Join WhatsApp

Join Now

Punjab News- ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਜੇਲ੍ਹ ‘ਚੋਂ ਹੋਏ ਰਿਹਾਅ!

On: November 6, 2026 8:34 AM

 

Punjab News- ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਜੇਲ੍ਹ ‘ਚੋਂ ਹੋਏ ਰਿਹਾਅ!

ਅਦਾਲਤੀ ਹੁਕਮਾਂ ਤੋਂ ਬਾਅਦ ਲੱਖਾ ਸਿਧਾਣਾ ਦੀ ਰਿਹਾਈ- ਜੇਲ੍ਹ ਬਾਹਰ ਗੂੰਜੇ ਨਾਅਰੇ: “ਧੱਕੇਸ਼ਾਹੀ ਤੇ ਝੂਠੇ ਪਰਚਿਆਂ ਅੱਗੇ ਨਹੀਂ ਝੁਕਾਂਗੇ”

ਨਾਭਾ 6 ਨਵੰਬਰ 2026: ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸਮਾਜਿਕ ਅਤੇ ਸਿਆਸੀ ਆਗੂ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੇਰ ਸ਼ਾਮ ਆਜ਼ਾਦ ਹੋ ਕੇ ਬਾਹਰ ਆ ਗਏ ਹਨ। ਮਾਨਯੋਗ ਅਦਾਲਤ ਵੱਲੋਂ ਰਿਹਾਈ ਦੇ ਹੁਕਮ ਜਾਰੀ ਕੀਤੇ ਜਾਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਨੂੰ ਰਿਹਾਅ ਕਰਨ ਦੀ ਕਾਰਵਾਈ ਪੂਰੀ ਕੀਤੀ। ਰਿਹਾਈ ਦੇ ਹੁਕਮਾਂ ਦੀ ਖ਼ਬਰ ਫੈਲਦਿਆਂ ਹੀ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਬਾਹਰ ਦੋਵਾਂ ਆਗੂਆਂ ਦੇ ਸਮਰਥਕਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਦਾ ਵੱਡਾ ਇਕੱਠ ਹੋਣਾ ਸ਼ੁਰੂ ਹੋ ਗਿਆ ਸੀ।

ਜੇਲ੍ਹ ਦੇ ਬਾਹਰ ਦੋਵਾਂ ਆਗੂਆਂ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਪਹੁੰਚੇ ਸਮਰਥਕਾਂ ਵੱਲੋਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜਿਵੇਂ ਹੀ ਦੋਵੇਂ ਆਗੂ ਜੇਲ੍ਹ ਦੇ ਮੁੱਖ ਗੇਟ ਤੋਂ ਬਾਹਰ ਆਏ ਤਾਂ ਉੱਥੇ ਮੌਜੂਦ ਸਮਰਥਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਢੰਗ ਨਾਲ ਸਵਾਗਤ ਕੀਤਾ। ਰਿਹਾਅ ਹੋਣ ਤੋਂ ਬਾਅਦ ਜੇਲ੍ਹ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਦੀ ਕਰੜੀ ਆਲੋਚਨਾ ਕੀਤੀ।

ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਜਿੰਨੀ ਮਰਜ਼ੀ ਧੱਕੇਸ਼ਾਹੀ ਕਰ ਲਵੇ ਜਾਂ ਝੂਠੇ ਪੁਲਿਸ ਮਾਮਲੇ ਦਰਜ ਕਰਵਾ ਲਵੇ, ਪਰ ਉਹ ਅਜਿਹੀਆਂ ਕਾਰਵਾਈਆਂ ਅੱਗੇ ਕਦੇ ਨਹੀਂ ਝੁਕਣਗੇ ਅਤੇ ਨਾ ਹੀ ਪੰਜਾਬ ਦੇ ਹੱਕਾਂ ਲਈ ਆਵਾਜ਼ ਚੁੱਕਣ ਤੋਂ ਪਿੱਛੇ ਹਟਣਗੇ। ਗੱਲਬਾਤ ਦੌਰਾਨ ਲੱਖਾ ਸਿਧਾਣਾ ਨੇ ਇਕ ਅਹਿਮ ਬਿਆਨ ਦਿੰਦਿਆਂ ਕਿਹਾ ਕਿ ਪੀੜਤ ਪਰਿਵਾਰ, ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਕਾਰ ਜੋ ਵੀ ਸਮਝੌਤਾ ਸਿਰੇ ਚੜ੍ਹਿਆ ਹੈ, ਉਸ ਦੀ ਪੂਰੀ ਜਾਣਕਾਰੀ ਅਤੇ ਸੱਚਾਈ ਤੱਥਾਂ ਦੇ ਆਧਾਰ ‘ਤੇ ਜਲਦੀ ਹੀ ਆਮ ਲੋਕਾਂ ਦੇ ਸਾਹਮਣੇ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਲੋਕਾਂ ਦਾ ਸਾਥ ਸਭ ਤੋਂ ਵੱਡੀ ਤਾਕਤ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਹਰੇਕ ਸੱਚਾਈ ਤੋਂ ਜਾਣੂ ਕਰਵਾਉਣਾ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ। ਜ਼ਿਕਰਯੋਗ ਹੈ ਕਿ ਮਾਨਸਾ ਪੁਲਿਸ ਵੱਲੋਂ ਦਰਜ ਕੀਤੇ ਗਏ ਇੱਕ ਮਾਮਲੇ ਦੇ ਸਬੰਧ ਵਿੱਚ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਪਿਛਲੇ ਕੁਝ ਸਮੇਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸਨ। ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਸੰਭਵ ਹੋ ਸਕੀ।

 

Leave a Comment