Join WhatsApp

Join Now

ਪਰਵਿੰਦਰ ਝੋਟਾ ਦਾ ਪੰਜਵੇਂ ਦਿਨ ਵੀ ਨਹੀਂ ਹੋਇਆ ਸਸਕਾਰ; CM ਭਗਵੰਤ ਮਾਨ ਦੇ ਅਸਤੀਫ਼ੇ ਅਤੇ CBI ਜਾਂਚ ਦੀ ਮੰਗ ’ਤੇ ਅੜਿਆ ਪਰਿਵਾਰ

On: October 18, 2026 9:53 AM

 

ਪਰਵਿੰਦਰ ਝੋਟਾ ਦਾ ਪੰਜਵੇਂ ਦਿਨ ਵੀ ਨਹੀਂ ਹੋਇਆ ਸਸਕਾਰ; CM ਭਗਵੰਤ ਮਾਨ ਦੇ ਅਸਤੀਫ਼ੇ ਅਤੇ CBI ਜਾਂਚ ਦੀ ਮੰਗ ’ਤੇ ਅੜਿਆ ਪਰਿਵਾਰ

ਮਾਨਸਾ, 18 ਅਕਤੂਬਰ 2026: ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਧਰਨਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਪੰਜਵੇਂ ਦਿਨ ਵੀ ਪਰਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਹੋ ਸਕਿਆ। ਪਰਿਵਾਰ ਅਤੇ ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ।

ਪਰਿਵਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ, ਪੰਜਾਬ ਦੇ ਡੀਜੀਪੀ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਅਤੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਹੈ।

ਵਿਧਾਇਕ ਵਿਜੈ ਸਿੰਗਲਾ ਨੂੰ ਕਰਨਾ ਪਿਆ ਵਿਰੋਧ ਦਾ ਸਾਹਮਣਾ

ਇਸ ਦੌਰਾਨ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਵਿਜੈ ਸਿੰਗਲਾ ਹਸਪਤਾਲ ਪਹੁੰਚੇ, ਪਰ ਉੱਥੇ ਮੌਜੂਦ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਿਧਾਇਕ ਦੀ ਗੱਡੀ ਨੂੰ ਘੇਰ ਲਿਆ। ਸਥਿਤੀ ਨੂੰ ਦੇਖਦਿਆਂ ਪੁਲਿਸ ਨੇ ਦਖ਼ਲ ਦਿੱਤਾ ਅਤੇ ਕਿਸੇ ਤਰ੍ਹਾਂ ਵਿਧਾਇਕ ਨੂੰ ਉੱਥੋਂ ਬਾਹਰ ਕੱਢਿਆ।

ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਸਿਆਸੀ ਆਗੂ ਨੂੰ ਹਸਪਤਾਲ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਨਸਾਫ਼ ਕਮੇਟੀ ਦੇ ਭਾਨਾ ਸਿੱਧੂ ਨੇ ਕਿਹਾ ਕਿ ਜਿਹੜੇ ਵਿਧਾਇਕ ਧਰਨੇ ਵਿੱਚ ਪਹੁੰਚਣਾ ਚਾਹੁੰਦੇ ਹਨ, ਉਹ ਪਹਿਲਾਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਆਉਣ।

19 ਅਕਤੂਬਰ ਨੂੰ ਪੰਜਾਬ ਭਰ ਵਿੱਚ ਘਿਰਾਓ ਦਾ ਐਲਾਨ

ਇਨਸਾਫ਼ ਕਮੇਟੀ ਨੇ 19 ਅਕਤੂਬਰ ਨੂੰ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਐਲਾਨ ਨਾਲ ਮਾਮਲੇ ਨੂੰ ਲੈ ਕੇ ਸਿਆਸੀ ਹਲਚਲ ਹੋਰ ਵਧਣ ਦੀ ਸੰਭਾਵਨਾ ਹੈ। ਦੂਜੇ ਪਾਸੇ, ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਵਿੱਚ ਮੁਲਜ਼ਮ ਦੱਸੇ ਗਏ ਅਸ਼ਵਨੀ ਦਾ ਅਸਲਾ ਲਾਇਸੈਂਸ ਰੱਦ ਕਰ ਦਿੱਤਾ ਹੈ।

ਹਾਲਾਂਕਿ, ਪਰਿਵਾਰ ਅਤੇ ਪ੍ਰਦਰਸ਼ਨਕਾਰੀ ਇਸ ਕਾਰਵਾਈ ਤੋਂ ਇਲਾਵਾ ਆਪਣੀਆਂ ਮੁੱਖ ਮੰਗਾਂ ਪੂਰੀਆਂ ਕਰਨ ’ਤੇ ਜ਼ੋਰ ਦੇ ਰਹੇ ਹਨ। ਹੁਣ ਸਭ ਦੀਆਂ ਨਜ਼ਰਾਂ ਸਰਕਾਰ ਅਤੇ ਪ੍ਰਸ਼ਾਸਨ ਦੇ ਅਗਲੇ ਕਦਮਾਂ ’ਤੇ ਟਿਕੀਆਂ ਹੋਈਆਂ ਹਨ। ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਕੀ ਪਹਿਲ ਕੀਤੀ ਜਾਂਦੀ ਹੈ ਅਤੇ ਅੰਤਿਮ ਸੰਸਕਾਰ ਨੂੰ ਲੈ ਕੇ ਜਾਰੀ ਰੇੜਕਾ ਕਦੋਂ ਖ਼ਤਮ ਹੁੰਦਾ ਹੈ।

 

Leave a Comment