Punjab News: ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਬਿਆਨ; 271 ਸਪੈਲਿਸਟ ਡਾਕਟਰਾਂ ਦੀ ਜਲਦ ਹੋਵੇਗੀ ਭਰਤੀ

171

 

  • ਸਰਕਾਰੀ ਹਸਪਤਾਲਾਂ ‘ਚ ਅਗਲੇ ਦੋ ਮਹੀਨਆਂ ਦੌਰਾਨ ਹੋਣਗੇ ਸਾਰੇ ਟੈਸਟ ਅਤੇ ਦਵਾਈਆਂ ਉਪਲਬਧ: ਡਾ. ਬਲਬੀਰ ਸਿੰਘ
  • ਐਮਰਜੈਂਸੀ ਸੇਵਾਵਾਂ ਅਤੇ ਲੇਬਰ ਰੂਮ ਨੂੰ ਪਹਿਲ ਦੇ ਆਧਾਰ ‘ਤੇ ਅਪਗ੍ਰੇਡ ਕੀਤਾ ਜਾ ਰਿਹਾ

ਰੂਪਨਗਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ 2 ਮਹੀਨਿਆਂ ਵਿਚ ਸਰਕਾਰੀ ਹਸਪਤਾਲਾਂ ਵਿਚ ਸਾਰੇ ਟੈਸਟ ਅਤੇ ਦਵਾਈਆਂ ਉਪਲਬਧ ਕਰਵਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ।

ਡਾ. ਬਲਬੀਰ ਸਿੰਘ ਨੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੜਕ ਦੁਰਘਟਨਾਵਾਂ ਵਿਚ ਹੋਏ ਜ਼ਖ਼ਮੀ ਵਿਅਕਤੀਆਂ ਅਤੇ ਗਰਭਵਤੀ ਔਰਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਮੁੱਖ ਰੱਖਦਿਆਂ ਐਮਰਜੈਂਸੀ ਸੇਵਾਵਾਂ ਅਤੇ ਲੇਬਰ ਰੂਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿੱਚ ਜਲਦ ਹਰ ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਉਪਲਬਧ ਹੋਣਗੀਆਂ ਜਿਸ ਲਈ ਜਨ ਔਸ਼ਧੀ ਕੇਂਦਰ ਅਤੇ ਹੋਰ ਗੈਰ-ਸਰਕਾਰੀ ਸੰਸਥਾਵਾਂ ਦੇ ਮੈਡੀਕਲ ਸਟੋਰ ਦੀ ਕੋਈ ਲੋੜ ਨਹੀਂ ਰਹੇਗੀ।

