Join WhatsApp

Join Now

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਬਾਰੇ ਕੇਂਦਰ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

On: November 24, 2026 7:28 PM

 

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਕੇਂਦਰ ਦਾ ਵੱਡਾ ਬਿਆਨ, ਪੜ੍ਹੋ ਵੇਰਵਾ

ਹਾਲਾਤ ਸੁਖਾਵੇਂ ਹੁੰਦਿਆਂ ਹੀ ਮੁੜ ਖੋਲ੍ਹਿਆ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ: ਅਮਿਤ ਸ਼ਾਹ

ਨਵੀਂ ਦਿੱਲੀ 24 ਨਵੰਬਰ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਵਰਗੇ ਗੰਭੀਰ ਵਿਸ਼ਿਆਂ ‘ਤੇ ਖੁੱਲ੍ਹ ਕੇ ਚਰਚਾ ਕੀਤੀ।

ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਗੱਲ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਇਹ ਇਤਿਹਾਸਕ ਲਾਂਘਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲਕਦਮੀ ਸਦਕਾ ਹੀ ਖੋਲ੍ਹਿਆ ਗਿਆ ਸੀ। ਇਸ ਦੇ ਖੁੱਲ੍ਹਣ ਨਾਲ ਪੰਜਾਬ ਸਮੇਤ ਦੇਸ਼-ਵਿਦੇਸ਼ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਕਾਰਨ ਇਸ ਲਾਂਘੇ ਨੂੰ ਅਸਥਾਈ ਤੌਰ ‘ਤੇ ਬੰਦ ਕਰਨਾ ਪਿਆ ਸੀ। ਕੇਂਦਰੀ ਗ੍ਰਹਿ ਮੰਤਰੀ ਨੇ ਸਿੱਖ ਸੰਗਤਾਂ ਨੂੰ ਭਰੋਸਾ ਦਿੱਤਾ ਕਿ ਜਿਵੇਂ ਹੀ ਸਰਹੱਦ ‘ਤੇ ਹਾਲਾਤ ਪੂਰੀ ਤਰ੍ਹਾਂ ਸੁਖਾਵੇਂ ਅਤੇ ਸੁਰੱਖਿਅਤ ਹੋਣਗੇ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸੰਗਤਾਂ ਦੇ ਦਰਸ਼ਨਾਂ ਲਈ ਮੁੜ ਖੋਲ੍ਹ ਦਿੱਤਾ ਜਾਵੇਗਾ।

ਬੰਦੀ ਸਿੰਘਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ ਬਾਰੇ ਬੋਲਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਇਹ ਮਾਮਲਾ ਕੇਂਦਰ ਸਰਕਾਰ ਦੇ ਪੂਰੀ ਤਰ੍ਹਾਂ ਧਿਆਨ ਵਿੱਚ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਇਹ ਮੁੱਦਾ ਬੜੀ ਗੰਭੀਰਤਾ ਨਾਲ ਉਨ੍ਹਾਂ ਦੇ ਸਾਹਮਣੇ ਰੱਖਿਆ ਗਿਆ ਹੈ। ਗ੍ਰਹਿ ਮੰਤਰੀ ਨੇ ਭਰੋਸਾ ਦਿਵਾਇਆ ਕਿ ਹੁਣ ਜਦੋਂ ਦੋਵੇਂ ਪਾਰਟੀਆਂ ਇਕੱਠੀਆਂ ਹੋ ਗਈਆਂ ਹਨ, ਤਾਂ ਦੋਵਾਂ ਧਿਰਾਂ ਦੇ ਆਗੂ ਮਿਲ ਬੈਠ ਕੇ ਇਸ ਮਸਲੇ ‘ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨਗੇ ਅਤੇ ਇਸ ਦਾ ਕੋਈ ਢੁੱਕਵਾਂ ਹੱਲ ਕੱਢਣ ਦਾ ਯਤਨ ਕੀਤਾ ਜਾਵੇਗਾ।

ਇਸ ਤੋਂ ਇਲਾਵਾ, ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਦੋਵਾਂ ਸਿਆਸੀ ਦਲਾਂ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਮੌਜੂਦਾ ਚੁਣੌਤੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਇੱਥੇ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਮੁੜ ਲੀਹ ‘ਤੇ ਲਿਆਉਣਾ ਸਾਡੀ ਮੁੱਖ ਤਰਜੀਹ ਰਹੇਗੀ। ਗ੍ਰਹਿ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚੋਂ ਗੈਂਗਸਟਰਵਾਦ ਨੂੰ ਖ਼ਤਮ ਕਰਕੇ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਦੋਵੇਂ ਪਾਰਟੀਆਂ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੀਆਂ।

 

Leave a Comment