ਪੰਜਾਬ ‘ਚ ਹੁਣ ਬੀ.ਐੱਡ. ਪੇਪਰ ਨੂੰ ਲੈ ਕੇ ਵਿਵਾਦ? ਫ਼ਰੀਦਕੋਟ ਚ ਨਹੀਂ ਬਣਿਆ ਇੱਕ ਵੀ ਪ੍ਰੀਖਿਆ ਕੇਂਦਰ- 400 ਤੋਂ ਵੱਧ ਵਿਦਿਆਰਥੀ ਪ੍ਰੇਸ਼ਾਨ
ਫ਼ਰੀਦਕੋਟ, 3 ਅਗਸਤ 2026
ਪੰਜਾਬ ਭਰ ਵਿੱਚ ਬੀ.ਐੱਡ. ਕੋਰਸਾਂ ਵਿੱਚ ਦਾਖ਼ਲੇ ਲਈ ਐਤਵਾਰ ਨੂੰ ਪ੍ਰਵੇਸ਼ ਪ੍ਰੀਖਿਆ ਕਰਵਾਈ ਗਈ, ਪਰ ਫ਼ਰੀਦਕੋਟ ਜ਼ਿਲ੍ਹੇ ਵਿੱਚ ਇੱਕ ਵੀ ਪ੍ਰੀਖਿਆ ਕੇਂਦਰ ਨਾ ਬਣਾਏ ਜਾਣ ਕਾਰਨ ਸੈਂਕੜੇ ਵਿਦਿਆਰਥੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹੈਰਾਨੀ ਦੀ ਗੱਲ ਇਹ ਹੈ ਕਿ ਫ਼ਰੀਦਕੋਟ ਵਿੱਚ 6 ਬੀ.ਐੱਡ. ਕਾਲਜ ਮੌਜੂਦ ਹੋਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਇੱਥੇ ਕੋਈ ਪ੍ਰੀਖਿਆ ਕੇਂਦਰ ਨਿਰਧਾਰਤ ਨਹੀਂ ਕੀਤਾ ਗਿਆ।
ਜਾਣਕਾਰੀ ਅਨੁਸਾਰ, ਫ਼ਰੀਦਕੋਟ ਦੇ 400 ਤੋਂ ਵੱਧ ਉਮੀਦਵਾਰਾਂ ਨੂੰ ਆਪਣੀ ਪ੍ਰਵੇਸ਼ ਪ੍ਰੀਖਿਆ ਦੇਣ ਲਈ ਬਠਿੰਡਾ, ਮੁਕਤਸਰ, ਮੋਗਾ ਅਤੇ ਹੋਰ ਨੇੜਲੇ ਜ਼ਿਲ੍ਹਿਆਂ ਵਿੱਚ ਜਾਣਾ ਪਿਆ। ਇਸ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਾਧੂ ਖ਼ਰਚ ਅਤੇ ਆਵਾਜਾਈ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ, ਪੰਜਾਬ ਦੇ ਹੋਰ ਜ਼ਿਲ੍ਹਿਆਂ ਦੇ ਜ਼ਿਆਦਾਤਰ ਉਮੀਦਵਾਰਾਂ ਨੂੰ ਆਪਣੇ ਹੀ ਜ਼ਿਲ੍ਹੇ ਵਿੱਚ ਪ੍ਰੀਖਿਆ ਦੇਣ ਦੀ ਸਹੂਲਤ ਦਿੱਤੀ ਗਈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਕਰੀਬ ਦੋ ਹਫ਼ਤੇ ਪਹਿਲਾਂ ਫ਼ਰੀਦਕੋਟ ਵਿੱਚ ਫਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ਦੌਰਾਨ ਕਥਿਤ ਨਕਲ ਗਰੋਹ ਦਾ ਪਰਦਾਫ਼ਾਸ਼ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਇਸ ਵਾਰ ਜ਼ਿਲ੍ਹੇ ਵਿੱਚ ਕੋਈ ਪ੍ਰੀਖਿਆ ਕੇਂਦਰ ਨਾ ਬਣਾਉਣ ਦਾ ਫ਼ੈਸਲਾ ਕੀਤਾ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ ‘ਤੇ ਕੋਈ ਵਿਸਥਾਰਪੂਰਵਕ ਸਪੱਸ਼ਟੀਕਰਨ ਸਾਹਮਣੇ ਨਹੀਂ ਆਇਆ।
ਇਸ ਮਾਮਲੇ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ। ਵਿਦਿਆਰਥੀ ਜਥੇਬੰਦੀਆਂ, ਕਿਸਾਨ ਸੰਸਥਾਵਾਂ ਅਤੇ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਜਾਣਬੁੱਝ ਕੇ ਪੇਪਰ ਲੀਕ ਦੇ ਮਾਮਲਿਆਂ ਨੂੰ ਸਿਰਫ਼ “ਨਕਲ ਕਾਂਡ” ਵਜੋਂ ਪੇਸ਼ ਕਰ ਰਹੀ ਹੈ, ਜਦਕਿ ਅਸਲ ਤੱਥਾਂ ਨੂੰ ਸਾਹਮਣੇ ਲਿਆਉਣ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰਾਂ ਨੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਭਰ ਵਿੱਚ ਬੀ.ਐੱਡ. ਦੀਆਂ 20 ਹਜ਼ਾਰ ਤੋਂ ਵੱਧ ਸੀਟਾਂ ਲਈ ਕਰੀਬ 35 ਹਜ਼ਾਰ ਉਮੀਦਵਾਰਾਂ ਨੇ ਪ੍ਰਵੇਸ਼ ਪ੍ਰੀਖਿਆ ਦਿੱਤੀ ਹੈ। ਫ਼ਰੀਦਕੋਟ ਦੇ ਉਮੀਦਵਾਰਾਂ ਦਾ ਕਹਿਣਾ ਹੈ ਕਿ ਜੇਕਰ ਜ਼ਿਲ੍ਹੇ ਵਿੱਚ ਹੀ ਪ੍ਰੀਖਿਆ ਕੇਂਦਰ ਬਣਾਇਆ ਜਾਂਦਾ ਤਾਂ ਉਨ੍ਹਾਂ ਨੂੰ ਬਿਨਾਂ ਲੋੜ ਤੋਂ ਦੂਜੇ ਜ਼ਿਲ੍ਹਿਆਂ ਦੀ ਯਾਤਰਾ ਨਾ ਕਰਨੀ ਪੈਂਦੀ। ਹੁਣ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਵਿੱਖ ਵਿੱਚ ਅਜਿਹੀਆਂ ਪ੍ਰੀਖਿਆਵਾਂ ਦੌਰਾਨ ਫ਼ਰੀਦਕੋਟ ਸਮੇਤ ਹਰ ਜ਼ਿਲ੍ਹੇ ਵਿੱਚ ਕੇਂਦਰ ਯਕੀਨੀ ਬਣਾਏ ਜਾਣ, ਤਾਂ ਜੋ ਉਮੀਦਵਾਰਾਂ ਨੂੰ ਬੇਵਜ੍ਹਾ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।















