ਪੰਜਾਬ ਬਜਟ ਕਿਸਾਨਾਂ ਲਈ ਨਿਰਾਸ਼ਾਜਨਕ, ਖੇਤੀ ਲਈ 15 ਹਜ਼ਾਰ ਕਰੋੜ ਨਾਕਾਫ਼ੀ: ਕ੍ਰਾਂਤੀਕਾਰੀ ਕਿਸਾਨ ਯੂਨੀਅਨ
ਸਾਰੀਆਂ ਫਸਲਾਂ ‘ਤੇ ਐਮਐੱਸਪੀ ਦਾ ਗਾਰੰਟੀ ਕਾਨੂੰਨ ਬਣਾਏ ਬਿਨਾਂ ਖੇਤੀ ਸੰਕਟ ਹੱਲ ਨਹੀਂ ਹੋ ਸਕਦਾ- ਅਵਤਾਰ ਸਿੰਘ ਮਹਿਮਾ
Punjab News, 8 March 2026-
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਉੱਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸਰਕਾਰ ਦੀ ਆਲੋਚਨਾ ਕੀਤੀ ਹੈ।
ਯੂਨੀਅਨ ਦੇ ਆਗੂ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਖੇਤੀ ਅਤੇ ਸਹਾਇਕ ਧੰਦਿਆਂ ਲਈ ਰੱਖੇ ਗਏ 15 ਹਜ਼ਾਰ ਕਰੋੜ ਰੁਪਏ ਬਹੁਤ ਘੱਟ ਰਕਮ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਰਕਮ ਵੀ ਸੱਚਮੁੱਚ ਲੋੜਵੰਦ ਕਿਸਾਨਾਂ ਤੱਕ ਪਹੁੰਚੇ ਤਾਂ ਹੀ ਇਸ ਦਾ ਕੋਈ ਲਾਭ ਹੋ ਸਕਦਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਕਪਾਹ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਕੋਈ ਲਾਭ ਨਹੀਂ ਮਿਲਿਆ। ਇਸ ਦੇ ਉਲਟ ਖੇਤੀ ਸੰਦਾਂ ‘ਤੇ ਮਿਲਣ ਵਾਲੀਆਂ ਸਬਸਿਡੀਆਂ ਵੀ ਅਕਸਰ ਵੱਡੀਆਂ ਫਰਮਾਂ ਅਤੇ ਸਰਕਾਰੀ ਅਧਿਕਾਰੀਆਂ ਵੱਲੋਂ ਹੀ ਹੜਪ ਲਿਆ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਹੇਠ ਰਕਬਾ ਹਰ ਸਾਲ ਵੱਧ ਰਿਹਾ ਹੈ ਜੋ ਭਵਿੱਖ ਲਈ ਚਿੰਤਾਜਨਕ ਹੈ।
ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਦਾ ਪਾਣੀ ਬਚਾਉਣ ਅਤੇ ਖੇਤੀ ਵਿੱਚ ਵਿਭਿੰਨਤਾ ਲਿਆਉਣ ਲਈ ਸਾਰੀਆਂ ਫਸਲਾਂ ‘ਤੇ ਐਮ.ਐਸ.ਪੀ. ਦਾ ਗਾਰੰਟੀ ਕਾਨੂੰਨ ਬਣਾਉਣਾ ਬਹੁਤ ਜ਼ਰੂਰੀ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਚੋਣਾਂ ਦੌਰਾਨ ਵਾਅਦੇ ਕਰਨ ਦੇ ਬਾਵਜੂਦ ਸਰਕਾਰ ਨੇ ਇਸ ਬਾਰੇ ਬਜਟ ਵਿੱਚ ਇੱਕ ਸ਼ਬਦ ਵੀ ਨਹੀਂ ਬੋਲਿਆ।
ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਕਰਜ਼ ਮਾਫ਼ੀ, ਖੇਤੀ ਲਈ ਮੁਫ਼ਤ ਟਿਊਬਵੈੱਲ ਕੁਨੈਕਸ਼ਨ ਅਤੇ ਸਬਸਿਡੀਆਂ ਤੋਂ ਬਿਨਾਂ ਕਿਸਾਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਨਹੀਂ ਬਚਾਇਆ ਜਾ ਸਕਦਾ।
ਅਵਤਾਰ ਸਿੰਘ ਮਹਿਮਾਂ ਨੇ ਕਿਹਾ ਕਿ ਸਰਕਾਰ ਨੇ ਅੱਜ ਔਰਤ ਦਿਵਸ ਦੇ ਮੌਕੇ ‘ਤੇ ਵੀ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ। ਪਹਿਲਾਂ ਸਾਰੀਆਂ ਔਰਤਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਚਾਰ ਸਾਲਾਂ ਦੌਰਾਨ ਇਹ ਰਕਮ ਨਹੀਂ ਦਿੱਤੀ ਗਈ।
ਹੁਣ ਆਖ਼ਰੀ ਸਾਲ ਵਿੱਚ ਟੈਕਸ ਭਰਨ ਵਾਲੀਆਂ, ਸਰਕਾਰੀ ਨੌਕਰੀ ਕਰ ਰਹੀਆਂ ਅਤੇ ਰਿਟਾਇਰਡ ਔਰਤਾਂ ਨੂੰ ਇਸ ਯੋਜਨਾ ਤੋਂ ਬਾਹਰ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਜਰਨਲ ਅਤੇ ਦਲਿਤ ਵਰਗਾਂ ਵਿਚਕਾਰ ਰਕਮ ਵਿੱਚ ਫਰਕ ਰੱਖ ਕੇ ਪੰਜਾਬ ਦੀਆਂ ਔਰਤਾਂ ਵਿੱਚ ਪਾੜਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਸਰਕਾਰ ਇਸ ਉਲਝਣ ਵਿੱਚੋਂ ਆਪਣਾ ਪੱਲਾ ਝਾੜ ਸਕੇ।
ਇਸ ਮੌਕੇ ਸੀਨੀਅਰ ਕਿਸਾਨ ਆਗੂ ਸੁਖਦੇਵ ਸਿੰਘ, ਅਮਰੀਕ ਸਿੰਘ, ਮਹਿਮਾ ਨੰਬਰਦਾਰ ਗੁਰਮੀਤ ਸਿੰਘ, ਰਣਜੋਧ ਸਿੰਘ, ਪ੍ਰੇਮ ਸਿੰਘ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।






