ਪੰਜਾਬ ‘ਚ ਮਿਡ-ਡੇ-ਮੀਲ ਸਕੀਮ ਨੇ ਕਰਜ਼ਾਈ ਕੀਤੇ ਸਕੂਲ ਅਧਿਆਪਕ!
ਫ਼ਿਰੋਜ਼ਪੁਰ, 1 ਅਗਸਤ 2026-
ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ/ DTF) ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਮਿੱਡ-ਡੇਅ ਮੀਲ ਸਕੀਮ ਤਹਿਤ ਪਿਛਲੇ ਤਿੰਨ ਮਹੀਨਿਆਂ ਤੋਂ ਰਾਸ਼ੀ ਜਾਰੀ ਨਾ ਕਰਨ ’ਤੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਸਖ਼ਤ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਦੋਸ਼ ਲਾਇਆ ਕਿ ਸਰਕਾਰ ਦੀ ਅਣਗਹਿਲੀ ਕਾਰਨ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਬੱਚਿਆਂ ਦੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਆਪਣੀ ਜੇਬ ਵਿੱਚੋਂ ਕਰਨਾ ਪੈ ਰਿਹਾ ਹੈ।
ਡੀ ਟੀ ਐੱਫ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ, ਵਿੱਤ ਸਕੱਤਰ ਅਮਿਤ ਸ਼ਰਮਾ, ਆਗੂ ਰਾਜ ਕੁਮਾਰ ਮਹਿਰੋਕ ਗੁਰੂਹਰਸਹਾਏ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਨੇ ਕਿਹਾ ਕਿ ਮਿੱਡ-ਡੇਅ ਮੀਲ ਯੋਜਨਾ ਕੇਂਦਰ ਅਤੇ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਥਾਂ ਵਿੱਤੀ ਬੋਝ ਸਕੂਲ ਮੁਖੀਆਂ ਦੇ ਮੱਥੇ ਮੜ੍ਹ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਆਰਥਿਕ ਮੰਦਹਾਲੀ ਅਤੇ ਵਿੱਤੀ ਪ੍ਰਬੰਧਨ ਦੀ ਨਾਕਾਮੀ ਹੁਣ ਸਿੱਖਿਆ ਢਾਂਚੇ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੁੱਚੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਵਿਦਿਆਰਥੀਆਂ ਦੇ ਪੋਸ਼ਣ ਨਾਲ ਜੁੜੀ ਇਸ ਅਹਿਮ ਯੋਜਨਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।
ਇਸ ਮੌਕੇ ਦਵਿੰਦਰ ਨਾਥ, ਅਮਿਤ ਕੰਬੋਜ, ਹੀਰਾ ਸਿੰਘ ਤੂਤ, ਸਵਰਨ ਸਿੰਘ, ਨਰਿੰਦਰ ਜੰਮੂ, ਰਾਮ ਕੁਮਾਰ, ਹਰਜਿੰਦਰ ਜਨੇਰ, ਵਿਕਰਮ ਜੀਤ, ਸਵਰਨ ਸਿੰਘ, ਅਨਿਲ ਧਵਨ, ਗਗਨ ਮਿੱਤਲ, ਜਗਜੀਤ ਸਿੰਘ, ਸੰਦੀਪ ਕੁਮਾਰ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਨ ਕੰਬੋਜ, ਗੁਰਦਰਸ਼ਨ ਸਿੰਘ, ਮੁਖਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ, ਅਰਵਿੰਦ ਗਰਗ, ਇੰਦਰ ਸਿੰਘ ਸੰਧੂ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ ਅਤੇ ਹਰਵਿੰਦਰ ਸਿੰਘ ਹਾਜ਼ਰ ਸਨ।
















