ਠੇਕਾ ਮੁਲਾਜ਼ਮਾਂ ਨੂੰ ਵਿਭਾਗ ‘ਚ ਮਰਜ਼ ਕਰੇ ਮੈਨੇਜ਼ਮੈਂਟ! ਥਰਮਲ ਦੇ ਕਾਮਿਆਂ ਦੀ ਹੜਤਾਲ ਜਾਰੀ
ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰੇ ਮੈਨੇਜ਼ਮੈਂਟ :-ਕਮੇਟੀ ਆਗੂ
16 ਅਗਸਤ 2026 (ਲਹਿਰਾ ਮੁਹੱਬਤ)
ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਤੇਈਵੇਂ ਦਿਨ ਵੀ ਜਾਰੀ ਹੈ।
ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਲਛਮਣ ਰਾਮਪੁਰਾ, ਨਾਇਬ ਸਿੰਘ, ਬਲਜਿੰਦਰ ਮਾਨ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕੀਤਾ ਗਿਆ।
ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਤੇਈਵੇਂ ਦਿਨ ਵੀ ਜਾਰੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।
ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਅੱਜ ਦੇ ਧਰਨੇ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਹਰਦੀਪ ਤੱਗੜ ਨੇ ਨਿਭਾਈ। ਅੱਜ ਦੀ ਇਕੱਤਰਤਾ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਵੀ ਸੰਬੋਧਨ ਕੀਤਾ।
















