Punjab Elections: ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਪੰਜਾਬ ਅਤੇ ਪੰਜਾਬੀਅਤ ਦੀ ਰੱਖਿਆ ਕਰੇਗੀ ਭਾਜਪਾ: ਤਰੁਣ ਚੁੱਘ
ਸੂਬੇ ਵਿੱਚ ਸਾਰਿਆਂ ਨੂੰ ਮਿਲੇਗਾ ਬਰਾਬਰੀ ਦਾ ਅਧਿਕਾਰ, ਕਿਸੇ ਨੂੰ ਜ਼ੁਲਮ ਕਰਨ ਦੀ ਇਜਾਜ਼ਤ ਨਹੀਂ- ਨਸ਼ਿਆਂ ਵਿਰੁੱਧ ਗਲੀ-ਗਲੀ ਚੱਲੇਗੀ ਵੱਡੀ ਜਨਤਕ ਮੁਹਿੰਮ; ਮੁੱਖ ਮੰਤਰੀ ਮਾਨ ਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ
ਚੰਡੀਗੜ੍ਹ/ਅੰਮ੍ਰਿਤਸਰ, 19 ਜੂਨ 2026:
Punjab Elections: ਭਾਰਤੀ ਜਨਤਾ ਪਾਰਟੀ ਦੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਬਹੁਤ ਵੱਡਾ ਸਿਆਸੀ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨਾ ਪੂਰੀ ਤਰ੍ਹਾਂ ਤੈਅ ਹੈ।
ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਦਾ ਹਰ ਇੱਕ ਵਰਕਰ ਅਤੇ ਆਗੂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇੱਕ ਸੱਚੇ ਸਿਪਾਹੀ ਵਾਂਗ ਡਟ ਕੇ ਚੋਣ ਲੜੇਗਾ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਪ੍ਰਣ ਲਿਆ।

ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਇੱਕ ਅਜਿਹਾ ਸ਼ਾਸਨ ਸਥਾਪਤ ਕਰੇਗੀ ਜੋ ਪੰਜਾਬ, ਪੰਜਾਬੀਅਤ ਅਤੇ ਇੱਥੋਂ ਦੇ ਸਭਿਆਚਾਰ ਦੀ ਪੂਰੀ ਸੁਰੱਖਿਆ ਕਰੇਗਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਸੂਬੇ ਦੇ ਹਰ ਨਾਗਰਿਕ ਨੂੰ ਬਰਾਬਰੀ ਦਾ ਅਧਿਕਾਰ ਮਿਲੇਗਾ ਅਤੇ ਕਿਸੇ ਵੀ ਵਰਗ ‘ਤੇ ਕੋਈ ਜ਼ੁਲਮ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸੂਬੇ ਦੀ ਮੌਜੂਦਾ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਆਰਥਿਕ ਮੰਦੀ ਅਤੇ ਨਸ਼ਿਆਂ ਦੇ ਕੋਹੜ ਨਾਲ ਜੂਝ ਰਿਹਾ ਹੈ। ਇਸ ਦਲਦਲ ਵਿੱਚੋਂ ਸੂਬੇ ਨੂੰ ਬਾਹਰ ਕੱਢਣ ਲਈ ਭਾਜਪਾ ਹੁਣ ਪੰਜਾਬ ਦੀ ਹਰ ਗਲੀ ਅਤੇ ਪਿੰਡ-ਪਿੰਡ ਤੱਕ ਪਹੁੰਚ ਕਰੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਪਾਰਟੀ ਵੱਲੋਂ ਜਲਦ ਹੀ ਨਸ਼ਿਆਂ ਵਿਰੁੱਧ ਇੱਕ ਬਹੁਤ ਵੱਡੀ ਜਨਤਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਰਾਜ ਸਭਾ ਮੈਂਬਰ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਸੂਬੇ ਵਿੱਚ ‘ਆਪ’ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਲੋਕ ਹੁਂਣ ਇੱਕ ਵੱਡੇ ਅਤੇ ਸਕਾਰਾਤਮਕ ਸਿਆਸੀ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ।















