Punjab News: ਮੌਨਸੂਨ ਨੂੰ ਲੈ ਕੇ ਅਲਰਟ- ਹੜ੍ਹ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ!

On: ਜੁਲਾਈ 6, 2026 9:08 ਪੂਃ ਦੁਃ

 

Punjab News: ਮੌਨਸੂਨ ਨੂੰ ਲੈ ਕੇ ਅਲਰਟ- ਹੜ੍ਹ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ!

ਬਠਿੰਡਾ, 6 ਜੁਲਾਈ 2026

ਮੌਨਸੂਨ ਦੇ ਚੱਲਦਿਆਂ ਭਾਰੀ ਮੀਂਹ ਅਤੇ ਹੜ੍ਹਾਂ ਵਰਗੇ ਸੰਭਾਵੀ ਹਾਲਾਤਾਂ ਨਾਲ ਨਜਿੱਠਣ ਲਈ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਨੇ ਆਪਣੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਤੱਕ ਤੁਰੰਤ ਰਾਹਤ ਅਤੇ ਬਚਾਅ ਸੇਵਾਵਾਂ ਪਹੁੰਚਾਉਣ ਲਈ ਜ਼ਿਲ੍ਹਾ ਪੱਧਰ ਸਮੇਤ ਬਠਿੰਡਾ, ਰਾਮਪੁਰਾ ਫੂਲ, ਮੌੜ ਅਤੇ ਤਲਵੰਡੀ ਸਾਬੋ ਸਬ-ਡਿਵੀਜ਼ਨਾਂ ਵਿੱਚ ਵਿਸ਼ੇਸ਼ ‘ਹੜ੍ਹ ਕੰਟਰੋਲ ਰੂਮ’ ਸਥਾਪਿਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਾਰੇ ਸਬੰਧਤ ਵਿਭਾਗਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ ਤਾਂ ਜੋ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਸਕੇ। ਜ਼ਿਲ੍ਹਾ ਮਾਲ ਅਫ਼ਸਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਹਰੇਕ ਸਬ-ਡਿਵੀਜ਼ਨ ਵਿੱਚ ਸਥਾਨਕ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਨੋਡਲ ਅਫ਼ਸਰਾਂ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਆਪਣੇ ਖੇਤਰਾਂ ਵਿੱਚ ਹਾਲਾਤਾਂ ‘ਤੇ ਲਗਾਤਾਰ ਨਜ਼ਰ ਰੱਖਣਗੇ।

ਪ੍ਰਸ਼ਾਸਨ ਨੇ ਜਨਤਕ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਟੈਲੀਫ਼ੋਨ ਨੰਬਰ 0164-2862100 ਅਤੇ 0164-2862101 ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਲੋਕ ਆਪਣੀਆਂ ਸ਼ਿਕਾਇਤਾਂ ਜਾਂ ਜਾਣਕਾਰੀ drat.dc.bti@gmail.com ‘ਤੇ ਈ-ਮੇਲ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਹਰ ਹਾਲ ਵਿੱਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਰਸਾਤੀ ਮੌਸਮ ਦੌਰਾਨ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।

ਕਿਸੇ ਵੀ ਸੰਕਟਕਾਲੀਨ ਸਥਿਤੀ ਵਿੱਚ ਤੁਰੰਤ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ, ਤਾਂ ਜੋ ਪ੍ਰਭਾਵਿਤ ਲੋਕਾਂ ਤੱਕ ਬਿਨਾਂ ਕਿਸੇ ਦੇਰੀ ਦੇ ਮਦਦ ਪਹੁੰਚਾਈ ਜਾ ਸਕੇ। ਪ੍ਰਸ਼ਾਸਨ ਵੱਲੋਂ ਸਥਿਤੀ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਰਾਹਤ ਟੀਮਾਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ ਗਿਆ ਹੈ।

Join WhatsApp

Join Now

Leave a Comment