ਸਪੈਸ਼ਲਿਸਟਾਂ ਦੀ ਕਮੀ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਤੋਂ ਹੀ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਸਿਹਤ ਵਿਭਾਗ ਵਲੋਂ 271 ਸਪੈਲਿਸਟ ਡਾਕਟਰ ਭਰਤੀ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਰਾ-ਮੈਡੀਕਲ ਸਟਾਫ ਦੀ ਭਰਤੀ ਵੀ ਜਾ ਰਹੀ ਹੈ ਅਤੇ ਸਿਹਤ ਵਿਭਾਗ ਦੀਆਂ ਬਾਕੀ ਖਾਲੀ ਪਈਆਂ ਆਸਾਮੀਆਂ ਨੂੰ ਵੀ ਜਲਦ ਤੋਂ ਜਲਦ ਭਰਿਆ ਜਾਵੇਗਾ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮੁਫਤ ਦਵਾਈਆਂ ਯਕੀਨੀ ਤੌਰ ਉਤੇ ਦੇਣ ਲਈ ਬਜਟ ਵਿਚ ਕੋਈ ਕਮੀ ਨਹੀਂ ਛੱਡੀ ਗਈ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਮਿਲਣਾ ਉਨ੍ਹਾਂ ਦਾ ਕਾਨੂੰਨੀ ਅਧਿਕਾਰ ਹੈ ਜਿਸ ਲਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਆਮ ਲੋਕਾਂ ਨੂੰ ਹਰ ਪੱਧਰ ਉਤੇ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਕੇਵਲ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣਾ ਜਾਂ ਇਲਾਜ ਸੇਵਾਵਾਂ ਮੁਹਈਆ ਕਰਵਆਉਣ ਤੱਕ ਸੀਮਤ ਨਹੀਂ ਹੈ ਸਗੋਂ ਲੋਕਾਂ ਨੂੰ ਸਿਹਤਮੰਦ ਜੀਵਨ ਪ੍ਰਦਾਨ ਕਰਨਾ ਵੀ ਹੈ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆਂ ਕਰਵਾ ਰਹੇ ਹਨ ਹੁਣ ਤੱਕ ਲੱਗਭਗ 10 ਲੱਖ ਤੋਂ ਵੱਧ ਮਰੀਜ਼ਾਂ ਨੂੰ ਸੇਵਾਵਾਂ ਦੇ ਚੁੱਕੇ ਹਨ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਡਿਸਪੈਂਸਰੀਆਂ, ਪੀ.ਐਚ.ਸੀ., ਸਬ-ਡਵੀਜ਼ਨ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਨਵੇਂ ਸਟਾਫ ਦੀ ਭਰਤੀ ਕੀਤੀ ਗਈ ਹੈ ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹਾ ਹਸਪਤਾਲ ਲਈ ਗਾਇਨਾਕੋਲੋਜਿਸਟ ਦੀਆਂ ਖਾਲੀ ਪਈਆਂ ਆਸਾਮੀਆਂ ਸਮੇਤ ਬੱਚਿਆਂ ਦੇ ਮਾਹਿਰ ਅਤੇ ਹੋਰ ਸਪੈਸ਼ਲਿਸਟਾਂ ਬਾਰੇ ਦੱਸਿਆ ਗਿਆ।

ਉਨ੍ਹਾਂ ਜ਼ਿਲ੍ਹਾ ਵਿਚ ਨਸ਼ਾ ਛਡਾਉ ਕੇਂਦਰ ਲਈ ਜਲਦ ਨਵੀਂ ਇਮਾਰਤ ਮੁਹਈਆ ਕਰਵਾਉਣ ਅਤੇ ਜ਼ਿਲ੍ਹਾ ਹਸਪਤਾਲ ਦੀ ਇਮਾਰਤ ਦੀ ਅਪਗ੍ਰੇਡੇਸ਼ਨ ਦੀ ਲੋੜ ਬਾਰੇ ਵੀ ਦੱਸਿਆ ਗਿ  ਇਸ ਮੌਕੇ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਅਤੇ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵਲੋਂ ਆਪਣੇ ਹਲਕਿਆਂ ਦੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਬਾਰੇ ਵੇਰਵਿਆਂ ਸਹਿਤ ਦੱਸਿਆ ਗਿਆ ਅਤੇ ਮੈਡੀਕਲ ਅਫਸਰਾਂ ਦੀ ਤਾਇਨਾਤੀ ਤੇ ਹੋਰ ਜ਼ਰੂਰੀ ਮਸ਼ੀਨਰੀਆਂ ਆਦਿ ਦੀ ਲੋੜ ਬਾਰੇ ਦੱਸਿਆ ਗਿਆ। ਪੰਜਾਬ ਪੁਲਿਸ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਇਸ ਮੌਕੇ ਐਸ.ਡੀ.ਐਮ. ਅਨੰਦਪੁਰ ਸਾਹਿਬ ਮਨੀਸ਼ਾ ਰਾਣਾ (ਆਈ.ਏ.ਐਸ), ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ ਰੂਪਨਗਰ ਹਰਬੰਸ ਸਿੰਘ, ਐਸ.ਡੀ.ਐਮ. ਚਮਕੌਰ ਸਾਹਿਬ ਅਮਰੀਕ ਸਿੰਘ, ਐਸ.ਡੀ.ਐਮ ਮੋਰਿੰਡਾ ਦੀਪਾਂਕਰ ਗਰਗ, ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ,  ਸਿਵਲ ਸਰਜਨ ਡਾ. ਪਰਿੰਮਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਅੰਜੂ ਭਾਟੀਆ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਡੋਲੀ ਸਿੰਗਲਾ ਅਤੇ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।