Join WhatsApp

Join Now

Punjab News – ਕਿਸਾਨਾਂ ਦਾ ਵੱਡਾ ਐਲਾਨ; 5 ਅਕਤੂਬਰ ਨੂੰ ਘੇਰਨਗੇ ਸੂਬੇ ਭਰ ਦੇ DC ਦਫ਼ਤਰ

On: ਸਤੰਬਰ 22, 2026 7:17 ਬਾਃ ਦੁਃ
Farmers Protest Punjab

 

Punjab News – ਕਿਸਾਨਾਂ ਦਾ ਵੱਡਾ ਐਲਾਨ; 5 ਅਕਤੂਬਰ ਨੂੰ ਘੇਰਨਗੇ ਸੂਬੇ ਭਰ ਦੇ DC ਦਫ਼ਤਰ

ਭਵਾਨੀਗੜ੍ਹ 22 ਸਤੰਬਰ 2026

ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਅਹਿਮ ਮੀਟਿੰਗ ਬਲਾਕ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਦੀ ਅਗਵਾਈ ਹੇਠ ਪਿੰਡ ਫੱਗੂਵਾਲਾ ਦੇ ਗੁਰੂ ਘਰ ਵਿਖੇ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਸਾਨੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਪਿਛਲੇ ਸਮੇਂ ਵਿੱਚ ਡਿਪਟੀ ਕਮਿਸ਼ਨਰ (DC) ਦਫ਼ਤਰਾਂ ਅੱਗੇ ਲਗਾਏ ਗਏ ਮੋਰਚੇ ਦਾ ਲੇਖਾ-ਜੋਖਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਵੱਲੋਂ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਘਿਰਾਓ ਦੇ ਪਹਿਲੇ ਹੀ ਦਿਨ ਔਰਤਾਂ ਅਤੇ ਭੈਣਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।

ਇਸ ਸਬੰਧੀ ਵੱਖ-ਵੱਖ ਬਲਾਕਾਂ ਦੇ ਆਗੂਆਂ ਅਤੇ ਪਿੰਡ ਕਮੇਟੀਆਂ ਨੂੰ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਲਾਮਬੰਦ ਕਰਨ ਲਈ ਕਿਹਾ ਗਿਆ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਿੰਡਾਂ ਵਿੱਚ ਕਿਸਾਨਾਂ ਅਤੇ ਔਰਤਾਂ ਨਾਲ ਲਗਾਤਾਰ ਸੰਪਰਕ ਕੀਤਾ ਜਾਵੇਗਾ।

ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਕਈ ਮੰਗਾਂ ਉਠਾਈਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਸਮੇਤ ਹੋਰ ਦੇਸ਼ਾਂ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤਿਆਂ ਨੂੰ ਰੱਦ ਕੀਤਾ ਜਾਵੇ।

ਇਸ ਤੋਂ ਇਲਾਵਾ ਬਿਜਲੀ ਬਿੱਲ 2025 ਅਤੇ ਬੀਜ ਬਿੱਲ 2025 ਰੱਦ ਕਰਨ, ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਖਤਮ ਕਰਨ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਦੀ ਮੰਗ ਕੀਤੀ ਗਈ।

ਉਨ੍ਹਾਂ ਅੰਦੋਲਨਾਂ ਦੌਰਾਨ ਕਿਸਾਨ ਆਗੂਆਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਕੀਤੇ ਮਾਮਲੇ ਰੱਦ ਕਰਨ ਦੀ ਵੀ ਮੰਗ ਕੀਤੀ। ਇਸ ਦੇ ਨਾਲ ਹੀ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਿੱਚ ਦਰਜ ਕੇਸ ਵੀ ਰੱਦ ਕਰਨ ਦੀ ਮੰਗ ਰੱਖੀ ਗਈ।

ਇਸ ਮੌਕੇ ਮੀਟਿੰਗ ਵਿੱਚ ਹਰਜਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਕਸ਼ਮੀਰ ਸਿੰਘ ਆਲੋਅਰਖ ਅਤੇ ਸਤਵਿੰਦਰ ਸਿੰਘ ਘਰਾਚੋਂ ਸਮੇਤ ਹੋਰ ਆਗੂ ਅਤੇ ਕਿਸਾਨ ਹਾਜ਼ਰ ਸਨ।

 

Leave a Comment