ਟੈਟ ਦੀ ਸ਼ਰਤ ਨੂੰ ਨਾ, ਸੰਘਰਸ਼ ਨੂੰ ਹਾਂ: ਸਿੱਖਿਆ ਮੰਤਰੀ ਦੇ ਹਲਕੇ ‘ਚ ਗਰਜਣਗੇ ਅਧਿਆਪਕ
15 ਅਧਿਆਪਕ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ ਨਾਭਾ ਵਿਖੇ ਹੋਈ ਅਹਿਮ ਮੀਟਿੰਗ; ਸਿੱਖਿਆ ਮੰਤਰੀ ਦੇ ਹਲਕੇ ‘ਚ ਹੋਵੇਗੀ ਸੂਬਾਈ ਰੈਲੀ
Punjab News, 20 ਫਰਵਰੀ 2026
ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂ ‘ਤੇ ਲਗਾਈ ਗਈ ਜ਼ਬਰੀ ‘ਟੈਟ’ (TET) ਦੀ ਸ਼ਰਤ ਵਿਰੁੱਧ ਅਧਿਆਪਕ ਵਰਗ ਵਿੱਚ ਰੋਸ ਦੀ ਲਹਿਰ ਪ੍ਰਚੰਡ ਹੁੰਦੀ ਜਾ ਰਹੀ ਹੈ।
ਇਸੇ ਲੜੀ ਤਹਿਤ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਚੋਣ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੀ ਵਿਸ਼ਾਲ ਸੂਬਾਈ ਰੈਲੀ ਦੀ ਤਿਆਰੀ ਵਜੋਂ ਅਧਿਆਪਕ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਹੋਈ।
ਇਸ ਮੀਟਿੰਗ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (DTF), ਗੌਰਮਿੰਟ ਟੀਚਰਜ਼ ਯੂਨੀਅਨ (GTU) ਅਤੇ ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਸਰਗਰਮ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਅਗਵਾਈ ਬਲਾਕ ਆਗੂ ਡਾਕਟਰ ਰਾਮਸ਼ਰਨ, ਜਗਤਾਰ ਸਿੰਘ ਜੱਗੀ ਅਤੇ ਵਿਕਾਸ ਸਹਿਗਲ ਨੇ ਕੀਤੀ।
ਆਗੂਆਂ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਤਰੱਕੀਆਂ ਦੇ ਰਾਹ ਵਿੱਚ ਬੇਲੋੜੀਆਂ ਸ਼ਰਤਾਂ ਥੋਪ ਕੇ ਅਧਿਆਪਕਾਂ ਦਾ ਮਾਨਸਿਕ ਅਤੇ ਆਰਥਿਕ ਸ਼ੋਸ਼ਣ ਕਰ ਰਹੀ ਹੈ।
ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ 15 ਜਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇ ਤਾਂ ਜੋ ਸਿੱਖਿਆ ਮੰਤਰੀ ਦੇ ਗੜ੍ਹ ਵਿੱਚ ਆਵਾਜ਼ ਬੁਲੰਦ ਕੀਤੀ ਜਾ ਸਕੇ।
ਮੀਟਿੰਗ ਵਿੱਚ ਹਾਜ਼ਰ ਅਧਿਆਪਕਾਂ ਨੇ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਪੂਰਨ ਸਹਿਮਤੀ ਜਤਾਈ ਅਤੇ ਭਰੋਸਾ ਦਿੱਤਾ ਕਿ ਨਾਭਾ ਬਲਾਕ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਇਸ ਰੈਲੀ ਵਿੱਚ ਪਹੁੰਚਣਗੇ।
ਅਧਿਆਪਕਾਂ ਨੇ ਇੱਕ ਸੁਰ ਵਿੱਚ ਕਿਹਾ ਕਿ ਸਰਕਾਰ ਤਰੱਕੀਆਂ ਉੱਪਰ ਲਗਾਈ ਟੈਟ ਦੀ ਸ਼ਰਤ ਨੂੰ ਤੁਰੰਤ ਵਾਪਸ ਲਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।






