‘ਨਾ ਭਰਤੀ-ਨਾ ਰੁਜ਼ਗਾਰ’! ਸਿਰਫ਼ ਲਾਰਿਆਂ ‘ਤੇ ਚੱਲਿਆ ਪੰਜਾਬ ਦਾ ਸਿੱਖਿਆ ਵਿਭਾਗ; ਸੜਕਾਂ ‘ਤੇ ਰੁਲ ਰਹੀਆਂ ਨੇ ਬੇਰੁਜ਼ਗਾਰਾਂ ਦੀਆਂ ਡਿਗਰੀਆਂ
ਪਿਛਲੇ ਚਾਰ ਸਾਲਾਂ ਵਿੱਚ ਅਧਿਆਪਕਾਂ ਦੀ ਭਰਤੀ ਲਈ ਇੱਕ ਵੀ ਨਵੀਂ ਪੋਸਟ ਨਹੀਂ ਕੱਢੀ

ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਦੀਆਂ ਕਮੇਟੀਆਂ ਨਾਲ ਮੀਟਿੰਗਾਂ ਹੋਈਆਂ ਬੇਸਿੱਟਾ, ਸਿਰਫ਼ ਮਿਲਿਆ ਭਰੋਸਾ
ਰੁਜ਼ਗਾਰ ਮੰਗਦੇ ਨੌਜਵਾਨਾਂ ‘ਤੇ ਲਾਠੀਚਾਰਜ, ਲੋਕ ਮਿਲਣੀ ਦੌਰਾਨ ਬੇਰੁਜ਼ਗਾਰਾਂ ਨੂੰ ਕੀਤਾ ਗਿਆ ਨਜ਼ਰਬੰਦ
ਚੰਡੀਗੜ੍ਹ, 27 ਜੂਨ 2026-
ਪੰਜਾਬ ਵਿੱਚ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਹੁਣ ਬੇਰੁਜ਼ਗਾਰ ਨੌਜਵਾਨਾਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਪੰਜਾਬ ਦਾ ਸਿੱਖਿਆ ਵਿਭਾਗ ਅਤੇ ਮਾਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ, ਜਿਸ ਕਾਰਨ ਸੂਬੇ ਦੇ ਬੇਰੁਜ਼ਗਾਰ ਅਧਿਆਪਕਾਂ ਵਿੱਚ ਭਗਵੰਤ ਮਾਨ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੇਰੁਜ਼ਗਾਰਾਂ ਦਾ ਕਹਿਣਾ ਹੈ ਕਿ ‘ਨਾ ਭਰਤੀ- ਨਾ ਰੁਜ਼ਗਾਰ, ਸਿਰਫ਼ ਲਾਰਿਆਂ ‘ਤੇ ਚੱਲਿਆ ਸਿੱਖਿਆ ਵਿਭਾਗ’।
ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੇ ਲੰਮੇ ਅਰਸੇ ਦੌਰਾਨ ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਲਈ ਇੱਕ ਵੀ ਨਵੀਂ ਪੋਸਟ ਨਹੀਂ ਕੱਢੀ ਗਈ। ਹੱਥਾਂ ਵਿੱਚ ਉੱਚੀਆਂ ਡਿਗਰੀਆਂ ਚੁੱਕੀ ਫਿਰਦੇ ਨੌਜਵਾਨਾਂ ਨੂੰ ਪਿਛਲੇ ਚਾਰ ਸਾਲਾਂ ਵਿੱਚ ਮਾਨ ਸਰਕਾਰ ਵੱਲੋਂ ਸਿਰਫ਼ ਅਤੇ ਸਿਰਫ਼ ਧੋਖੇ ਹੀ ਮਿਲੇ ਹਨ।
ਬੇਰੁਜ਼ਗਾਰ ਯੂਨੀਅਨਾਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀਆਂ ਉੱਚ ਪੱਧਰੀ ਕਮੇਟੀਆਂ ਨਾਲ ਉਨ੍ਹਾਂ ਦੀਆਂ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਮੰਤਰੀਆਂ ਵੱਲੋਂ ਹਰ ਵਾਰ ਵੱਡੇ-ਵੱਡੇ ਭਰੋਸੇ ਤਾਂ ਦੇ ਦਿੱਤੇ ਜਾਂਦੇ ਹਨ, ਪਰ ਜਦੋਂ ਗੱਲ ਜ਼ਮੀਨੀ ਪੱਧਰ ‘ਤੇ ਰੁਜ਼ਗਾਰ ਦੇਣ ਦੀ ਆਉਂਦੀ ਹੈ, ਤਾਂ ਸਰਕਾਰ ਹੱਥ ਪਿੱਛੇ ਖਿੱਚ ਲੈਂਦੀ ਹੈ। ਨਤੀਜਾ ਇਹ ਹੈ ਕਿ ਅੱਜ ਪੰਜਾਬ ਦੀ ਨੌਜਵਾਨੀ ਡਿਗਰੀਆਂ ਚੁੱਕ ਕੇ ਸੜਕਾਂ ‘ਤੇ ਰੁਲਣ ਲਈ ਮਜਬੂਰ ਹੈ।
