ਸਮੂਹ ਅਧਿਆਪਕ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਦੇਣਗੇ ਰੋਸ ਧਰਨਾ, DEOs ਨੂੰ ਸੌਂਪਿਆ ਮੰਗ ਪੱਤਰ
ਮਾਨਸਾ, 20 ਅਗਸਤ 2026- ਮਾਨਸਾ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਅੱਜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਰਾਹੀਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਅਤੇ ਸਕੂਲ ਬੰਦ ਕਰ ਜ਼ਿਲ੍ਹਾ ਪੱਧਰੀ ਐਕਸ਼ਨ ਵਿੱਚ ਸ਼ਾਮਲ ਹੋਣ ਦੇ ਸੂਬਾ ਪੱਧਰੀ ਫੈਸਲੇ ਨੂੰ ਲਾਗੂ ਕਰਵਾਉਣ ਸਬੰਧੀ ਪੱਤਰ ਦਿੱਤਾ। ਇਸ ਸਬੰਧੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀਆਂ ਸਾਂਝੀਆਂ ਤਾਲਮੇਲ ਕਮੇਟੀਆਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 27 ਅਗਸਤ 2026 ਨੂੰ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਆਗੂਆਂ ਨੇ ਮਾਨਸਾ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਬਾਲ ਭਵਨ ਮਾਨਸਾ ਵਿਖੇ ਰੋਸ ਧਰਨੇ ਵਿੱਚ ਪਹੁੰਚਣ। ਜੀਟੀਯੂ ਦੇ ਗੁਰਦਾਸ ਸਿੰਘ ਰਾਏਪੁਰ, ਡੀ ਟੀ ਐਫ਼ ਦੇ ਅਮੋਲਕ ਡੇਲੂਆਣਾ, ਡੀ ਟੀ ਐਫ਼ ਦੇ ਕਰਮਜੀਤ ਤਾਮਕੋਟ, ਬੀ ਐੱਡ ਫ਼ਰੰਟ ਦੇ ਦਰਸ਼ਨ ਅਲੀਸ਼ੇਰ, ਸੀ ਪੀ ਐਫ਼ ਕਰਮਚਾਰੀ ਯੂਨੀਅਨ ਦੇ ਧਰਮਿੰਦਰ ਹੀਰੇਵਾਲਾ, ਹੈਡਮਾਸਟਰ ਐਸੋਸੀਏਸ਼ਨ ਦੇ ਹਰਪ੍ਰੀਤ ਸਿੰਘ ਜੱਸਲ, ਪ੍ਰਿੰਸੀਪਲ ਐਸੋਸੀਏਸ਼ਨ ਦੇ ਕਸ਼ਮੀਰ ਸਿੰਘ ਅਤੇ 4161 ਯੂਨੀਅਨ ਦੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਲਗਾਤਾਰ ਟਾਲ-ਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ।
ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ। ਅਧਿਆਪਕ ਆਗੂਆਂ ਹੰਸਾ ਸਿੰਘ, ਰਾਜਵਿੰਦਰ ਸਿੰਘ ਬੈਹਣੀਵਾਲ, ਲਖਵਿੰਦਰ ਮਾਨ ਅਤੇ ਜਸਵਿੰਦਰ ਸਿੰਘ ਹੈਡਮਾਸਟਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਬਕਾਇਆ 18% ਡੀ.ਏ. ਜਾਰੀ ਕਰਨ, ਪੰਜਾਬ ਦਾ ਪੁਰਾਣਾ ਤਨਖਾਹ ਸਕੇਲ ਬਹਾਲ ਕਰਨ, 37 ਭੱਤੇ ਬਹਾਲ ਕਰਨ, ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਏ.ਸੀ.ਪੀ. ਸਕੀਮ ਲਾਗੂ ਕਰਨ ਸਮੇਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੋਰ ਹੱਕੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਗਈ।
ਸਤੀਸ਼ ਕੁਮਾਰ,ਨਵੀਨ ਬੋਹਾ,ਮਨਮੋਹਨ ਸਿੰਘ,ਜਸਵੀਰ ਭੰਮੇ ਅਤੇ ਉਮੇਸ਼ ਕੁਮਾਰ ਹੈਡਮਾਸਟਰ ਨੇ ਕਿਹਾ ਕਿ 27 ਅਗਸਤ ਦਾ ਸੰਘਰਸ਼ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਪ੍ਰਤੀ ਗੰਭੀਰ ਹੋਣ ਦਾ ਸਪੱਸ਼ਟ ਸੰਦੇਸ਼ ਹੋਵੇਗਾ। ਉਨ੍ਹਾਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ।
ਇਸੇ ਸੰਘਰਸ਼ ਦੀ ਲੜੀ ਤਹਿਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ-ਪੱਤਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਪ੍ਰਵਾਨ ਕਰਕੇ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਹੱਕ ਮੰਗਣ ਨਾਲ ਨਹੀਂ, ਇਕਜੁੱਟ ਹੋ ਕੇ ਸੰਘਰਸ਼ ਕਰਨ ਨਾਲ ਹਾਸਲ ਹੁੰਦੇ ਹਨ। ਜੇਕਰ ਸਰਕਾਰ ਨੇ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ।
ਇਸ ਮੌਕੇ ਮਨਦੀਪ ਸਿੰਘ ਹੈਡਮਾਸਟਰ, ਜਗਜੀਤ ਸਿੰਘ ਹੈਡਮਾਸਟਰ, ਪ੍ਰਸੋਤਮ ਸਿੰਘ, ਕੁਲਦੀਪ ਅੱਕਾਵਾਲੀ, ਸੁਖਜਿੰਦਰ ਸਿੰਘ, ਸੰਦੀਪ ਕੁਮਾਰ ਢੰਡ, ਦਮਨਜੀਤ ਸਿੰਘ, ਜਗਦੇਵ ਸਿੰਘ, ਇਕਬਾਲ ਸਿੰਘ, ਜਸਵਿੰਦਰ ਕੁਮਾਰ, ਸਹਿਦੇਵ ਸਿੰਘ, ਗੁਰਦੀਪ ਸਿੰਘ, ਗੁਰਦੀਪ ਬਰਨਾਲਾ ਸਮੇਤ ਹੋਰ ਆਗੂ ਹਾਜ਼ਰ ਸਨ।
















