Punjab News: ਮੀਟਿੰਗ ਵਿੱਚ ਬਣੀ ਸਹਿਮਤੀ ਤੋਂ ਪਿੱਛੇ ਹਟ ਰਹੀ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ- ਮੁਲਾਜ਼ਮਾਂ ਦੀ ਮੰਗ! ‘ਆਪ’ ਸਰਕਾਰ ਵਾਅਦੇ ਮੁਤਾਬਕ 15 ਜੂਨ ਤੱਕ ਵਿਭਾਗ ਵਿੱਚ ਮਰਜ਼ ਕਰਕੇ ਜਾਰੀ ਕਰੇ ਨਿਯੁਕਤੀ ਪੱਤਰ
ਲਹਿਰਾ ਮੁਹੱਬਤ/ਬਠਿੰਡਾ, 10 ਜੂਨ 2026-
Punjab News : ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ‘ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਰਿਵਾਰਾਂ ਸਮੇਤ ਪਲਾਂਟ ਦੇ ਮੁੱਖ ਗੇਟ ਅੱਗੇ ਵਿਸ਼ਾਲ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਵੱਲੋਂ ਇਹ ਕਦਮ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਪੈਨਲ ਮੀਟਿੰਗ ਵਿੱਚ ਬਣੀਆਂ ਸਹਿਮਤੀਆਂ ਤੋਂ ਕਥਿਤ ਤੌਰ ‘ਤੇ ਪਿੱਛੇ ਹਟਣ ਦੇ ਵਿਰੋਧ ਵਿੱਚ ਚੁੱਕਿਆ ਗਿਆ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫ਼ਤਰਾਂ, ਸਟੋਰਾਂ ਅਤੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ‘ਤੇ ਵੱਖ-ਵੱਖ ਪੋਸਟਾਂ ‘ਤੇ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਲਗਾਤਾਰ ਟਾਲਾ ਵੱਟ ਰਹੀ ਹੈ।
ਆਗੂਆਂ ਨੇ ਖ਼ੁਲਾਸਾ ਕੀਤਾ ਕਿ 28 ਮਈ 2026 ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦੇ ਉਲੇਖੇ ਸੰਘਰਸ਼ੀ ਦਬਾਅ ਸਦਕਾ ਬਿਜਲੀ ਮੰਤਰੀ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਇੱਕ ਅਹਿਮ ਪੈਨਲ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਸਹਿਮਤੀ ਬਣੀ ਸੀ ਕਿ ਚੋਣ ਜਾਬਤਾ ਖ਼ਤਮ ਹੁੰਦੇ ਹੀ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ 15 ਜੂਨ ਤੱਕ ਵਿਭਾਗ ਵਿੱਚ ਮਰਜ਼ ਕਰਕੇ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਪਰ ਹੁਣ ਮੈਨੇਜਮੈਂਟ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

9 ਜੂਨ ਤੋਂ ਮੋਰਚਾ ਸ਼ੁਰੂ, ਮੰਗਾਂ ਮੰਨਣ ਤੱਕ ਜਾਰੀ ਰਹੇਗਾ ਸੰਘਰਸ਼
ਮੈਨੇਜਮੈਂਟ ਦੀ ਇਸ ਵਾਅਦਾਖ਼ਿਲਾਫ਼ੀ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋਂ 09 ਜੂਨ ਤੋਂ ਪਲਾਂਟ ਦੇ ਮੁੱਖ ਗੇਟ ਅੱਗੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜਿੰਨਾ ਚਿਰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ ਅਤੇ ਬਣੀਆਂ ਸਹਿਮਤੀਆਂ ਲਾਗੂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਇਹ ਧਰਨਾ ਪ੍ਰਦਰਸ਼ਨ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ।
















