Punjab News: ਸੀਨੀਅਰ ਅਕਾਲੀ ਲੀਡਰ ਅੰਮ੍ਰਿਤਪਾਲ ਦੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ, 14 ਅਗਸਤ 2026- ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਸਮੇਤ ਕਈ ਪੰਥਕ ਆਗੂਆਂ ਨੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਮੂਲੀਅਤ ਕਰ ਲਈ ਹੈ। ਜਲੰਧਰ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਪੰਥ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਗੱਠਜੋੜ ਦੀ ਥਾਂ ਇਕ ਪਾਰਟੀ ਵਜੋਂ ਮਿਲ ਕੇ ਕੰਮ ਕਰਨ ਦਾ ਫ਼ੈਸਲਾ ਕੀਤਾ।
ਇਸ ਮੌਕੇ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ 21 ਜੁਲਾਈ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਕਬੂਲ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਅਕਾਲੀ ਦਲ ਵਿੱਚੋਂ ਕੱਢ ਦਿੱਤਾ ਗਿਆ, ਜਦਕਿ ਕਈ ਸੀਨੀਅਰ ਆਗੂਆਂ ਨੇ ਇਸ ਕਾਰਵਾਈ ਦੇ ਵਿਰੋਧ ਵਿੱਚ ਅਸਤੀਫ਼ੇ ਦੇ ਦਿੱਤੇ।
ਝੂੰਦਾਂ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਵੱਡੀ ਲੋੜ ਹੈ ਕਿ ਸਾਰੀਆਂ ਪੰਥਕ ਧਿਰਾਂ ਨਿੱਜੀ ਅਤੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਪੰਥ ਦੇ ਵਡੇਰੇ ਮਸਲਿਆਂ ਲਈ ਇਕ ਮੰਚ ’ਤੇ ਇਕੱਠੀਆਂ ਹੋਣ। ਉਨ੍ਹਾਂ ਕਿਹਾ ਕਿ ਇਕਜੁੱਟਤਾ ਨਾਲ ਹੀ ਪੰਥਕ ਹਿੱਤਾਂ ਦੀ ਮਜ਼ਬੂਤ ਢੰਗ ਨਾਲ ਨੁਮਾਇੰਦਗੀ ਕੀਤੀ ਜਾ ਸਕਦੀ ਹੈ।
ਬਾਪੂ ਤਰਸੇਮ ਸਿੰਘ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਪੰਥ ਤੇ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ ਜਾਵੇਗਾ। ਮੀਟਿੰਗ ਦੌਰਾਨ ਮਾਸਟਰ ਜੌਹਰ ਸਿੰਘ, ਸਤਵਿੰਦਰ ਸਿੰਘ ਟੌਹੜਾ, ਅਮਰੀਕ ਸਿੰਘ ਸ਼ਾਹਪੁਰ, ਗੁਰਵਿੰਦਰ ਸਿੰਘ ਸ਼ਾਮਪੁਰ, ਕਸ਼ਮੀਰ ਸਿੰਘ ਬਰਿਆਰ ਅਤੇ ਬਲਦੇਵ ਸਿੰਘ ਮਾਣੂਕੇ ਸਮੇਤ ਕਈ ਆਗੂ ਮੌਜੂਦ ਰਹੇ।
















