Join WhatsApp

Join Now

PRTC Bus Crash! ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਬੱਸਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 3 ਸਵਾਰੀਆਂ ਦੀ ਮੌਤ- ਕਈ ਜ਼ਖ਼ਮੀ

On: November 11, 2026 10:01 AM

 

PRTC Bus Crash! ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਬੱਸਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 3 ਸਵਾਰੀਆਂ ਦੀ ਮੌਤ- ਕਈ ਜ਼ਖ਼ਮੀ

PRTC Bus Crash! ਸੰਗਰੂਰ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ: ਓਵਰਬ੍ਰਿਜ ਨਾਲ ਟਕਰਾਉਣ ਤੋਂ ਬਾਅਦ ਖੇਤਾਂ ‘ਚ ਡਿੱਗੀ ਬੱਸ; 10 ਗੰਭੀਰ ਜ਼ਖ਼ਮੀ ਪਟਿਆਲਾ ਰੈਫ਼ਰ- ਇਲਾਕੇ ‘ਚ ਸੋਗ ਦੀ ਲਹਿਰ

ਪੰਜਾਬ ਨੈੱਟਵਰਕ

ਸੰਗਰੂਰ, 11 ਨਵੰਬਰ 2026- ਸੰਗਰੂਰ ਵਿਖੇ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਮਾਰਗ (ਨੈਸ਼ਨਲ ਹਾਈਵੇਅ) ‘ਤੇ ਅੱਜ ਸਵੇਰੇ ਇੱਕ ਬਹੁਤ ਹੀ ਦੁਖਦਾਈ ਅਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਸੰਗਰੂਰ ਤੋਂ ਸਵੇਰੇ-ਸਵੇਰੇ ਸਵਾਰੀਆਂ ਲੈ ਕੇ ਚੰਡੀਗੜ੍ਹ ਲਈ ਰਵਾਨਾ ਹੋਈ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. (PRTC Bus Crash) ਦੀ ਇੱਕ ਬੱਸ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਮਹਿਜ਼ ਕੁਝ ਕਿਲੋਮੀਟਰ ਦੀ ਦੂਰੀ ‘ਤੇ ਓਵਰਬ੍ਰਿਜ ਨੇੜੇ ਅਚਾਨਕ ਬੇਕਾਬੂ ਹੋ ਗਈ।

ਬੇਕਾਬੂ ਹੋਣ ਤੋਂ ਬਾਅਦ ਬੱਸ ਪਹਿਲਾਂ ਪੁਲ ਨਾਲ ਜ਼ੋਰਦਾਰ ਢੰਗ ਨਾਲ ਟਕਰਾਈ ਅਤੇ ਫਿਰ ਖੇਤਾਂ ਵਿੱਚ ਜਾ ਪਲਟੀ। ਇਸ ਖ਼ੌਫ਼ਨਾਕ ਹਾਦਸੇ ਵਿੱਚ 3 ਯਾਤਰੀਆਂ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਦੋ ਦਰਜਨ (24) ਤੋਂ ਵੱਧ ਮੁਸਾਫ਼ਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਅਨੁਸਾਰ, ਇਹ ਬੱਸ ਸਵੇਰੇ ਨਿਯਮਤ ਸਮੇਂ ਅਨੁਸਾਰ ਸੰਗਰੂਰ ਬੱਸ ਸਟੈਂਡ ਤੋਂ ਯਾਤਰੀਆਂ ਨਾਲ ਭਰ ਕੇ ਚੰਡੀਗੜ੍ਹ ਵੱਲ ਜਾ ਰਹੀ ਸੀ। ਜਿਵੇਂ ਹੀ ਬੱਸ ਓਵਰਬ੍ਰਿਜ ਨੇੜੇ ਪਹੁੰਚੀ ਤਾਂ ਚਾਲਕ ਆਪਣਾ ਸੰਤੁਲਨ ਗੁਆ ਬੈਠਾ। ਪੁਲ ਨਾਲ ਟਕਰਾਉਣ ਤੋਂ ਬਾਅਦ ਜਦੋਂ ਬੱਸ ਖੇਤਾਂ ਵਿੱਚ ਪਲਟੀ ਤਾਂ ਅੰਦਰ ਬੈਠੀਆਂ ਸਵਾਰੀਆਂ ਵਿੱਚ ਚੀਕ-ਚਿਹਾੜਾ ਮਚ ਗਿਆ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਰਾਹਗੀਰਾਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਬੱਸ ਵਿੱਚ ਫਸੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਐਂਬੂਲੈਂਸਾਂ ਰਾਹੀਂ ਤੁਰੰਤ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਮੇਹਰ ਸਿੰਘ ਨੇ ਦੱਸਿਆ ਕਿ ਹਾਦਸਾਗ੍ਰਸਤ ਬੱਸ ਪੀ.ਆਰ.ਟੀ.ਸੀ. ਦੀ ਸੀ ਅਤੇ ਸਵੇਰ ਦਾ ਸਮਾਂ ਹੋਣ ਕਰਕੇ ਬੱਸ ਵਿੱਚ ਕਾਫ਼ੀ ਗਿਣਤੀ ਵਿੱਚ ਯਾਤਰੀ ਸਵਾਰ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਹਾਦਸੇ ਸਮੇਂ ਮੌਸਮ ਬਿਲਕੁਲ ਸਾਫ਼ ਸੀ ਅਤੇ ਕਿਸੇ ਕਿਸਮ ਦੀ ਧੁੰਦ ਨਹੀਂ ਸੀ।

