Join WhatsApp

Join Now

ਵਾਅਦਿਆਂ ਤੋਂ ਮੁੱਕਰਿਆ ਭਗਵੰਤ ਮਾਨ! ਰੁਜ਼ਗਾਰ ਦੀ ਸੁਰੱਖਿਆ ਨੂੰ ਲੈ ਕੇ ਤਰਸ ਰਹੇ ਨੇ ਸਰਕਾਰੀ ਸਕੂਲਾਂ ਦੇ 3720 ਅਧਿਆਪਕ

On: October 11, 2026 6:50 PM

 

ਵਾਅਦਿਆਂ ਤੋਂ ਮੁੱਕਰਿਆ ਭਗਵੰਤ ਮਾਨ! ਰੁਜ਼ਗਾਰ ਦੀ ਸੁਰੱਖਿਆ ਨੂੰ ਲੈ ਕੇ ਤਰਸ ਰਹੇ ਨੇ ਸਰਕਾਰੀ ਸਕੂਲਾਂ ਦੇ 3720 ਅਧਿਆਪਕ

ਪੰਜਾਬ ਦੇ 3,720 ਵੋਕੇਸ਼ਨਲ ਅਧਿਆਪਕਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; ਲਾਰਿਆਂ ਤੋਂ ਅੱਕੇ ਟੀਚਰਾਂ ਵੱਲੋਂ ਸਿੱਖਿਆ ਭਵਨ ਅੱਗੇ ਪੱਕਾ ਧਰਨਾ ਸ਼ੁਰੂ

ਬਾਰਾਂ ਸਾਲਾਂ ਬਾਅਦ ਤਾਂ ਰੂੜ੍ਹੀ ਦੀ ਵੀ ਸੁਣੀ ਗਈ ਸੀ… ਪਰ ਸਾਡਾ ਤਾਂ ਉਹਦੇ ਤੋਂ ਵੀ ਮਾੜਾ ਹਾਲ ਕਰਤਾ ਸਰਕਾਰਾਂ ਨੇ!

ਮੋਹਾਲੀ, 11 ਅਕਤੂਬਰ 2026- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਵੋਕੇਸ਼ਨਲ ਅਧਿਆਪਕਾਂ ਦੇ ਸਬਰ ਦਾ ਪੈਮਾਨਾ ਹੁਣ ਛਲਕ ਚੁੱਕਾ ਹੈ। ਐੱਨ ਐੱਸ ਕਿਊ ਐੱਫ (NSQF) ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ‘ਤੇ ਸੂਬੇ ਭਰ ਦੇ ਅਧਿਆਪਕਾਂ ਵੱਲੋਂ ਮੋਹਾਲੀ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਮੁੱਖ ਗੇਟ ਅੱਗੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਆਰੰਭ ਦਿੱਤਾ ਗਿਆ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਸੜਕਾਂ ‘ਤੇ ਉੱਤਰਨਾ ਪਿਆ ਹੈ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ 3,720 ਵੋਕੇਸ਼ਨਲ ਅਧਿਆਪਕ ਪਿਛਲੇ 12 ਸਾਲਾਂ ਤੋਂ ਨਿਰੰਤਰ ਕੰਮ ਕਰ ਰਹੇ ਹਨ। ਇਨ੍ਹਾਂ ਅਧਿਆਪਕਾਂ ਨੂੰ ਪੰਜਾਬ ਸਰਕਾਰ ਦੁਆਰਾ ਸਿੱਧੇ ਤੌਰ ‘ਤੇ ਵਿਭਾਗ ਵਿੱਚ ਸ਼ਾਮਲ ਕਰਨ ਦੀ ਬਜਾਏ ਆਊਟਸੋਰਸਿੰਗ ਅਤੇ ਨਿੱਜੀ ਕੰਪਨੀਆਂ ਦੇ ਅਧੀਨ ਭਰਤੀ ਕੀਤਾ ਗਿਆ ਹੈ। ਕੰਪਨੀਆਂ ਵੱਲੋਂ ਇਨ੍ਹਾਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਹਾ ਹੈ, ਪਰ ਸਿੱਖਿਆ ਵਿਭਾਗ ਸਭ ਕੁਝ ਜਾਣਦੇ ਹੋਏ ਵੀ ਅੱਖਾਂ ਮੀਟ ਕੇ ਬੈਠਾ ਹੈ। ਅਧਿਆਪਕਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਰਲਾਇਆ ਜਾਵੇ, ਨੌਕਰੀ ਦੀ ਪੱਕੀ ਸੁਰੱਖਿਆ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਯੋਗ ਵਾਧਾ ਕੀਤਾ ਜਾਵੇ।

