Join WhatsApp

Join Now

Punjab News: ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ-ਸਟੇਟ’ ‘ਤੇ ਭੜਕੀ 2392 ਅਧਿਆਪਕ ਯੂਨੀਅਨ, ਕਿਹਾ- ਮੁਆਫ਼ੀ ਮੰਗੇ ਮੰਤਰੀ

On: August 13, 2026 8:06 AM

 

Punjab News: ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ-ਸਟੇਟ’ ‘ਤੇ ਭੜਕੀ 2392 ਅਧਿਆਪਕ ਯੂਨੀਅਨ, ਕਿਹਾ ਮੁਆਫ਼ੀ ਮੰਗੇ ਮੰਤਰੀ

ਚੰਡੀਗੜ੍ਹ 13 ਅਗਸਤ 2026

2392 ਅਧਿਆਪਕ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ-ਸਟੇਟ’ ਕਹਿਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਯੂਨੀਅਨ ਨੇ ਕਿਹਾ ਕਿ ਆਪਣੇ ਹੱਕਾਂ, ਮੰਗਾਂ ਅਤੇ ਜਾਇਜ਼ ਮਸਲਿਆਂ ਲਈ ਸੰਘਰਸ਼ ਕਰਨਾ ਕਿਸੇ ਵੀ ਤਰ੍ਹਾਂ ‘ਐਂਟੀ-ਸਟੇਟ’ ਹੋਣਾ ਨਹੀਂ ਹੈ, ਸਗੋਂ ਇਹ ਲੋਕਤੰਤਰਿਕ ਹੱਕਾਂ ਦੀ ਵਰਤੋਂ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਯੁੱਧਜੀਤ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਸੰਜੀਵ ਗਰਗ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਸਰਕਾਰ ਦੀਆਂ ਨੀਤੀਆਂ ਅਤੇ ਮੁਲਾਜ਼ਮਾਂ ਨਾਲ ਸਬੰਧਤ ਫ਼ੈਸਲਿਆਂ ’ਤੇ ਸਵਾਲ ਚੁੱਕਣ ਅਤੇ ਆਪਣੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਸੰਵਿਧਾਨਕ ਤੇ ਜਮਹੂਰੀ ਹੱਕ ਰੱਖਦੀਆਂ ਹਨ। ਅਜਿਹੇ ਸੰਘਰਸ਼ਾਂ ਨੂੰ ‘ਐਂਟੀ-ਸਟੇਟ’ ਵਰਗੇ ਸ਼ਬਦਾਂ ਨਾਲ ਜੋੜਨਾ ਮੁਲਾਜ਼ਮਾਂ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਸਕਦਾ ਹੈ।

ਆਗੂਆਂ ਨੇ ਕਿਹਾ ਕਿ ਅਧਿਆਪਕ ਅਤੇ ਹੋਰ ਸਰਕਾਰੀ ਮੁਲਾਜ਼ਮ ਸੂਬੇ ਦੀ ਸਿੱਖਿਆ, ਪ੍ਰਸ਼ਾਸਨ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੀਆਂ ਜਾਇਜ਼ ਮੰਗਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕੱਢਣ ਦੀ ਬਜਾਏ ਉਨ੍ਹਾਂ ਨੂੰ ਗਲਤ ਵਿਸ਼ੇਸ਼ਣ ਦੇਣਾ ਸਮੱਸਿਆ ਦਾ ਹੱਲ ਨਹੀਂ ਹੈ।

2392 ਅਧਿਆਪਕ ਯੂਨੀਅਨ ਪੰਜਾਬ ਨੇ ਵਿੱਤ ਮੰਤਰੀ ਤੋਂ ਮੰਗ ਕੀਤੀ ਕਿ ਉਹ ਮੁਲਾਜ਼ਮ ਜਥੇਬੰਦੀਆਂ ਪ੍ਰਤੀ ਅਜਿਹੀ ਸ਼ਬਦਾਵਲੀ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਮੁਲਾਜ਼ਮਾਂ ਨਾਲ ਟਕਰਾਅ ਦੀ ਬਜਾਏ ਗੱਲਬਾਤ ਅਤੇ ਸਾਰਥਕ ਸੰਵਾਦ ਰਾਹੀਂ ਮਸਲਿਆਂ ਦਾ ਹੱਲ ਕੱਢਣ।

ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਰਹਿਣਗੇ ਅਤੇ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨਾ ਉਨ੍ਹਾਂ ਦਾ ਹੱਕ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਠੋਸ ਕਦਮ ਚੁੱਕੇ।

Leave a Comment