PSPCL Outsourced Employees Protest! ਨੋਟੀਫਿਕੇਸ਼ਨ ਜਾਰੀ ਹੋਣ ਤੱਕ ਜਾਰੀ ਰਹੇਗਾ ਮੋਰਚਾ! ਥਰਮਲ ਦੇ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਧਰਨੇ ‘ਤੇ ਡਟੇ
ਵਿਭਾਗ ਵਿੱਚ ਮਰਜ਼ (ਪੱਕਾ) ਕਰਨ ਦੀ ਮੰਗ ਨੂੰ ਲੈ ਕੇ 9 ਜੂਨ ਤੋਂ ਲਗਾਤਾਰ ਚੱਲ ਰਿਹਾ ਹੈ ਸੰਘਰਸ਼

ਆਗੂਆਂ ਦਾ ਦੋਸ਼- “ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨਾਲ ਮੀਟਿੰਗ ‘ਚ ਹੋਏ ਫੈਸਲਿਆਂ ਤੋਂ ਭੱਜ ਰਹੀ ਹੈ ਪਾਵਰਕਾਮ ਮੈਨੇਜਮੈਂਟ”
ਜਦੋਂ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਰਹੇਗਾ ਜਾਰੀ: ਤਾਲਮੇਲ ਕਮੇਟੀ
ਲਹਿਰਾ ਮੁਹੱਬਤ/ਬਠਿੰਡਾ, 20 ਜੂਨ 2026-
PSPCL Outsourced Employees Protest! ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ‘ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ (ਲਹਿਰਾ ਮੁਹੱਬਤ) ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਵਿੱਢਿਆ ਗਿਆ ਤਿੱਖਾ ਸੰਘਰਸ਼ ਲਗਾਤਾਰ ਜਾਰੀ ਹੈ। ਲੰਘੀ 9 ਜੂਨ ਤੋਂ ਮੁਲਾਜ਼ਮਾਂ ਵੱਲੋਂ ਆਪਣੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਗਿਆ ਇਹ ਧਰਨਾ ਅੱਜ 11ਵੇਂ ਦਿਨ ਵੀ ਪਲਾਂਟ ਦੇ ਮੁੱਖ ਗੇਟ ‘ਤੇ ਪੂਰੇ ਜੋਸ਼ੋ-ਖ਼ਰੋਸ਼ ਨਾਲ ਜਾਰੀ ਰਿਹਾ।
ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਜਗਸੀਰ ਸਿੰਘ ਭੰਗੂ, ਨਾਇਬ ਸਿੰਘ ਲਹਿਰਾ, ਗੁਰਜੰਟ ਸਿੰਘ ਬਾਲਿਆਂਵਾਲੀ ਅਤੇ ਸੁਖਜੀਤ ਸਿੰਘ ਲਹਿਰਾ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਦੇ ਹਜ਼ਾਰਾਂ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ‘ਤੇ ਵੱਖ-ਵੱਖ ਅਹੁਦਿਆਂ ‘ਤੇ ਜਾਨ ਜੋਖ਼ਮ ਵਿੱਚ ਪਾ ਕੇ ਤਨਦੇਹੀ ਨਾਲ਼ ਸੇਵਾਵਾਂ ਦਿੰਦੇ ਆ ਰਹੇ ਹਨ। ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਲਗਾਤਾਰ ਟਾਲਾ ਵੱਟਦੀ ਆ ਰਹੀ ਹੈ।
ਆਗੂਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮਾਂ ਦੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ ਲੰਘੀ 24 ਮਈ ਨੂੰ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਆਗੂਆਂ ਨਾਲ਼ ਇੱਕ ਅਹਿਮ ਪੈਨਲ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਫੈਸਲਾ ਹੋਇਆ ਸੀ ਕਿ ਚੋਣ ਜਾਬਤਾ ਖ਼ਤਮ ਹੋਣ ਉਪਰੰਤ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇਗਾ। ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਮੀਟਿੰਗ ਵਿੱਚ ਤਹਿ ਹੋਈਆਂ ਸਹਿਮਤੀਆਂ ਦਾ ਲਿਖਤੀ ਪੱਤਰ ਵੀ ਜਾਰੀ ਕੀਤਾ ਗਿਆ ਸੀ। ਪਰ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਤਹਿ ਹੋਈਆਂ ਲਿਖਤੀ ਸਹਿਮਤੀਆਂ ਨੂੰ ਲਾਗੂ ਕਰਨ ਤੋਂ ਪਿੱਛੇ ਹਟ ਰਹੀ ਹੈ।
ਮੁਲਾਜ਼ਮ ਆਗੂਆਂ ਨੇ ਸਰਕਾਰ ਅਤੇ ਮੈਨੇਜਮੈਂਟ ਨੂੰ ਤਾੜਨਾ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਮੈਨੇਜਮੈਂਟ ਦੀ ਇਸ ਵਾਅਦਾਖ਼ਿਲਾਫ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਥਰਮਲ ਪਲਾਂਟ ਦੇ ਮੁੱਖ ਗੇਟ ‘ਤੇ ਪਰਿਵਾਰਾਂ ਸਮੇਤ ਇਹ ਪੱਕਾ ਧਰਨਾ ਲਗਾਤਾਰ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।