ਮੋਹਾਲੀ ਦੇ ਸਿੱਖਿਆ ਭਵਨ ਅੱਗੇ ਲਗਾਏ ਗਏ ਇਸ ਪੱਕੇ ਮੋਰਚੇ ਵਿੱਚ ਪੂਰੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਏ। ਖਾਸ ਗੱਲ ਇਹ ਰਹੀ ਕਿ ਇਸ ਪ੍ਰਦਰਸ਼ਨ ਵਿੱਚ ਮਹਿਲਾ ਅਧਿਆਪਕਾਂ ਆਪਣੇ ਛੋਟੇ-ਛੋਟੇ ਬੱਚਿਆਂ ਨੂੰ ਨਾਲ ਲੈ ਕੇ ਪਹੁੰਚੀਆਂ। ਧਰਨਾਕਾਰੀ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਸਰਕਾਰ ਬਦਲਣ ਦੇ ਬਾਵਜੂਦ ਅਧਿਆਪਕਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਆਇਆ ਅਤੇ ਉਨ੍ਹਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਲਗਾਤਾਰ ਜਾਰੀ ਹੈ।

ਫਰੰਟ ਦੇ ਪ੍ਰਮੁੱਖ ਆਗੂਆਂ ਰਣਜੀਤ ਸਿੰਘ, ਭੁਪਿੰਦਰ ਸਿੰਘ, ਗੁਰਜੀਤ ਸਿੰਘ, ਮਹਿਤਾਬ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿਛਲੇ 12 ਸਾਲਾਂ ਤੋਂ ਆਪਣੇ ਸ਼ੋਸ਼ਣ ਬਾਰੇ ਸਰਕਾਰ ਨੂੰ ਬਾਰ-ਬਾਰ ਜਾਣੂ ਕਰਵਾ ਚੁੱਕੇ ਹਨ। ਯੂਨੀਅਨ ਵੱਲੋਂ ਵੱਖ-ਵੱਖ ਸਮੇਂ ‘ਤੇ ਸਿੱਖਿਆ ਮੰਤਰੀਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਕਈ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ, ਪਰ ਹਰ ਵਾਰ ਉਨ੍ਹਾਂ ਨੂੰ ਮਹਿਜ਼ ਭਰੋਸੇ ਅਤੇ ਲਾਰਿਆਂ ਤੋਂ ਬਿਨਾਂ ਕੁੱਝ ਵੀ ਹਾਸਲ ਨਹੀਂ ਹੋਇਆ।

ਆਗੂਆਂ ਨੇ ਗੁਆਂਢੀ ਸੂਬੇ ਦੀ ਮਿਸਾਲ ਦਿੰਦਿਆਂ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਪਿਛਲੇ 5 ਸਾਲਾਂ ਤੋਂ ਵੋਕੇਸ਼ਨਲ ਅਧਿਆਪਕਾਂ ਲਈ ਉਚੇਚੀ ਨੀਤੀ ਬਣਾ ਕੇ ਉਨ੍ਹਾਂ ਨੂੰ ਨੌਕਰੀ ਦੀ ਪੂਰੀ ਸੁਰੱਖਿਆ ਦਿੱਤੀ ਗਈ ਹੈ ਅਤੇ ਪੰਜਾਬ ਨਾਲੋਂ ਕਿਤੇ ਵੱਧ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਪਰ ਇਸ ਦੇ ਉਲਟ, ਪੰਜਾਬ ਸਰਕਾਰ ਆਪਣੇ ਅਧਿਆਪਕਾਂ ਦੇ ਭਵਿੱਖ ਨੂੰ ਰੋਲ ਰਹੀ ਹੈ।

ਜਦੋਂ ਤੱਕ ਹੱਲ ਨਹੀਂ ਹੁੰਦਾ, ਜਾਰੀ ਰਹੇਗਾ ਪੱਕਾ ਮੋਰਚਾ

ਯੂਨੀਅਨ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਐਲਾਨ ਕੀਤਾ ਹੈ ਕਿ ਹੁਣ ਉਹ ਸਿਰਫ਼ ਆਦੇਸ਼ਾਂ ਜਾਂ ਖਾਲੀ ਆਸ਼ਵਾਸਨਾਂ ਨਾਲ ਧਰਨਾ ਸਮਾਪਤ ਨਹੀਂ ਕਰਨਗੇ। ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਪੱਕਾ ਅਤੇ ਠੋਸ ਨਿਪਟਾਰਾ ਨਹੀਂ ਕਰਦੀ, ਉਦੋਂ ਤੱਕ ਸਿੱਖਿਆ ਭਵਨ ਅੱਗੇ ਇਹ ਪੱਕਾ ਮੋਰਚਾ ਦਿਨ-ਰਾਤ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਸਕਾਰਾਤਮਕ ਕਦਮ ਨਾ ਚੁੱਕਿਆ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

 

Leave a Comment