ਪੰਜਾਬ ‘ਚ ਵਾਪਰਿਆ ਵੱਡਾ ਸੜਕ ਹਾਦਸਾ; ਬਜ਼ੁਰਗ ਦੀ ਦਰਦਨਾਕ ਮੌਤ, ਧੀ ਸਮੇਤ 3 ਜ਼ਖ਼ਮੀ
ਤਲਵੰਡੀ ਕੂਕਾ ਨੇੜੇ ਵਾਪਰਿਆ ਭਿਆਨਕ ਹਾਦਸਾ; ਨਸ਼ੇ ‘ਚ ਧੁੱਤ ਨੌਜਵਾਨਾਂ ਨੇ ਮਾਰੀ ਟੱਕਰ? ਪੁਲਿਸ ਜਾਂਚ ਸ਼ੁਰੂ
ਕਪੂਰਥਲਾ 23 ਅਗਸਤ 2026- ਨਡਾਲਾ-ਬੇਗੋਵਾਲ ਮੁੱਖ ਮਾਰਗ ’ਤੇ ਸਥਿਤ ਤਲਵੰਡੀ ਕੂਕਾ ਅੱਡੇ ਨੇੜੇ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਇਸ ਜ਼ਬਰਦਸਤ ਟੱਕਰ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਮੁਟਿਆਰ ਸਮੇਤ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਹਾਦਸੇ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੀ ਪਛਾਣ ਜਰਨੈਲ ਸਿੰਘ (65) ਪੁੱਤਰ ਵਰਿਆਮ ਸਿੰਘ, ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਤੀਜੇ ਅਮਰਜੀਤ ਸਿੰਘ ਵਾਸੀ ਤਲਵੰਡੀ ਕੂਕਾ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਚਾਚਾ ਜਰਨੈਲ ਸਿੰਘ (65) ਆਪਣੀ ਬੇਟੀ ਅਮਨਪ੍ਰੀਤ ਕੌਰ ਨਾਲ ਆਪਣੇ ਮੋਟਰਸਾਈਕਲ (ਨੰਬਰ PB-09-K-8872) ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਨਡਾਲਾ ਵੱਲ ਜਾ ਰਹੇ ਸਨ। ਜਦੋਂ ਉਹ ਤਲਵੰਡੀ ਕੂਕਾ ਅੱਡੇ ਨੇੜੇ ਪੁੱਜੇ ਤਾਂ ਨਡਾਲਾ ਸਾਈਡ ਵੱਲੋਂ ਬਹੁਤ ਹੀ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਹੋਰ ਮੋਟਰਸਾਈਕਲ (ਨੰਬਰ PB-21-F-8117) ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ।
ਦੂਜੇ ਮੋਟਰਸਾਈਕਲ ਉੱਤੇ ਦੋ ਨੌਜਵਾਨ ਸੋਮਾ ਅਤੇ ਵੰਸ਼ (ਉਮਰ ਕਰੀਬ 18 ਤੋਂ 20 ਸਾਲ) ਵਾਸੀ ਸਲੇਮਪੁਰ (ਜ਼ਿਲ੍ਹਾ ਹੁਸ਼ਿਆਰਪੁਰ) ਸਵਾਰ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਸਵਾਰ ਸੜਕ ‘ਤੇ ਦੂਰ ਜਾ ਡਿੱਗੇ। ਇਸ ਭਿਆਨਕ ਹਾਦਸੇ ਵਿੱਚ ਜਰਨੈਲ ਸਿੰਘ ਦੇ ਸਿਰ ਅਤੇ ਸਰੀਰ ‘ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਬੇਟੀ ਅਮਨਪ੍ਰੀਤ ਕੌਰ ਅਤੇ ਦੂਜੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੂਜੇ ਮੋਟਰਸਾਈਕਲ ਸਵਾਰ ਨੌਜਵਾਨਾਂ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਦੋਵੇਂ ਨੌਜਵਾਨ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ਵਿੱਚ ਸਨ ਅਤੇ ਮੋਟਰਸਾਈਕਲ ਬਹੁਤ ਹੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਚਲਾ ਰਹੇ ਸਨ। ਹਾਲਾਂਕਿ, ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ੇ ਵਿੱਚ ਹੋਣ ਦੇ ਦੋਸ਼ਾਂ ਦੀ ਅਸਲ ਪੁਸ਼ਟੀ ਡਾਕਟਰੀ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕੀਤੀ ਜਾ ਸਕੇਗੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. (ASI) ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਅਤੇ ਪੁਲਿਸ ਦੀ ਮਦਦ ਨਾਲ ਹਾਦਸੇ ਵਿੱਚ ਜ਼ਖ਼ਮੀ ਹੋਏ ਤਿੰਨਾਂ ਵਿਅਕਤੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਹੀ ਹੈ।
ਮ੍ਰਿਤਕ ਜਰਨੈਲ ਸਿੰਘ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਲਿਖੇ ਜਾ ਰਹੇ ਹਨ ਅਤੇ ਬਿਆਨਾਂ ਦੇ ਆਧਾਰ ‘ਤੇ ਬਣਦੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
















