ਅਕਾਲੀ-ਭਾਜਪਾ ਗਠਜੋੜ ਹੋਣ ਦੀ ਸੰਭਾਵਨਾ- ਕੇਂਦਰੀ ਮੰਤਰੀ ਨੇ ਦਿੱਤਾ ਵੱਡਾ ਬਿਆਨ
ਅਠਾਵਲੇ ਨੇ ਪੰਜਾਬ ’ਚ ਅਕਾਲੀ-ਭਾਜਪਾ ਗਠਜੋੜ ਦੀ ਕੀਤੀ ਵਕਾਲਤ, ਕਿਹਾ- ਸਾਡੀ ਪਾਰਟੀ ਦੋਵਾਂ ਨਾਲ ਮਿਲ ਕੇ ਚੋਣ ਲੜਨ ਲਈ ਤਿਆਰ
ਲੁਧਿਆਣਾ 11 ਸਤੰਬਰ 2026
ਰਿਪਬਲਿਕਨ ਪਾਰਟੀ ਆਫ ਇੰਡੀਆ (ਏ) ਦੇ ਮੁਖੀ ਅਤੇ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀ ਵਕਾਲਤ ਕੀਤੀ ਹੈ। ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੋਵਾਂ ਧਿਰਾਂ ਨਾਲ ਮਿਲ ਕੇ ਚੋਣ ਲੜਨ ਲਈ ਤਿਆਰ ਹੈ ਅਤੇ ਅਕਾਲੀ-ਭਾਜਪਾ ਗਠਜੋੜ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਸਕਦੀ ਹੈ।
ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੇਂਦਰ ਵਿੱਚ ਐੱਨ.ਡੀ.ਏ. ਦਾ ਹਿੱਸਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਅਰਥਵਿਵਸਥਾ ਨੇ ਮਹੱਤਵਪੂਰਨ ਤਰੱਕੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2029 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਵੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐੱਨ.ਡੀ.ਏ. ਦੀ ਸਰਕਾਰ ਬਣੇਗੀ। ਇਸ ਦੌਰਾਨ ਉਨ੍ਹਾਂ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਵਿਰੋਧੀ ਧਿਰ ਵੱਲੋਂ ਝੂਠੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ।
ਕੇਂਦਰੀ ਰਾਜ ਮੰਤਰੀ ਨੇ ਆਪਣੀ ਪੰਜਾਬ ਫੇਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਐੱਸ.ਸੀ. ਭਾਈਚਾਰੇ ਦੀ ਵੱਡੀ ਆਬਾਦੀ ਹੈ ਅਤੇ ਇਸੇ ਸੰਦਰਭ ਵਿੱਚ ਉਹ ਪੰਜਾਬ ਦੌਰੇ ’ਤੇ ਆਏ ਹਨ। ਉਨ੍ਹਾਂ ਜਲੰਧਰ ਵਿਖੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕਰਨ ਦੀ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਅਠਾਵਲੇ ਨੇ ਲੁਧਿਆਣਾ ਵਿੱਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
















