Join WhatsApp

Join Now

Punjab News: DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

On: ਅਗਸਤ 18, 2026 7:55 ਬਾਃ ਦੁਃ

 

Punjab News: DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫ਼ਰੀਦਕੋਟ, 18 ਅਗਸਤ 2026

ਫ਼ਰੀਦਕੋਟ ਦੇ ਮਿੰਨੀ ਸਕੱਤਰੇਤ ਸਥਿਤ ਡਿਪਟੀ ਕਮਿਸ਼ਨਰ (DC) ਦਫ਼ਤਰ ਨੂੰ ਮੰਗਲਵਾਰ ਦੁਪਹਿਰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵਿੱਚ ਹੜਕੰਪ ਮਚ ਗਿਆ। ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਅਤੇ ਮਿੰਨੀ ਸਕੱਤਰੇਤ ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ।

ਜਾਣਕਾਰੀ ਮੁਤਾਬਕ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਗਈ ਧਮਕੀ ਭਰੀ ਈ-ਮੇਲ ਕਥਿਤ ਤੌਰ ’ਤੇ ‘ਖਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਮ ਨਾਲ ਭੇਜੀ ਗਈ ਦੱਸੀ ਜਾ ਰਹੀ ਹੈ। ਈ-ਮੇਲ ਮਿਲਦੇ ਹੀ ਅਧਿਕਾਰੀਆਂ ਵੱਲੋਂ ਇਸ ਦੀ ਸੂਚਨਾ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਇਸ ਤੋਂ ਬਾਅਦ ਪੁਲਸ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਸੁਰੱਖਿਆ ਕਾਰਵਾਈ ਸ਼ੁਰੂ ਕਰ ਦਿੱਤੀ।

ਸੁਰੱਖਿਆ ਦੇ ਮੱਦੇਨਜ਼ਰ ਮਿੰਨੀ ਸਕੱਤਰੇਤ ਵਿੱਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਆਪਣੇ ਕੰਮਕਾਜ ਲਈ ਆਏ ਆਮ ਲੋਕਾਂ ਨੂੰ ਵੀ ਇਮਾਰਤ ਤੋਂ ਬਾਹਰ ਕੱਢ ਦਿੱਤਾ ਗਿਆ। ਇਸ ਉਪਰੰਤ ਪੁਲਸ ਵੱਲੋਂ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਸ਼ੱਕੀ ਵਸਤੂ ਜਾਂ ਕਿਸੇ ਹੋਰ ਖ਼ਤਰੇ ਦੀ ਸੰਭਾਵਨਾ ਨੂੰ ਦੇਖਦਿਆਂ ਸੁਰੱਖਿਆ ਬਲਾਂ ਨੇ ਇਮਾਰਤ ਦੇ ਆਸ-ਪਾਸ ਵੀ ਜਾਂਚ ਕੀਤੀ।

ਅਧਿਕਾਰੀਆਂ ਵੱਲੋਂ ਧਮਕੀ ਭਰੀ ਈ-ਮੇਲ ਦੇ ਸਰੋਤ ਅਤੇ ਇਸ ਨੂੰ ਭੇਜਣ ਵਾਲੇ ਵਿਅਕਤੀ ਜਾਂ ਗਰੁੱਪ ਦੀ ਪਛਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਾਈਬਰ ਟੀਮ ਵੱਲੋਂ ਈ-ਮੇਲ ਦੇ ਤਕਨੀਕੀ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਧਮਕੀ ਅਸਲ ਸੀ ਜਾਂ ਕਿਸੇ ਵੱਲੋਂ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼, ਇਸ ਬਾਰੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।

Leave a Comment