ਪਰਵਿੰਦਰ ਝੋਟੇ ਦੇ ਕਾਤਲ ਅਸ਼ਵਨੀ ਦੇ ਘਰ ‘ਤੇ ਚੱਲਿਆ ਬੁਲਡੋਜ਼ਰ! ‘ਨਸ਼ੇ’ ਦੀ ਹੱਟੀ ਵੀ ਸਾੜੀ
ਰਾਜਸਥਾਨ ਦੇ ਸਾਲਾਸਰ ਤੋਂ ਕਾਬੂ ਕੀਤਾ ਗਿਆ ਮੈਡੀਕਲ ਸਟੋਰ ਮਾਲਕ ਅਤੇ ਮੁੱਖ ਸ਼ੂਟਰ, ਮਾਨਸਾ ਵਿੱਚ ਭਾਰੀ ਪੁਲਿਸ ਫ਼ੋਰਸ ਤਾਇਨਾਤ
ਮਾਨਸਾ ਵਿੱਚ ਮ੍ਰਿਤਕ ਨਸ਼ਾ ਵਿਰੋਧੀ ਆਗੂ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨਕਾਰੀਆਂ ਦਾ ਧਰਨਾ ਜਾਰੀ, ਬਣਾਈ ਗਈ ਵਿਸ਼ੇਸ਼ ਕਮੇਟੀ
ਨਸ਼ਿਆਂ ਨੂੰ ਲੈ ਕੇ ਹੋਏ ਤਿੱਖੇ ਵਿਵਾਦ ਦੌਰਾਨ ਵਾਪਰੀ ਸੀ ਦੁਖਦਾਈ ਘਟਨਾ, ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ
ਮਾਨਸਾ/ਚੰਡੀਗੜ੍ਹ, 14 ਅਕਤੂਬਰ 2026- ਨਸ਼ਾ ਵਿਰੋਧੀ ਆਗੂ ਅਤੇ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਚਰਚਿਤ ਕਤਲ ਕਾਂਡ ਵਿੱਚ ਪ੍ਰਸ਼ਾਸਨ ਨੇ ਆਪਣਾ ਸਖ਼ਤ ਰੁਖ਼ ਅਪਣਾਉਂਦਿਆਂ ਵੱਡਾ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਦੇ ਘਰ ’ਤੇ ਬੁਲਡੋਜ਼ਰ ਅਤੇ ਜੇ.ਸੀ.ਬੀ. ਚਲਾਉਣ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਸ ਵੱਡੀ ਕਾਰਵਾਈ ਦੇ ਮੱਦੇਨਜ਼ਰ ਮੌਕੇ ’ਤੇ ਭਾਰੀ ਪੁਲੀਸ ਫ਼ੋਰਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਹੇਠ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਵਿੱਚ ਮੰਗਲਵਾਰ ਦੇਰ ਰਾਤ ਪੁਲੀਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲੀਸ ਨੇ ਮੁੱਖ ਮੁਲਜ਼ਮ ਨੂੰ ਰਾਜਸਥਾਨ ਤੋਂ ਸਫ਼ਲਤਾਪੂਰਵਕ ਕਾਬੂ ਕਰ ਲਿਆ।
ਭਾਵੇਂ ਮਾਨਸਾ ਪੁਲੀਸ ਵੱਲੋਂ ਅਜੇ ਤੱਕ ਇਸ ਗੱਲ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਸੂਤਰਾਂ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਪਰਮਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੰਗਲਵਾਰ ਨੂੰ ਮਾਨਸਾ ਵਿਖੇ ਇੱਕ ਮੈਡੀਕਲ ਸਟੋਰ (ਕੈਮਿਸਟ ਦੀ ਦੁਕਾਨ) ’ਤੇ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਹੋਏ ਤਿੱਖੇ ਵਿਵਾਦ ਦੌਰਾਨ ਵਾਪਰੀ ਸੀ, ਜਿੱਥੇ ਬਹਿਸਬਾਜ਼ੀ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।
ਇਸ ਦੁਖਦਾਈ ਘਟਨਾ ਤੋਂ ਬਾਅਦ ਮਾਨਸਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਆਗੂ ਪਰਵਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਇਲਾਕੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਨਸ਼ਾ ਤਸਕਰਾਂ ਵਿਰੁੱਧ ਉਨ੍ਹਾਂ ਦੀ ਮੁਹਿੰਮ ਕਾਫ਼ੀ ਚਰਚਾ ਵਿੱਚ ਸੀ। ਉਨ੍ਹਾਂ ਦੀ ਬੇਵਕਤੀ ਮੌਤ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਸਮਰਥਕਾਂ ਵਿੱਚ ਭਾਰੀ ਰੋਹ ਦੇਖਣ ਨੂੰ ਮਿਲ ਰਿਹਾ ਹੈ। ਮਾਨਸਾ ਵਿੱਚ ਮ੍ਰਿਤਕ ਆਗੂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ-ਪ੍ਰਦਰਸ਼ਨ ਜਾਰੀ ਰੱਖਿਆ ਗਿਆ ਹੈ।
ਇਸ ਪੂਰੇ ਸੰਘਰਸ਼ ਨੂੰ ਸੁਚਾਰੂ ਅਤੇ ਅਨੁਸ਼ਾਸਿਤ ਢੰਗ ਨਾਲ ਚਲਾਉਣ ਅਤੇ ਪ੍ਰਸ਼ਾਸਨ ਅੱਗੇ ਆਪਣੀਆਂ ਮੰਗਾਂ ਮਜ਼ਬੂਤੀ ਨਾਲ ਰੱਖਣ ਲਈ ਪ੍ਰਦਰਸ਼ਨਕਾਰੀਆਂ ਅਤੇ ਸਥਾਨਕ ਲੋਕਾਂ ਵੱਲੋਂ ਇੱਕ ਵਿਸ਼ੇਸ਼ ਸੰਘਰਸ਼ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ। ਇਹ ਕਮੇਟੀ ਲਗਾਤਾਰ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ। ਪ੍ਰਸ਼ਾਸਨ ਵੱਲੋਂ ਹੁਣ ਬੁਲਡੋਜ਼ਰ ਕਾਰਵਾਈ ਸ਼ੁਰੂ ਕਰਨ ਨਾਲ ਮਾਮਲੇ ਵਿੱਚ ਸਖ਼ਤ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਹੀ ਹੈ।
