ਸਰਕਾਰ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਬੇਰੁਜ਼ਗਾਰਾਂ ‘ਤੇ ਹੁਣ ਪ੍ਰਸ਼ਾਸਨਿਕ ਤਸ਼ੱਦਦ ਵੀ ਢਾਹਿਆ ਜਾ ਰਿਹਾ ਹੈ। ਰੁਜ਼ਗਾਰ ਦੀ ਮੰਗ ਕਰ ਰਹੇ ਸ਼ਾਂਤਮਈ ਬੇਰੁਜ਼ਗਾਰਾਂ ‘ਤੇ ਕਈ ਵਾਰ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਜਾ ਚੁੱਕਾ ਹੈ। ਜਦੋਂ ਵੀ ਕੋਈ ਬੇਰੁਜ਼ਗਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਰੁਜ਼ਗਾਰ ਬਾਰੇ ਸਵਾਲ ਪੁੱਛਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਹੱਦ ਤਾਂ ਉਦੋਂ ਹੋ ਗਈ ਜਦੋਂ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਸਵਾਲ ਪੁੱਛਣ ਦੇ ਡਰੋਂ ਕਈ ਬੇਰੁਜ਼ਗਾਰ ਨੌਜਵਾਨਾਂ ਨੂੰ ਪਹਿਲਾਂ ਹੀ ਨਜ਼ਰਬੰਦ ਕਰ ਦਿੱਤਾ ਗਿਆ, ਜੋ ਕਿ ਸਿੱਧੇ ਤੌਰ ‘ਤੇ ਲੋਕਤੰਤਰ ਦਾ ਘਾਣ ਹੈ।
ਜਦੋਂ ਤੱਕ ਰੁਜ਼ਗਾਰ ਨਹੀਂ, ਉਦੋਂ ਤੱਕ ਸੰਘਰਸ਼ ਰਹੇਗਾ ਜਾਰੀ: ਬੇਰੁਜ਼ਗਾਰ
ਬੇਰੁਜ਼ਗਾਰ ਅਧਿਆਪਕਾਂ ਨੇ ਮਾਨ ਸਰਕਾਰ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਐਲਾਨ ਕੀਤਾ ਹੈ ਕਿ ਸਰਕਾਰ ਭਾਵੇਂ ਜਿੰਨਾ ਮਰਜ਼ੀ ਤਸ਼ੱਦਦ ਕਰ ਲਵੇ, ਪਰ ਜਦੋਂ ਤੱਕ ਉਨ੍ਹਾਂ ਨੂੰ ਯੋਗਤਾ ਦੇ ਅਧਾਰ ‘ਤੇ ਪੱਕਾ ਰੁਜ਼ਗਾਰ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਇਹ ਤਿੱਖਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਅਖੌਤੀ ‘ਆਮ ਲੋਕਾਂ ਦੀ ਸਰਕਾਰ’ ਇਨ੍ਹਾਂ ਰੁਲਦੇ ਹੋਏ ਬੇਰੁਜ਼ਗਾਰਾਂ ਦੀ ਬਾਂਹ ਕਦੋਂ ਫੜਦੀ ਹੈ ਜਾਂ ਫਿਰ ਲਾਰਿਆਂ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਚੱਲਦਾ ਰਹੇਗਾ।















