Join WhatsApp

Join Now

Punjab News: ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ ਨਹੀਂ ਮਿਲੀ ਤਨਖਾਹ, ਟੀਚਰ ਯੂਨੀਅਨ ਨੇ ਸਿੱਖਿਆ ਵਿਭਾਗ ’ਤੇ ਚੁੱਕੇ ਸਵਾਲ

On: ਅਗਸਤ 21, 2026 9:34 ਪੂਃ ਦੁਃ

 

ਸਰਕਾਰੀ ਸਕੂਲ ਦੇ ਅਧਿਆਪਕਾਂ ਨੂੰ ਨਹੀਂ ਮਿਲੀ ਤਨਖਾਹ, ਅਧਿਆਪਕ ਜਥੇਬੰਦੀ ਨੇ ਸਿੱਖਿਆ ਵਿਭਾਗ ’ਤੇ ਚੁੱਕੇ ਸਵਾਲ

ਮੋਹਾਲੀ, 21 ਅਗਸਤ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਦੇ ਅਧਿਆਪਕਾਂ ਨੂੰ ਪਿਛਲੇ ਮਹੀਨੇ ਦੀ ਤਨਖਾਹ ਹੁਣ ਤੱਕ ਨਾ ਮਿਲਣ ਕਾਰਨ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਮੁਹਾਲੀ ਦੇ ਪ੍ਰਧਾਨ ਰਵਿੰਦਰ ਪੱਪੀ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ।

ਯੂਨੀਅਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੁਧਾਰਾਂ ਅਤੇ ਪੰਜਾਬ ਦੇ ਸਕੂਲ ਸਿੱਖਿਆ ਗੁਣਵੱਤਾ ਸੂਚਕਾਂਕ (SEQI) ਵਿੱਚ ਬਿਹਤਰ ਪ੍ਰਦਰਸ਼ਨ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਸਕੂਲਾਂ ਵਿੱਚ ਕੰਮ ਕਰ ਰਹੇ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਨਾ ਮਿਲਣਾ ਜ਼ਮੀਨੀ ਹਕੀਕਤ ਨੂੰ ਦਰਸਾਉਂਦਾ ਹੈ।

ਆਗੂਆਂ ਅਨੁਸਾਰ ਨਾਡਾ ਸਕੂਲ ਦੇ ਪ੍ਰਿੰਸੀਪਲ ਵੱਲੋਂ ਹਾਲ ਹੀ ਵਿੱਚ ਸਵੈ-ਇੱਛਤ ਸੇਵਾ-ਨਵਿਰਤੀ ਲੈ ਲਈ ਗਈ ਸੀ। ਇਸ ਤੋਂ ਬਾਅਦ ਸਕੂਲ ਦੀਆਂ ਡੀ.ਡੀ.ਓ. ਪਾਵਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਿਊੜ ਦੇ ਪ੍ਰਿੰਸੀਪਲ ਨੂੰ ਸੌਂਪੀਆਂ ਗਈਆਂ ਸਨ। ਇਸ ਪ੍ਰਬੰਧਕੀ ਤਬਦੀਲੀ ਤੋਂ ਬਾਅਦ ਤਨਖਾਹ ਜਾਰੀ ਕਰਨ ਵਿੱਚ ਦੇਰੀ ਹੋ ਰਹੀ ਹੈ।

ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ 29 ਜੁਲਾਈ 2026 ਨੂੰ ਇਸ ਮਾਮਲੇ ਸਬੰਧੀ ਡਿਪਟੀ ਡੀ.ਈ.ਓ. ਨੂੰ ਜਾਣੂ ਕਰਵਾਇਆ ਗਿਆ ਸੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਸ ਸਮੇਂ ਡਿਪਟੀ ਡੀ.ਈ.ਓ. ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਅਧਿਆਪਕਾਂ ਦੀ ਤਨਖਾਹ ਸਮੇਂ ਸਿਰ ਜਾਰੀ ਕਰਵਾਈ ਜਾਵੇਗੀ ਅਤੇ ਜੇਕਰ ਡੀ.ਡੀ.ਓ. ਵੱਲੋਂ ਤਨਖਾਹ ਜਾਰੀ ਨਾ ਕੀਤੀ ਗਈ ਤਾਂ ਸਬੰਧਤ ਅਧਿਕਾਰੀ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਇਸ ਭਰੋਸੇ ਦੇ ਬਾਵਜੂਦ ਅਧਿਆਪਕਾਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ।

ਯੂਨੀਅਨ ਦੇ ਪ੍ਰੈਸ ਸਕੱਤਰ ਬਲਜੀਤ ਸਿੰਘ ਚੁੰਬਰ ਅਤੇ ਰਜੇਸ਼ ਜੋਸ਼ੀ ਨੇ ਕਿਹਾ ਕਿ ਅਧਿਆਪਕ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਅ ਰਹੇ ਹਨ, ਪਰ ਤਨਖਾਹ ਵਿੱਚ ਦੇਰੀ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਤਨਖਾਹ ਹਰ ਕਰਮਚਾਰੀ ਦਾ ਬੁਨਿਆਦੀ ਹੱਕ ਹੈ ਅਤੇ ਇਸ ਵਿੱਚ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ।

ਯੂਨੀਅਨ ਆਗੂਆਂ ਨੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਨਾਡਾ ਸਕੂਲ ਦੇ ਅਧਿਆਪਕਾਂ ਦੀ ਰੁਕੀ ਹੋਈ ਤਨਖਾਹ ਜਾਰੀ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਤਨਖਾਹ ਵਿੱਚ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੀ ਮੰਗ ਵੀ ਕੀਤੀ।

 

Leave a Comment