Punjab Employees Protest: ‘ਧਰਨਿਆਂ ਦੀ ਰਾਜਧਾਨੀ’ ਬਣਿਆ ਸੰਗਰੂਰ! ਮੰਗਾਂ ਮੰਨਣ ਤੋਂ ਭੱਜੀ ਭਗਵੰਤ ਮਾਨ ਸਰਕਾਰ
ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਕੋਠੀ ਵੱਲ ਰੋਸ ਮਾਰਚ- ਸੰਗਰੂਰ ਵਿੱਚ ਗਰਜੇ ਮੁਲਾਜ਼ਮ ਆਗੂ, ਕਿਹਾ- ਮੰਗਾਂ ਨਾ ਮੰਨੀਆਂ ਤਾਂ 8 ਲੱਖ ਮੁਲਾਜ਼ਮ ਤੇ ਪੈਨਸ਼ਨਰ ਕਰਨਗੇ ਸਰਕਾਰ ਦਾ ਤਿੱਖਾ ਵਿਰੋਧ
ਸੰਗਰੂਰ, 16 ਨਵੰਬਰ 2026: ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ’ਤੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸੰਗਰੂਰ ਵਿਖੇ ਸੂਬੇ ਭਰ ਤੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਵਿਸ਼ਾਲ ਰੋਸ ਮਾਰਚ ਕੱਢਿਆ। ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੱਕੇ ਮੋਰਚੇ ਵਾਲੇ ਸਥਾਨ ’ਤੇ ਇਕੱਠੇ ਹੋ ਕੇ ਸੂਬਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ।
ਇਸ ਵਿਸ਼ਾਲ ਧਰਨੇ ਨੂੰ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੇ ਸੰਬੋਧਨ ਕੀਤਾ, ਜਿਨ੍ਹਾਂ ਵਿੱਚ ਦਿਗਵਿਜੇਪਾਲ ਸ਼ਰਮਾ, ਕਰਮਜੀਤ ਸਿੰਘ ਬੀਹਲਾ, ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਅਵਿਨਾਸ਼ ਸ਼ਰਮਾ, ਵਿਕਰਮਦੇਵ ਸਿੰਘ, ਸਤਬੀਰ ਰੌਣੀ, ਜਰਨੈਲ ਸਿੰਘ ਪੱਟੀ, ਫੰਮਣ ਸਿੰਘ ਕਾਠਗੜ੍ਹ, ਬਿਮਲਾ ਰਾਣੀ, ਗੁਰਪ੍ਰੀਤ ਸਿੰਘ ਮੰਗਵਾਲ, ਚਮਕੌਰ ਸਿੰਘ, ਗੁਲਜ਼ਾਰ ਖਾਂ, ਸੁਖਦੇਵ ਸਿੰਘ ਕੰਬੋਜ, ਨਿਰਭੈ ਸਿੰਘ ਅਤੇ ਜਗਦੀਪ ਸਿੰਘ ਗੁੱਜਰਾਂ ਸ਼ਾਮਲ ਸਨ।
ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸੂਬਾ ਸਰਕਾਰ ਦੀ ਕਾਰਜਸ਼ੈਲੀ ’ਤੇ ਤਿੱਖੇ ਸਵਾਲ ਚੁੱਕੇ। ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਮੁੱਖ ਮੰਤਰੀ ਸਰਕਾਰ ਬਣਨ ਤੋਂ ਪਹਿਲਾਂ ਇਹ ਦਾਅਵੇ ਕਰਦੇ ਸਨ ਕਿ ਉਨ੍ਹਾਂ ਦੇ ਸ਼ਾਸਨ ਵਿੱਚ ਕਿਸੇ ਵੀ ਵਰਗ ਨੂੰ ਧਰਨਾ ਨਹੀਂ ਲਾਉਣਾ ਪਵੇਗਾ ਅਤੇ ਹਰ ਨਾਗਰਿਕ ਨੂੰ ਇਨਸਾਫ਼ ਮਿਲੇਗਾ। ਆਗੂਆਂ ਨੇ ਕਿਹਾ ਕਿ ਇਸ ਦੇ ਉਲਟ, ਸਰਕਾਰ ਨੇ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੂਰੇ ਪੰਜਾਬ ਨੂੰ ਧਰਨਿਆਂ ਦਾ ਸੂਬਾ ਬਣਾ ਕੇ ਰੱਖ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ। ਬੁਲਾਰਿਆਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਿਆਸੀ ਰਾਜਧਾਨੀ ਮੰਨਿਆ ਜਾਂਦਾ ਸੰਗਰੂਰ ਸ਼ਹਿਰ ਅੱਜ ਧਰਨਿਆਂ ਦੀ ਰਾਜਧਾਨੀ ਬਣ ਕੇ ਰਹਿ ਗਿਆ ਹੈ।
ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਕਈ ਜਾਇਜ਼ ਅਤੇ ਹੱਕੀ ਮੰਗਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ, ਜਿਨ੍ਹਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦਿਆਂ ਉਨ੍ਹਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਾ ਕੱਢਿਆ, ਤਾਂ ਪੰਜਾਬ ਦੇ ਕਰੀਬ 8 ਲੱਖ ਮੁਲਾਜ਼ਮ ਅਤੇ ਪੈਨਸ਼ਨਰ ਆਉਣ ਵਾਲੇ ਸਮੇਂ ਵਿੱਚ ਮੌਜੂਦਾ ਸਰਕਾਰ ਦੇ ਪਤਨ ਦਾ ਮੁੱਖ ਕਾਰਨ ਬਣਨਗੇ।
ਇਸ ਰੋਸ ਪ੍ਰਦਰਸ਼ਨ ਅਤੇ ਮਾਰਚ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਪੁੱਜੇ ਹੋਏ ਸਨ। ਇਸ ਮੌਕੇ ਫਕੀਰ ਸਿੰਘ ਟਿੱਬਾ, ਸੁਖਦੇਵ ਸਿੰਘ ਚੰਗਾਲੀਵਾਲਾ, ਵਿਕਾਸ ਸ਼ਰਮਾ, ਬਿਕਰਮਜੀਤ ਸਿੰਘ ਕੱਦੋ, ਦੁਨੀ ਚੰਦ, ਕੇਵਲ ਸਿੰਘ, ਗੁਰਮੇਲ ਸਿੰਘ ਮਲਕਾਣਾ, ਦੀਪਕ ਕੁਮਾਰ, ਟਹਿਲ ਸਿੰਘ ਫਾਜ਼ਿਲਕਾ, ਮਹਿੰਦਰ ਘੱਲੂ, ਪਿਰਤਪਾਲ ਸਿੰਘ ਪਨੇਸਰ, ਹਰਭਗਵਾਨ ਸਿੰਘ ਗੁਰਨੇ, ਜੋਤਿੰਦਰ ਜੋਤੀ, ਕੁਲਵਿੰਦਰ ਸਿੰਘ ਤਰਨ ਤਾਰਨ, ਬਲਵਿੰਦਰ ਸਿੰਘ, ਦੇਵਰਾਜ, ਤਰਲੋਚਨ ਸਿੰਘ, ਮਨਜੀਤ ਸਿੰਘ ਗਿੱਲ, ਮੇਲਾ ਸਿੰਘ ਪੁੰਨਾਵਾਲ, ਕਰਤਾਰ ਸਿੰਘ, ਹਰਭਜਨ ਸਿੰਘ ਖੰਗਰ, ਹਰਬੰਤ ਸਿੰਘ ਮਾਂਗਟ, ਸੁਰਿੰਦਰ ਧਰੰਗਲਾ, ਕਸਤੂਰੀ ਲਾਲ, ਸੁਰਿੰਦਰ ਕੁਮਾਰ, ਰਣਜੀਤ ਸਿੰਘ, ਬਿਕਰ ਸਿੰਘ ਸਿਬੀਆ, ਸੁਰਿੰਦਰ ਕੁਮਾਰ ਬਾਲੀਆਂ, ਅਵਿਨਾਸ਼ ਚੰਦ ਸ਼ਰਮਾ, ਦਰਸ਼ਨ ਸਿੰਘ ਚੀਮਾ, ਦੀਦਾਰ ਸਿੰਘ ਛੋਕਰਾ, ਮਨਜੀਤ ਸਿੰਘ ਗਿੱਲ ਅਤੇ ਸੁਖਦੇਵ ਚੰਦ ਕੰਬੋਜ ਸਮੇਤ ਵੱਡੀ ਗਿਣਤੀ ਵਿੱਚ ਸਾਥੀ ਹਾਜ਼ਰ ਸਨ।