ਮੁੱਢਲੀ ਜਾਂਚ ਅਤੇ ਮੌਕੇ ‘ਤੇ ਮੌਜੂਦ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਦੇ ਆਧਾਰ ‘ਤੇ ਇਹ ਗੱਲ ਸਾਹਮਣੇ ਆਈ ਹੈ ਕਿ ਬੱਸ ਦੀ ਰਫ਼ਤਾਰ ਕਾਫ਼ੀ ਤੇਜ਼ ਸੀ, ਜਿਸ ਕਰਕੇ ਚਾਲਕ ਬੱਸ ‘ਤੇ ਕਾਬੂ ਨਹੀਂ ਰੱਖ ਸਕਿਆ। ਪੁਲਿਸ ਨੇ ਤਿੰਨੋਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਿਵਲ ਹਸਪਤਾਲ ਸੰਗਰੂਰ ਦੇ ਸੀਨੀਅਰ ਮੈਡੀਕਲ ਅਫ਼ਸਰ (SMO) ਡਾ. ਵਿਨੋਦ ਕੁਮਾਰ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਹਸਪਤਾਲ ਪਹੁੰਚਣ ‘ਤੇ ਤਿੰਨ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਿਨ੍ਹਾਂ ਦੀਆਂ ਦੇਹਾਂ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਈਆਂ ਗਈਆਂ ਹਨ।

ਡਾ. ਵਿਨੋਦ ਕੁਮਾਰ ਨੇ ਅੱਗੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ 10 ਮਰੀਜ਼ਾਂ ਦੀ ਹਾਲਤ ਬਹੁਤ ਹੀ ਚਿੰਤਾਜਨਕ ਅਤੇ ਗੰਭੀਰ ਬਣੀ ਹੋਈ ਸੀ, ਜਿਸ ਕਾਰਨ ਉਨ੍ਹਾਂ ਨੂੰ ਬਿਹਤਰ ਅਤੇ ਉੱਚ ਪੱਧਰੀ ਇਲਾਜ ਲਈ 108 ਐਂਬੂਲੈਂਸਾਂ ਰਾਹੀਂ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਸਪਤਾਲ ਪ੍ਰਬੰਧਕਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ ਤਾਂ ਜੋ ਮਰੀਜ਼ਾਂ ਦੇ ਪਹੁੰਚਦੇ ਹੀ ਇਲਾਜ ਸ਼ੁਰੂ ਹੋ ਸਕੇ। ਇਸ ਤੋਂ ਇਲਾਵਾ ਬਾਕੀ 11 ਜ਼ਖ਼ਮੀਆਂ ਦਾ ਇਲਾਜ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਹੀ ਜਾਰੀ ਹੈ ਅਤੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

 

Leave a Comment