ਪੰਜਾਬ ‘ਚ ਵੱਡੀ ਵਾਰਦਾਤ; ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਮਾਨਸਾ, 14 ਅਪ੍ਰੈਲ 2026:
ਮਾਨਸਾ ਦੇ ਖੋਖਰ ਰੋਡ ਇਲਾਕੇ ਵਿੱਚ ਇੱਕ 20 ਸਾਲਾ ਨੌਜਵਾਨ ਜਸ਼ਨਦੀਪ ਸਿੰਘ ਦੀ ਬੇਰਹਿਮੀ ਨਾਲ ਕੁਟਮਾਰ ਕਰਕੇ ਹੱਤਿਆ ਕਰ ਦਿੱਤੀ ਗਈ।
ਗੰਭੀਰ ਜ਼ਖ਼ਮੀ ਹਾਲਤ ਵਿੱਚ ਬਠਿੰਡਾ ਦੇ ਐਮਸ (AIIMS) ਹਸਪਤਾਲ ਵਿੱਚ ਇਲਾਜ ਅਧੀਨ ਜਸ਼ਨਦੀਪ ਨੇ ਸੋਮਵਾਰ ਨੂੰ ਦਮ ਤੋੜ ਦਿੱਤਾ।
ਜਾਣਕਾਰੀ ਅਨੁਸਾਰ ਇਹ ਘਟਨਾ ਮੂਸਾ ਚੁੰਗੀ ਨੇੜੇ ਵਾਪਰੀ। ਦੋਸ਼ੀ ਗੁਲਾਬ ਸਿੰਘ ਨੂੰ ਸ਼ੱਕ ਸੀ ਕਿ ਜਸ਼ਨਦੀਪ ਦੇ ਉਸ ਦੀ ਪਤਨੀ ਨਾਲ ਕਥਿਤ ਨਾਜਾਇਜ਼ ਸਬੰਧ ਹਨ।
ਇਸੇ ਸ਼ੱਕ ਦੇ ਅਧਾਰ ‘ਤੇ ਪਰਿਵਾਰਕ ਮੈਂਬਰਾਂ ਨੇ ਜਸ਼ਨਦੀਪ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਇੱਕ ਰੁੱਖ ਨਾਲ ਬੰਨ੍ਹ ਕੇ ਲਾਠੀਆਂ ਅਤੇ ਡੰਡਿਆਂ ਨਾਲ ਬੁਰੀ ਤਰ੍ਹਾਂ ਪਿੱਟਿਆ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਸ਼ਨਦੀਪ ਬਿਲਕੁਲ ਬੇਕਸੂਰ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਜਾਨਵਰਾਂ ਵਾਂਗ ਪਿੱਟਿਆ, ਜਿਸ ਕਾਰਨ ਉਸ ਦੇ ਸਰੀਰ ‘ਤੇ ਗੰਭੀਰ ਸੱਟਾਂ ਲੱਗੀਆਂ।
ਪਹਿਲਾਂ ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਪਰ ਹਾਲਤ ਵਿਗੜਦੀ ਦੇਖ ਡਾਕਟਰਾਂ ਨੇ ਉਸ ਨੂੰ ਐਮਸ ਬਠਿੰਡਾ ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ।
ਥਾਣਾ ਸਿਟੀ-1 ਦੇ ਮੁਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਗੁਲਾਬ ਸਿੰਘ, ਲਵਪ੍ਰੀਤ ਸਿੰਘ, ਉਸ ਦੀ ਮਾਂ ਸੋਨਾ, ਜਸਕਰਨ ਸਿੰਘ ਅਤੇ ਉਸ ਦੀ ਪਤਨੀ ਗੁਰਮੀਤ ਕੌਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ।
ਪੀੜਤ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਅਪੀਲ ਕੀਤੀ ਹੈ।






