Punjab News: ਮੁੜ ਬਹਾਲ ਕੱਚੇ ਅਧਿਆਪਕਾਂ ਵੱਲੋਂ 8 ਮਾਰਚ ਨੂੰ ਮੁੱਖ ਮੰਤਰੀ ਦੀ ‘ਸਤੌਜ’ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

 

Punjab News: ਮੁੜ ਬਹਾਲ ਕੱਚੇ ਅਧਿਆਪਕਾਂ ਵੱਲੋਂ 8 ਮਾਰਚ ਨੂੰ ਮੁੱਖ ਮੰਤਰੀ ਦੀ ‘ਸਤੌਜ’ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ

“ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣ ਰਹੇ ਨੇ ਸਿੱਖਿਆ ਮੰਤਰੀ”- ਵਿਕਾਸ ਸਾਹਨੀ

ਮਾਨਸਾ, 6 ਮਾਰਚ 2026

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਨੇ ਸੂਬਾ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਭਰੋਸੇ ਦੇ ਬਾਵਜੂਦ, ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ। ਇਸ ਦੇ ਰੋਸ ਵਜੋਂ 8 ਮਾਰਚ ਨੂੰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਸੂਬਾ ਪ੍ਰਧਾਨ ਅਨੁਸਾਰ, 15 ਜੂਨ ਨੂੰ ਫਿਲੌਰ ਵਿਖੇ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ 15 ਦਿਨਾਂ ਦੇ ਅੰਦਰ ਬਹਾਲੀ ਦਾ ਪ੍ਰੋਸੈਸ ਪੂਰਾ ਕਰਨ ਦੇ ਹੁਕਮ ਦਿੱਤੇ ਸਨ। ਪਰ 8 ਮਹੀਨੇ ਬੀਤ ਜਾਣ ‘ਤੇ ਵੀ ਸਿੱਖਿਆ ਮੰਤਰੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਯੂਨੀਅਨ ਦੀ ਮੰਗ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਸਮੂਹ ਵਲੰਟੀਅਰਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਸ਼ਰਤ ਦੇ ਤੁਰੰਤ ਬਹਾਲ ਕੀਤਾ ਜਾਵੇ।

ਮਾਨਸਾ ਵਿਖੇ ਹੋਈ ਮੀਟਿੰਗ ਵਿੱਚ ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ, ਕਰਮਜੀਤ ਕੌਰ, ਜਰਨੈਲ ਸਿੰਘ ਕਾਹਣਗੜ੍ਹ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ, ਵਜ਼ੀਰ ਸਿੰਘ, ਵੀਰਪਾਲ ਕੌਰ ਅਤੇ ਹੋਰ ਆਗੂਆਂ ਨੇ ਸਮੂਹ ਸਾਥੀਆਂ ਨੂੰ 8 ਮਾਰਚ ਨੂੰ ਵੱਡੀ ਗਿਣਤੀ ਵਿੱਚ ਸਤੌਜ ਪਹੁੰਚਣ ਦੀ ਅਪੀਲ ਕੀਤੀ ਹੈ।

ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ, “ਆਪਣੇ ਆਪ ਨੂੰ ਆਮ ਲੋਕਾਂ ਦੀ ਸਰਕਾਰ ਕਹਿਣ ਵਾਲੀ ਮਾਨ ਸਰਕਾਰ ਦੇ ਰਾਜ ਵਿੱਚ ਸਿੱਖਿਆ ਮੰਤਰੀ ਦੀਆਂ ਮਨਮਾਨੀਆਂ ਕਾਰਨ ਅਧਿਆਪਕ ਸੜਕਾਂ ‘ਤੇ ਰੁਲਣ ਲਈ ਮਜਬੂਰ ਹਨ।”