Punjab News: ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਸਖ਼ਤ ਹੁਕਮ ਜਾਰੀ! ਪੜ੍ਹੋ ਪੂਰੀ ਖ਼ਬਰ
ਸਕੂਲਾਂ ਦੀਆਂ ਕੰਟੀਨਾਂ ਅਤੇ ਟੱਕ ਸ਼ਾਪਾਂ ਵਿੱਚ ਸਕੂਲੀ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ਦੀ ਮਨਾਹੀ ਹੋਵੇਗੀ
ਮੋਗਾ 20 ਸਤੰਬਰ 2026– ਸਕੂਲੀ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਨਰਜੀ ਡਰਿੰਕਸ ਦੀ ਵਿਕਰੀ ਨੂੰ ਲੈ ਕੇ ਸਖ਼ਤ ਕਦਮ ਚੁੱਕਿਆ ਹੈ। ਜ਼ਿਲ੍ਹਾ ਮੈਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹੇ ਭਰ ਵਿੱਚ ਸਕੂਲੀ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਹਨ।
ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੀਆਂ ਕੰਟੀਨਾਂ ਅਤੇ ਟੱਕ ਸ਼ਾਪਾਂ ਵਿੱਚ ਸਕੂਲੀ ਬੱਚਿਆਂ ਨੂੰ ਐਨਰਜੀ ਡਰਿੰਕਸ ਵੇਚਣ ਦੀ ਮਨਾਹੀ ਹੋਵੇਗੀ। ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿੱਚ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਸਥਿਤ ਦੁਕਾਨਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਆਉਂਦੀਆਂ ਦੁਕਾਨਾਂ ’ਤੇ ਵੀ ਇਹ ਪਾਬੰਦੀ ਲਾਗੂ ਹੋਵੇਗੀ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਤਹਿਤ ਰੈੱਡਬੁੱਲ, ਸਟਿੰਗ ਸਮੇਤ ਹੋਰ ਐਨਰਜੀ ਡਰਿੰਕਸ ਦੀ ਸਕੂਲੀ ਬੱਚਿਆਂ ਨੂੰ ਵਿਕਰੀ ਰੋਕਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਜਿਹੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਬੱਚਿਆਂ ਦੀ ਸਿਹਤ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਬੱਚਿਆਂ ਨੂੰ ਇਨ੍ਹਾਂ ਪਦਾਰਥਾਂ ਤੋਂ ਦੂਰ ਰੱਖਣ ਲਈ ਇਹ ਫ਼ੈਸਲਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸਕੂਲਾਂ ਦੀਆਂ ਕੰਟੀਨਾਂ, ਟੱਕ ਸ਼ਾਪਾਂ ਅਤੇ ਸਕੂਲਾਂ ਦੇ ਨਿਰਧਾਰਤ ਘੇਰੇ ਅੰਦਰ ਆਉਂਦੀਆਂ ਦੁਕਾਨਾਂ ਨੂੰ ਇਨ੍ਹਾਂ ਹੁਕਮਾਂ ਦੀ ਇਨ-ਬਿਨ ਪਾਲਣਾ ਕਰਨੀ ਹੋਵੇਗੀ। ਅਧਿਕਾਰੀਆਂ ਨੂੰ ਵੀ ਆਪਣੇ-ਆਪਣੇ ਖੇਤਰਾਂ ਵਿੱਚ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੀ ਨਿਗਰਾਨੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
















