ ਹੈ। ਇਨ੍ਹਾਂ ਸਾਰੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਉਨ੍ਹਾਂ ਨੇ ਪਾਰਟੀ ਨਾਲ ਜੁੜਨ ਦਾ ਫੈਸਲਾ ਕੀਤਾ ਹੈ।

ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹਰ ਉਸ ਵਿਅਕਤੀ ਦਾ ਸਵਾਗਤ ਕਰਦੀ ਹੈ ਜੋ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੰਮ ਕਰਨਾ ਚਾਹੁੰਦਾ ਹੈ।

ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ। ਜਦੋਂ ਸੱਚੀ ਨੀਅਤ ਨਾਲ ਕੰਮ ਕੀਤਾ ਜਾਂਦਾ ਹੈ ਤਾਂ ਲੋਕ ਆਪਣੇ ਆਪ ਸਰਕਾਰ ਦੀਆਂ ਨੀਤੀਆਂ ਨਾਲ ਜੁੜਦੇ ਹਨ। ਮਾਨ ਨੇ ਆਖਿਆ ਕਿ ਅਜਨਾਲਾ ਤੋਂ ਆਏ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਸਰਹੱਦੀ ਖੇਤਰ ਵਿੱਚ ਹੋਰ ਵੱਡੀ ਤਾਕਤ ਮਿਲੇਗੀ ਅਤੇ ਖੇਤਰ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਹੋਰ ਸੀਨੀਅਰ ਨੇਤਾ, ਵਿਧਾਇਕ ਅਤੇ ਇਲਾਕੇ ਦੇ ਪ੍ਰਮੁੱਖ ਆਗੂ ਵੀ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਆਏ ਸਾਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਸਾਰੇ ਆਗੂਆਂ ਨੇ ਇਕਜੁੱਟ ਹੋ ਕੇ ਪੰਜਾਬ ਦੀ ਸੇਵਾ ਕਰਨ ਦਾ ਪ੍ਰਣ ਲਿਆ।

 

Leave a Comment