ਵੱਡੀ ਖ਼ਬਰ: ਦੁਰਗਾ ਪੂਜਾ ਪੰਡਾਲ ਡਿੱਗਣ ਕਾਰਨ ਵੱਡਾ ਹਾਦਸਾ, 17 ਤੋਂ ਵੱਧ ਲੋਕਾਂ ਦੀ ਮੌਤ
ਕੋਲਕਾਤਾ 18 ਅਕਤੂਬਰ 2026- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਦੁਰਗਾ ਪੂਜਾ ਦੌਰਾਨ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਚੋਰਬਾਗਾਨ ਇਲਾਕੇ ਵਿੱਚ ਦੁਰਗਾ ਪੂਜਾ ਦਾ ਪੰਡਾਲ ਅਚਾਨਕ ਡਿੱਗਣ ਕਾਰਨ ਭਗਦੜ ਵਰਗੇ ਹਾਲਾਤ ਬਣ ਗਏ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਹਾਦਸੇ ਵਿੱਚ 17 ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ।
ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸਾਂ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਪੱਛਮੀ ਬੰਗਾਲ ਸਰਕਾਰ ਨੇ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 18003455678 ਜਾਰੀ ਕੀਤਾ ਹੈ।
ਇਸ ਦੁਖਦਾਈ ਘਟਨਾ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਵੱਲੋਂ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਅਤੇ ਨੁਕਸਾਨ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਉਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਕਈ ਵਾਰ ਸਟੇਜ ਡਿੱਗਣ ਦੇ ਕਾਰਨ ਲੋਕ ਆਪਣੀਆਂ ਜਾਨਾਂ ਗਵਾ ਲੈਂਦੇ ਹਨ ਅਤੇ ਕਈ ਵਾਰ ਮੌਸਮ ਦੀ ਖਰਾਬੀ ਦੇ ਕਾਰਨ ਪੰਡਾਲ ਡਿੱਗ ਪੈਂਦੇ ਨੇ, ਜਿਸ ਕਾਰਨ ਕਈ ਲੋਕਾਂ ਦੀਆਂ ਜਾਨਾਂ ਚਲੀਆਂ ਜਾਂਦੀਆਂ ਨੇ।
ਗੋਲਕਾਤਾ ਵਿੱਚ ਵਾਪਰੀ ਇਸ ਦੁਖਦਾਈ ਘਟਨਾ ਨੇ ਇੱਕ ਵਾਰ ਫਿਰ ਤੋਂ ਪੁਰਾਣੀਆਂ ਘਟਨਾਵਾਂ ਨੂੰ ਚੇਤੇ ਕਰਵਾ ਦਿੱਤਾ ਹੈ। ਲੋੜ ਹੈ ਕਿ ਇਸ ਘਟਨਾ ਦੀ ਤਹਿ ਤੱਕ ਜਾਂਚ ਹੋਵੇ ਅਤੇ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਇਕੱਲਾ ਮੁਆਵਜ਼ਾ ਦੇਣ ਦੇ ਨਾਲ ਕੋਈ ਵੀ ਮਾਮਲਾ/ਕਾਰਵਾਈ ਖਤਮ ਨਹੀਂ ਹੋ ਜਾਂਦੀ, ਇਸ ਲਈ ਚਾਹੀਦਾ ਹੈ ਕਿ ਸਰਕਾਰ ਇਸ ਤੇ ਸਖਤੀ ਦੇ ਨਾਲ ਐਕਸ਼ਨ ਲਵੇ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ।
















