ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਨੂੰ ਘਟਾਉਣ ਅਤੇ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਤਿਆਰ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਆਪਣੀ ਕਿਸਮ ਦੀ ਪਹਿਲੀ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ‘ਚ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਹਾਦਸਿਆਂ ਤੋਂ ਬਚਣ ਲਈ ਇਸ ਫੋਰਸ ਨੂੰ ਤੇਜ਼ ਅਤੇ ਗਲਤ ਢੰਗ ਨਾਲ ਡਰਾਈਵਿੰਗ ‘ਤੇ ਲਗਾਮ ਕਸਣ, ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਅਤੇ ਇਸ ਨਾਲ ਥਾਣਿਆਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਬੋਝ ਵੀ ਘਟੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਸਹੂਲਤ ਲਈ ਇਸ ਵਿਸ਼ੇਸ਼ ਫੋਰਸ ਵਿੱਚ ਨਵੀਂ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ‘ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 144 ਵਾਹਨਾਂ ਨੂੰ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਸੜਕਾਂ ‘ਤੇ ਤਾਇਨਾਤ ਕੀਤਾ ਜਾਵੇਗਾ।
ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਇਨ੍ਹਾਂ ਵਾਹਨਾਂ ਵਿੱਚ ਮੈਡੀਕਲ ਕਿੱਟ ਦੀ ਸਹੂਲਤ ਵੀ ਹੋਵੇਗੀ।