ਕਿਸਾਨੀ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ‘ਚ ਮਾਨ ਸਰਕਾਰ; SKM ਵੱਲੋਂ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ

 

ਸੰਯੁਕਤ ਕਿਸਾਨ ਮੋਰਚਾ, ਪੰਜਾਬ ਵੱਲੋਂ ਬੀਕੇਯੂ ਉਗਰਾਹਾਂ ਦੇ ਆਗੂਆਂ ਅਤੇ ਵਰਕਰਾਂ ਤੇ ਜਬਰ ਦੀ ਨਿਖੇਧੀ

ਪੰਜਾਬ ਸਰਕਾਰ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਇਕੱਲੀ ਨਾ ਸਮਝੇ – ਐਸਕੇਐਮ

ਗ੍ਰਿਫਤਾਰ ਕਿਸਾਨਾਂ ਨੂੰ ਰਿਹਾਅ ਕਰਕੇ ਉਹਨਾਂ ਦੀਆਂ ਮੰਗਾਂ ਮੰਨੀਆਂ ਜਾਣ

ਚੰਡੀਗੜ੍ਹ 6 ਜਨਵਰੀ 2026- ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਉੱਤੇ ਪੰਜਾਬ ਸਰਕਾਰ ਵੱਲੋਂ ਕੀਤੇ ਜ਼ਬਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਪ੍ਰਧਾਨਗੀ ਮੰਡਲ ਨੇ ਕਿਹਾ ਕਿ ਚਾਉਕੇ ਸਕੂਲ ਦੇ ਮਸਲੇ ਵਿੱਚ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੂੰ ਕਈ ਮਹੀਨਿਆਂ ਤੋਂ ਨਜਾਇਜ਼ ਤੌਰ ਤੇ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ।

ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਉਹਨਾਂ ਦੀ ਰਿਹਾਈ ਵਾਸਤੇ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਸੀ। ਜਿਸ ਕਾਰਨ ਰਾਤ ਨੂੰ ਹੀ ਉਨਾਂ ਦੇ ਬਹੁਤ ਸਾਰੇ ਆਗੂ ਗ੍ਰਿਫ਼ਤਾਰ ਕਰ ਲਏ ਹਨ। ਅੱਜ ਵੱਖ-ਵੱਖ ਥਾਵਾਂ ਤੋਂ ਬਠਿੰਡਾ ਵੱਲ ਵੱਧ ਰਹੇ ਕਿਸਾਨ ਕਾਫਲਿਆਂ ਤੇ ਲਾਠੀਚਾਰਜ ਕਰਕੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ ਉਨਾਂ ਨੂੰ ਸੜਕਾਂ ਤੇ ਘੇਰ ਕੇ ਬਠਿੰਡਾ ਪਹੁੰਚਣ ਤੋਂ ਰੋਕਿਆ ਗਿਆ ਹੈ ਜਿਸ ਨਾਲ ਸੜਕਾਂ ਤੇ ਜਾਮ ਵਰਗੀ ਸਥਿਤੀ ਬਣ ਗਈ ਹੈ।

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹ ਰਹੀ ਹੈ ਅਤੇ ਕਿਸਾਨਾਂ ਨੂੰ ਸੜਕਾਂ ਤੇ ਘੇਰ ਕੇ ਆਮ ਲੋਕਾਂ ਲਈ ਪਰੇਸ਼ਾਨੀ ਦਾ ਸਬੱਬ ਬਣ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਇਕੱਲੀ ਨਾ ਸਮਝੇ। ਜੇਕਰ ਕਿਸਾਨਾਂ ਤੇ ਜਬਰ ਬੰਦ ਕਰਕੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਸਰਕਾਰ, ਸੰਯੁਕਤ ਕਿਸਾਨ ਮੋਰਚਾ ਦੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਸ਼ਾਮ, ਦਾਮ, ਦੰਡ, ਭੇਦ ਦੀਆਂ ਨੀਤੀਆਂ ਨੂੰ ਪੂਰੇ ਜ਼ੋਰ ਨਾਲ ਲਾਗੂ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕਾਂ ਦੀ ਆਵਾਜ਼ ਅੱਜ ਤੱਕ ਕਿਸੇ ਵੀ ਜਾਬਰ ਤੋਂ ਦਬਾਈ ਨਹੀਂ ਜਾ ਸਕੀ। ਇਸ ਲਈ ਪੰਜਾਬ ਸਰਕਾਰ ਨੂੰ ਕੰਧ ਤੇ ਲਿਖਿਆ ਪੜ੍ਹਨਾ ਚਾਹੀਦਾ ਹੈ ਤੇ ਕਿਸਾਨਾਂ ਤੇ ਜਬਰ ਬੰਦ ਕਰਕੇ ਉਹਨਾਂ ਦੀਆਂ ਹੱਕੀ ਮੰਗਾਂ ਮੰਨਣੀਆਂ ਚਾਹੀਦੀਆਂ ਹਨ।