Punjab News: ਠੇਕਾ ਮੁਲਾਜ਼ਮਾਂ ਦਾ ਪਰਿਵਾਰਾਂ ਸਮੇਤ ਧਰਨਾ ਦੂਜੇ ਦਿਨ ਵੀ ਜਾਰੀ; ਵਿਭਾਗ ‘ਚ ਮਰਜ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ
ਪਾਵਰਕਾਮ ਮੈਨੇਜਮੈਂਟ ‘ਤੇ ਵਾਅਦਾਖਿਲਾਫ਼ੀ ਦੇ ਦੋਸ਼, ਠੇਕਾ ਮੁਲਾਜ਼ਮਾਂ ਦੇ ਹੱਕ ਵਿੱਚ ਨਿੱਤਰੀ BKU ਉਗਰਾਹਾਂ, ਧਰਨੇ ‘ਚ ਪਹੁੰਚੇ ਵੱਡੀ ਗਿਣਤੀ ਕਿਸਾਨ
ਬਠਿੰਡਾ, 10 ਜੂਨ 2026: ‘ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ)’ ਦੇ ਸੱਦੇ ‘ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ (ਸ਼ਾਮਿਲ) ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਸ਼ੁਰੂ ਕੀਤਾ ਗਿਆ ਲਹਿਰਾ ਮੁਹੱਬਤ ਵਿਖੇ ਧਰਨਾ ਅੱਜ ਦੂਜੇ ਦਿਨ ਵੀ ਲਗਾਤਾਰ ਜਾਰੀ ਰਿਹਾ।
ਧਰਨੇ ਨੂੰ ਸੰਬੋਧਨ ਕਰਦਿਆਂ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।
ਆਗੂਆਂ ਨੇ ਖੁਲਾਸਾ ਕੀਤਾ ਕਿ ਵਿਭਾਗ ਵਿੱਚ ਪੱਕਾ ਕਰਨ ਅਤੇ ਤਨਖ਼ਾਹ ਵਾਧੇ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ 28 ਮਈ 2026 ਨੂੰ ਮੁੱਖ ਦਫਤਰ ਪਟਿਆਲਾ ਅੱਗੇ ਲਗਾਤਾਰ ਧਰਨਾ ਦੇਣ ਦਾ ਸੱਦਾ ਦਿੱਤਾ ਗਿਆ ਸੀ। ਇਸ ਸੰਘਰਸ਼ ਦੇ ਦਬਾਅ ਸਦਕਾ ਬਿਜਲੀ ਮੰਤਰੀ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਆਗੂਆਂ ਨਾਲ਼ ਇੱਕ ਪੈਨਲ ਮੀਟਿੰਗ ਕੀਤੀ ਗਈ ਸੀ।
ਇਸ ਮੀਟਿੰਗ ਵਿੱਚ ਚੋਣ ਜਾਬਤਾ ਖ਼ਤਮ ਹੋਣ ਉਪਰੰਤ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ 15 ਜੂਨ ਤੱਕ ਨਿਯੁਕਤੀ ਪੱਤਰ ਦੇਣ ਦੀ ਸਹਿਮਤੀ ਬਣੀ ਸੀ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੰਨੀਆਂ ਹੋਈਆਂ ਸਹਿਮਤੀਆਂ ਤੋਂ ਪਿੱਛੇ ਹਟ ਰਹੀ ਹੈ, ਜਿਸ ਦੇ ਵਿਰੋਧ ਵਜੋਂ ਮੁਲਾਜ਼ਮਾਂ ਨੂੰ ਮਜ਼ਬੂਰਨ ਸੜਕਾਂ ‘ਤੇ ਉਤਰਨਾ ਪਿਆ ਹੈ।
ਅੱਜ ਦੇ ਇਸ ਧਰਨੇ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ (BKU) ਉਗਰਾਹਾਂ ਦੇ ਬਲਾਕ ਪ੍ਰਧਾਨ ਸਿਮਰਜੀਤ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕਾਰਕੁੰਨ ਵੀ ਸ਼ਾਮਿਲ ਹੋਏ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਪੂਰਨ ਸਮਰਥਨ ਕੀਤਾ। ਅਧਿਆਪਕ ਅਤੇ ਮੁਲਾਜ਼ਮ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਧਰਨਾ ਦਿਨ-ਰਾਤ ਲਗਾਤਾਰ ਜਾਰੀ ਰਹੇਗਾ।

















