Photo Credit- Punjabi Tribune
ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ
ਮਾਨਸਾ / ਚੰਡੀਗੜ੍ਹ, 17 ਅਕਤੂਬਰ 2026: ਮਾਨਸਾ ਜ਼ਿਲ੍ਹੇ ਵਿੱਚ ਚਰਚਿਤ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਥਿਤੀ ਬੇਹੱਦ ਤਣਾਅਪੂਰਨ ਬਣੀ ਹੋਈ ਹੈ। ਘਟਨਾ ਤੋਂ ਬਾਅਦ ਜਿੱਥੇ ਆਮ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਵਿੱਚ ਗੁੱਸੇ ਦੀ ਲਹਿਰ ਹੈ, ਉੱਥੇ ਹੀ ਪ੍ਰਸ਼ਾਸਨ ਲਈ ਸ਼ਾਂਤੀ ਵਿਵਸਥਾ ਬਣਾਏ ਰੱਖਣਾ ਵੱਡੀ ਚੁਣੌਤੀ ਬਣ ਗਿਆ ਹੈ। ਇਸ ਦੌਰਾਨ ਮਾਨਸਾ ਦੇ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਡਾ. ਵਿਜੈ ਸਿੰਗਲਾ ਘਟਨਾ ਵਿੱਚ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ-ਚਾਲ ਜਾਣਨ ਲਈ ਮਾਨਸਾ ਦੇ ਸਰਕਾਰੀ ਸਿਵਲ ਹਸਪਤਾਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੂੰ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਸਿਵਲ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਨੌਜਵਾਨਾਂ ਨਾਲ ਮੁਲਾਕਾਤ ਕਰਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਵਿਧਾਇਕ ਨੇ ਐਲਾਨ ਕੀਤਾ ਕਿ ਜ਼ਖ਼ਮੀ ਹੋਏ ਸਾਰੇ ਨੌਜਵਾਨਾਂ ਦੇ ਇਲਾਜ ਦਾ ਪੂਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਡਾਕਟਰਾਂ ਨੂੰ ਵੀ ਹਦਾਇਤ ਕੀਤੀ ਕਿ ਜ਼ਖ਼ਮੀਆਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਜਿਵੇਂ ਹੀ ਵਿਧਾਇਕ ਡਾ. ਵਿਜੈ ਸਿੰਗਲਾ ਹਸਪਤਾਲ ਦੇ ਅੰਦਰ ਜ਼ਖ਼ਮੀਆਂ ਨਾਲ ਗੱਲਬਾਤ ਕਰ ਰਹੇ ਸਨ, ਉੱਥੇ ਪਹਿਲਾਂ ਤੋਂ ਮੌਜੂਦ ਨਿਹੰਗ ਸਿੰਘਾਂ ਅਤੇ ਸਥਾਨਕ ਨੌਜਵਾਨਾਂ ਨੇ ਉਨ੍ਹਾਂ ਦੇ ਆਗਮਨ ਦਾ ਤਿੱਖਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਗੁੱਸੇ ਵਿੱਚ ਆਏ ਨਿਹੰਗ ਸਿੰਘਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹਸਪਤਾਲ ਪਰਿਸਰ ਵਿੱਚ ‘ਮੁਰਦਾਬਾਦ’ ਦੇ ਨਾਅਰੇ ਗੂੰਜਣ ਲੱਗੇ, ਜਿਸ ਨਾਲ ਕੁਝ ਸਮੇਂ ਲਈ ਹਸਪਤਾਲ ਦਾ ਮਾਹੌਲ ਬੇਹੱਦ ਗਰਮਾ ਗਿਆ ਅਤੇ ਭਗਦੜ ਵਰਗੀ ਸਥਿਤੀ ਬਣ ਗਈ।
ਵਿਰੋਧ ਕਰ ਰਹੇ ਲੋਕਾਂ ਦਾ ਦੋਸ਼ ਸੀ ਕਿ ਪ੍ਰਸ਼ਾਸਨ ਦੀ ਢਿੱਲ ਕਾਰਨ ਇਹ ਦੁਖਦਾਈ ਘਟਨਾ ਵਾਪਰੀ ਹੈ। ਹਸਪਤਾਲ ਵਿੱਚ ਅਚਾਨਕ ਬਣੇ ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਉੱਥੇ ਤੈਨਾਤ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੁਸਤੈਦੀ ਅਤੇ ਚੌਕਸੀ ਦਿਖਾਉਂਦਿਆਂ ਸਥਿਤੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਘੇਰਾਬੰਦੀ ਕਰਕੇ ਵਿਧਾਇਕ ਡਾ. ਵਿਜੈ ਸਿੰਗਲਾ ਨੂੰ ਵਿਰੋਧ ਕਰ ਰਹੇ ਨਿਹੰਗ ਸਿੰਘਾਂ ਅਤੇ ਭੀੜ ਤੋਂ ਬਚਾਉਂਦਿਆਂ ਸੁਰੱਖਿਅਤ ਢੰਗ ਨਾਲ ਹਸਪਤਾਲ ਤੋਂ ਬਾਹਰ ਕੱਢਿਆ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮਾਨਸਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ। ਸ਼ਹਿਰ ਦੇ ਮੁੱਖ ਚੌਕਾਂ ‘ਤੇ ਨਾਕੇਬੰਦੀ ਕਰ ਦਿੱਤੀ ਗਈ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਘਟਨਾ ਨੇ ਮਾਨਸਾ ਦੇ ਨਾਲ-ਨਾਲ ਪੂਰੇ ਪੰਜਾਬ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਪੁਲਿਸ ਪ੍ਰਸ਼ਾਸਨ ਦੋਸ਼ੀਆਂ ਖ਼ਿਲਾਫ਼ ਕੀ ਕਾਰਵਾਈ ਕਰਦਾ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਸਿਆਸੀ ਪੱਧਰ ‘ਤੇ ਕੀ ਨਵੇਂ ਘਟਨਾਕ੍ਰਮ ਸਾਹਮਣੇ ਆਉਂਦੇ ਹਨ।
















